ਚੰਡੀਗੜ੍ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸਾਈਬਰ ਵਿੱਤੀ ਅਪਰਾਧਾਂ ਨਾਲ ਨਜਿੱਠਣ ਸਬੰਧੀ ਸੂਬੇ ਦੀ ਸਮਰੱਥਾ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ, ਪੰਜਾਬ ਪੁਲਿਸ ਵੱਲੋਂ 5 ਲੱਖ ਰੁਪਏ ਤੋਂ ਵੱਧ ਦੇ ਧੋਖਾਧੜੀ ਵਾਲੇ ਲੈਣ-ਦੇਣ ਨਾਲ ਸਬੰਧਤ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਲਈ ਈ-ਜ਼ੀਰੋ ਐਫਆਈਆਰ ਸਿਸਟਮ ਸ਼ੁਰੂ ਕੀਤਾ ਗਿਆ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸਟੈਂਡਿੰਗ ਆਰਡਰ ਜਾਰੀ ਕਰਨ ਤੋਂ ਬਾਅਦ, ਮੰਗਲਵਾਰ ਨੂੰ ਇਹ ਸਿਸਟਮ ਰਸਮੀ ਤੌਰ 'ਤੇ ਕਾਰਜਸ਼ੀਲ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਈ-ਜ਼ੀਰੋ ਐਫਆਈਆਰ ਸਿਸਟਮ ਜ਼ਰੀਏ ਨੈਸ਼ਨਲ ਸਾਈਬਰ ਕ੍ਰਾਈਮ ਰਿਪੋਰਟਿੰਗ ਪੋਰਟਲ (ਐਨਸੀਆਰਪੀ) ਜਾਂ ਨੈਸ਼ਨਲ ਸਾਈਬਰ ਕ੍ਰਾਈਮ ਹੈਲਪਲਾਈਨ 1930 ਰਾਹੀਂ ਦਰਜ ਕੀਤੀਆਂ ਗਈਆਂ ਯੋਗ ਸਾਈਬਰ ਵਿੱਤੀ ਧੋਖਾਧੜੀ ਸ਼ਿਕਾਇਤਾਂ ਨੂੰ ਆਪਣੇ ਆਪ ਈ-ਜ਼ੀਰੋ ਐਫਆਈਆਰ ਵਿੱਚ ਬਦਲਿਆ ਜਾਵੇਗਾ ਅਤੇ ਤੁਰੰਤ ਜਾਂਚ ਲਈ ਕ੍ਰਾਈਮ ਅਤੇ ਕ੍ਰਿਮੀਨਲ ਟਰੈਕਿੰਗ ਨੈੱਟਵਰਕ ਅਤੇ ਸਿਸਟਮ (ਸੀਸੀਟੀਐਨਐਸ) ਜ਼ਰੀਏ ਸਬੰਧਤ ਜ਼ਿਲ੍ਹਿਆਂ ਜਾਂ ਪੁਲਿਸ ਕਮਿਸ਼ਨਰੇਟਾਂ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਨੂੰ ਇਲੈਕਟ੍ਰਾਨਿਕ ਰੂਪ ਵਿੱਚ ਭੇਜਿਆ ਜਾਵੇਗਾ। " ਇਸ ਸਿਸਟਮ ਤਹਿਤ, ਪੀੜਤਾਂ ਨੂੰ ਉਨ੍ਹਾਂ ਦੀ ਈ-ਜ਼ੀਰੋ ਐਫਆਈਆਰ ਦਰਜ ਕਰਨ, ਸਬੰਧਤ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ, ਜਾਂਚ ਅਧਿਕਾਰੀ ਦੇ ਵੇਰਵਿਆਂ ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀਐਨਐਸਐਸ), 2023 ਤਹਿਤ ਕਾਨੂੰਨੀ ਪ੍ਰਕਿਰਿਆ ਬਾਰੇ ਤੁਰੰਤ ਸੂਚਿਤ ਕੀਤਾ ਜਾਵੇਗਾ। ਸਪੈਸ਼ਲ ਡੀਜੀਪੀ ਨੇ ਨਾਗਰਿਕਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਸਾਈਬਰ ਵਿੱਤੀ ਧੋਖਾਧੜੀ ਦੀ ਰਿਪੋਰਟ ਨੈਸ਼ਨਲ ਸਾਈਬਰ ਕ੍ਰਾਈਮ ਹੈਲਪਲਾਈਨ 1930 ਜਾਂ ਐਨਸੀਆਰਪੀ ਪੋਰਟਲ ‘ਤੇ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਤੁਰੰਤ ਰਿਪੋਰਟਿੰਗ ਧੋਖਾਧੜੀ ਵਾਲੇ ਲੈਣ-ਦੇਣ ਨੂੰ ਫ੍ਰੀਜ਼ ਕਰਨ ਅਤੇ ਧੋਖਾਧੜੀ ਵਾਲੀ ਰਕਮ ਦੀ ਰਿਕਵਰੀ ਦੀ ਸੰਭਾਵਨਾ ਨੂੰ ਵਧਾ ਦਿੰਦੀ ਹੈ। ਦੱਸਣਯੋਗ ਹੈ ਕਿ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ, ਪੰਜਾਬ ਵੱਲੋਂ ਸਾਈਬਰ ਵਿੱਤੀ ਧੋਖਾਧੜੀ ਨਾਲ ਸਬੰਧਤ ਕੇਸਾਂ ਦੀ ਸਮੇਂ ਸਿਰ ਰਜਿਸਟ੍ਰੇਸ਼ਨ, ਟ੍ਰਾਂਸਫਰ, ਜਾਂਚ ਅਤੇ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਈ-ਜ਼ੀਰੋ ਐਫਆਈਆਰ ਸਿਸਟਮ ਦੇ ਲਾਗੂਕਰਨ ਦੀ ਨਿਗਰਾਨੀ ਕੀਤੀ ਜਾਵੇਗੀ।