ਸਮਾਣਾ : ਹਲਕਾ ਸਮਾਣਾ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦਿੰਦਿਆਂ ਹੋਇਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਪਿੰਡ ਨੱਸੂਪੁਰ ਵਿਖੇ 2.58 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਅਹਿਮ ਸੜਕੀ ਪ੍ਰੋਜੈਕਟਾਂ ਦਾ ਰਿਬਨ ਕੱਟ ਕੇ ਉਦਘਾਟਨ ਕੀਤਾ ਗਿਆ। ਇਸ ਸਮਾਰੋਹ ਦੌਰਾਨ ਇਲਾਕੇ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਪਿੰਡ ਵਾਸੀਆਂ ਵੱਲੋਂ ਪੰਜਾਬ ਸਰਕਾਰ ਅਤੇ ਸ. ਹਰਚੰਦ ਸਿੰਘ ਬਰਸਟ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ। ਇਸ ਸੜਕੀ ਪ੍ਰੋਜੈਕਟ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੰਦਿਆਂ ਚੇਅਰਮੈਨ ਸ. ਬਰਸਟ ਨੇ ਦੱਸਿਆ ਕਿ ਇਸ 2.58 ਕਰੋੜ ਰੁਪਏ ਦੇ ਬਜਟ ਨਾਲ ਇਲਾਕੇ ਦੀਆਂ ਦੋ ਸੜਕਾਂ ਅਤੇ ਪਿੰਡ ਦੀ ਫਿਰਨੀ ਦਾ ਨਿਰਮਾਣ ਕਾਰਜ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਵਿੱਚ ਪਟਿਆਲਾ-ਸਮਾਣਾ ਰੋਡ ਤੋਂ ਪਿੰਡ ਨੱਸੂਪੁਰ ਤੱਕ ਦੀ ਸੜਕ, ਪਿੰਡ ਨੱਸੂਪੁਰ ਦੀ ਫਿਰਨੀ ਵਾਇਆ ਸ਼ਮਸ਼ਾਨਘਾਟ ਅਤੇ ਅਸਰਪੁਰ ਤੋਂ ਨੱਸੂਪੁਰ ਤੱਕ ਦੀ ਸੜਕ ਸ਼ਾਮਲ ਹੈ। ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਤੇਜੀ ਨਾਲ ਕਾਰਜ ਕੀਤੇ ਜਾ ਰਹੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਜ਼ਮੀਨੀ ਪੱਧਰ 'ਤੇ ਕੰਮ ਕਰਕੇ ਦਿਖਾ ਰਹੀ ਹੈ। ਪੰਜਾਬ ਮੰਡੀ ਬੋਰਡ ਵੱਲੋਂ ਸੂਬੇ ਦੀਆਂ ਲਿੰਕ ਸੜਕਾਂ ਦੇ ਜਾਲ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਵਾਇਆ ਕਿ ਹਲਕਾ ਸਮਾਣਾ ਦੇ ਵਿਕਾਸ ਵਿੱਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਉਹ ਹਮੇਸ਼ਾ ਹਲਕਾ ਵਾਸੀਆਂ ਦੇ ਨਾਲ ਖੜੇ ਹਨ।