ਮੋਹਾਲੀ : ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੀ ਸਿਹਤ ਟੀਮ ਨੇ ਨੇੜਲੇ ਪਿੰਡ ਜੁਝਾਰਨਗਰ ਵਿਖੇ 'ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ " ਮੁਹਿੰਮ ਤਹਿਤ ਜਾਗਰੂਕਤਾ ਰੈਲੀ ਕੱਢੀ l ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਸਿਵਲ ਸਰਜਨ ਡਾ. ਸੰਗੀਤਾ ਜੈਨ ਦੇ ਨਿਰਦੇਸ਼ਾਂ ਅਨੁਸਾਰ ਸਿਹਤ ਸਟਾਫ਼, ਸਰਕਾਰੀ ਪ੍ਰਾਇਮਰੀ ਸਕੂਲ ਅਤੇ ਰਤਵਾੜਾ ਸਾਹਿਬ ਕਾਲਜ ਦੇ ਨਰਸਿੰਗ ਵਿਦਿਆਰਥੀਆਂ ਨੂੰ ਨਾਲ ਲੈ ਕੇ ਲੋਕਾਂ ਨੂੰ ਇਸ ਮਾਰੂ ਬੀਮਾਰੀ ਬਾਰੇ ਜਾਗਰੂਕ ਕੀਤਾ ਗਿਆ l ਉਨ੍ਹਾਂ ਕਿਹਾ ਕਿ ਡੇਂਗੂ ਗੰਭੀਰ ਕਿਸਮ ਦਾ ਬੁਖਾਰ ਹੈ ਜੋ ਏਡੀਜ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈl ਡੇਂਗੂ ਅਤੇ ਮਲੇਰੀਆ ਦੇ ਸਾਰੇ ਟੈਸਟ ਅਤੇ ਦਵਾਈਆਂ ਸਰਕਾਰੀ ਹਸਪਤਾਲ ਅਤੇ ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਉਪਲਬਧ ਹਨ। ਉਨ੍ਹਾਂ ਦਸਿਆ ਕਿ ਅੱਜ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੀਆਂ ਟੀਮਾਂ ਨੇ ਫ਼ੈਕਟਰੀਆਂ ਅਤੇ ਨਰਸਰੀਆਂ ਵਿਚ ਜਾ ਕੇ ਕੰਟੇਨਰ ਸਰਵੇ ਕੀਤਾ l ਲੋਕਾਂ ਨੂੰ ਜਾਗਰੂਕ ਕੀਤਾ ਗਿਆ ਕਿ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦਿਤਾ ਜਾਵੇ। ਉਨ੍ਹਾਂ ਦਸਿਆ ਕਿ ਜਿਥੇ ਵੀ ਲਾਰਵਾ ਮਿਲਦਾ ਹੈ, ਉਸ ਦੇ ਵਿੱਚ ਲਾਰਵੀ ਸਾਈਡ ਪਾ ਦਿੱਤੀ ਜਾਂਦੀ ਹੈ ਅਤੇ ਉਸ ਨੂੰ ਮੋਕੇ ਤੇ ਹੀ ਨਸ਼ਟ ਕਰ ਦਿੱਤਾ ਜਾਂਦਾ ਹੈ ਜੇ ਕਿਤੇ ਦੂਜੀ ਵਾਰ ਲਾਰਵਾ ਮਿਲਦਾ ਹੈ ਤਾਂ ਚਲਾਨ ਕੱਟਣ ਦੀ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਤੇ ਪਾਣੀ ਖੜ੍ਹਾ ਹੈ ਤਾਂ ਉਸ ਵਿਚ ਕਾਲਾ ਤੇਲ ਪਾਇਆ ਜਾਵੇ ਅਤੇ ਛੱਤ ’ਤੇ ਲੱਗੀਆਂ ਪਾਣੀ ਦੀਆਂ ਟੈਂਕੀਆਂ ਨੂੰ ਢੱਕ ਕੇ ਰੱਖਿਆ ਜਾਵੇ।