ਅੰਮ੍ਰਿਤਸਰ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅੰਮ੍ਰਿਤਸਰ ਸ੍ਰੀ ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਠੋਸ ਕੂੜਾ ਪ੍ਰਬੰਧਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪਿੰਡਾਂ ਦੀਆਂ ਪੰਚਾਇਤਾਂ, ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਵਿਭਾਗ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਨੂੰ ਸਾਫ਼-ਸੁਥਰਾ ਅਤੇ ਵਾਤਾਵਰਣ ਪੱਖੋਂ ਸੁਰੱਖਿਅਤ ਬਣਾਉਣ ਲਈ ਠੋਸ ਕੂੜੇ ਦਾ ਵਿਗਿਆਨਕ ਢੰਗ ਨਾਲ ਪ੍ਰਬੰਧਨ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਘਰ-ਘਰ ਤੋਂ ਗਿੱਲਾ ਕੂੜਾ, ਸੁੱਕਾ ਕੂੜਾ, ਸੈਨੇਟਰੀ ਵੇਸਟ ਅਤੇ ਖਤਰਨਾਕ ਰਹਿੰਦ-ਖੂੰਹਦ ਨੂੰ ਵੱਖ-ਵੱਖ ਇਕੱਠਾ ਕੀਤਾ ਜਾਵੇ ਤਾਂ ਜੋ ਕੂੜੇ ਦਾ ਸੁਚੱਜਾ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਗਿੱਲੇ ਕੂੜੇ ਤੋਂ ਜੈਵਿਕ ਖਾਦ ਤਿਆਰ ਕੀਤੀ ਜਾ ਸਕਦੀ ਹੈ, ਜੋ ਖੇਤੀਬਾੜੀ ਲਈ ਬਹੁਤ ਲਾਹੇਵੰਦ ਹੈ। ਉਨ੍ਹਾਂ ਸਰਪੰਚਾਂ, ਪੰਚਾਂ, ਪੰਚਾਇਤ ਸਕੱਤਰਾਂ, ਬੀ.ਆਰ.ਸੀ. ਅਤੇ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਦੇ ਫੀਲਡ ਸਟਾਫ਼ ਨੂੰ ਆਪਸੀ ਤਾਲਮੇਲ ਨਾਲ ਸੋਲਿਡ ਵੇਸਟ ਮੈਨੇਜਮੈਂਟ ਸਬੰਧੀ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਕਿਹਾ। ਮੀਟਿੰਗ ਵਿੱਚ ਰਾਊਂਡ ਗਲਾਸ ਫਾਊਂਡੇਸ਼ਨ ਦੇ ਕੋਆਰਡੀਨੇਟਰ ਸ੍ਰੀ ਰੇਸ਼ਮ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਕਈ ਪਿੰਡਾਂ ਵਿੱਚ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਇਕੱਠਾ ਕਰਨ ਅਤੇ ਉਸ ਦੇ ਵਿਗਿਆਨਕ ਪ੍ਰਬੰਧਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੋਲਿਡ ਵੇਸਟ ਮੈਨੇਜਮੈਂਟ ਕੇਂਦਰਾਂ ਰਾਹੀਂ ਕੂੜੇ ਦਾ ਸਹੀ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ 31 ਅਕਤੂਬਰ, 2026 ਤੱਕ ਜ਼ਿਲ੍ਹੇ ਦੇ 50 ਫੀਸਦੀ ਪਿੰਡਾਂ (430 ਪਿੰਡਾਂ) ਵਿੱਚ ਸੋਲਿਡ ਵੇਸਟ ਮੈਨੇਜਮੈਂਟ ਰਾਹੀਂ ਠੋਸ ਕੂੜੇ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਪ੍ਰਤੀਮਹਿੰਦਰ ਸਿੰਘ ਸਹੋਤਾ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਅਟਾਰੀ ਸ੍ਰੀ ਅਮਨਦੀਪ ਸ਼ਰਮਾ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਵੇਰਕਾ ਸ੍ਰੀ ਬਿਕਰਮਜੀਤ ਸਿੰਘ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਹਰਸਾ ਛੀਨਾ ਸ੍ਰੀਮਤੀ ਕਿਰਨਦੀਪ ਕੌਰ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਮਜੀਠਾ ਸ੍ਰੀ ਅਮਨਦੀਪ ਸਿੰਘ, ਉਪ ਮੰਡਲ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਸ੍ਰੀ ਸੁਲੱਖਣ ਸਿੰਘ, ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਦੇ ਫੀਲਡ ਸਟਾਫ਼, ਬੀ.ਆਰ.ਸੀ., ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚ ਹਾਜ਼ਰ ਸਨ।