ਮੋਹਾਲੀ : ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸੈਕਟਰ-66, ਮੋਹਾਲੀ ਦਾ ਦੌਰਾ ਕਰਕੇ ਇਲਾਕੇ ਵਿੱਚ ਲੱਗੇ ਗੰਦਗੀ ਦੇ ਢੇਰਾਂ, ਫੈਲੀ ਬਦਬੂ ਅਤੇ ਬਦਤਰ ਸਫ਼ਾਈ ਪ੍ਰਬੰਧ 'ਤੇ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਅੱਜ ਮੋਹਾਲੀ ਦੇ ਕਈ ਇਲਾਕਿਆਂ ਵਿੱਚ ਗੰਦਗੀ ਕਾਰਨ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ ਅਤੇ ਹਰ ਪਾਸੇ ਫੈਲੀ ਬਦਬੂ ਕਾਰਨ ਲੋਕ ਨਰਕ ਵਰਗੇ ਹਾਲਾਤਾਂ ਵਿੱਚ ਜਿਊਣ ਲਈ ਮਜਬੂਰ ਹਨ। ਸਿੱਧੂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਅਤੇ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਸਾਫ਼-ਸੁਥਰੇ ਅਤੇ ਵਿਕਸਤ ਮੋਹਾਲੀ ਦੇ ਵੱਡੇ-ਵੱਡੇ ਦਾਅਵੇ ਕੀਤੇ ਸਨ, ਪਰ ਅੱਜ ਉਹੀ ਮੋਹਾਲੀ ਗੰਦਗੀ ਦੇ ਢੇਰਾਂ ਅਤੇ ਬਦਬੂ ਦੀ ਪਹਿਚਾਣ ਬਣਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੰਦਗੀ ਦੇ ਢੇਰਾਂ ਕਾਰਨ ਇਲਾਕੇ ਵਿੱਚ ਬਦਬੂ ਫੈਲ ਰਹੀ ਹੈ, ਮੱਖੀਆਂ-ਮੱਛਰਾਂ ਦੀ ਭਰਮਾਰ ਹੈ ਅਤੇ ਬਿਮਾਰੀਆਂ ਫੈਲਣ ਦਾ ਖ਼ਤਰਾ ਲਗਾਤਾਰ ਵੱਧ ਰਿਹਾ ਹੈ, ਪਰ ਸਰਕਾਰ ਅਤੇ ਨਗਰ ਨਿਗਮ ਦੇ ਜ਼ਿੰਮੇਵਾਰ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਹੋਏ ਹਨ। ਇਹ ਹਾਲਾਤ ਆਮ ਆਦਮੀ ਪਾਰਟੀ ਦੇ "ਬਦਲਾਅ" ਦੀ ਅਸਲੀ ਤਸਵੀਰ ਪੇਸ਼ ਕਰਦੇ ਹਨ। ਸਿੱਧੂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਤੁਰੰਤ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾ ਕੇ ਗੰਦਗੀ ਦੇ ਢੇਰ ਨਾ ਚੁੱਕੇ ਗਏ ਅਤੇ ਸਫ਼ਾਈ ਪ੍ਰਬੰਧ ਵਿੱਚ ਸੁਧਾਰ ਨਾ ਕੀਤਾ ਗਿਆ, ਤਾਂ ਕਾਂਗਰਸ ਪਾਰਟੀ ਲੋਕਾਂ ਨੂੰ ਨਾਲ ਲੈ ਕੇ ਇਸ ਜਨਤਕ ਮੁੱਦੇ ਨੂੰ ਹੋਰ ਜ਼ੋਰਦਾਰ ਢੰਗ ਨਾਲ ਚੁੱਕੇਗੀ।