ਪਟਿਆਲਾ : ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਤ੍ਰਿਪੜੀ ਇਲਾਕਾ ਨਿਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਅੱਜ ਤ੍ਰਿਪੜੀ ਤੋਂ ਰਾਜਪੁਰਾ ਲਈ ਪੀ.ਆਰ.ਟੀ.ਸੀ. ਦੀ ਨਵੀਂ ਸਿੱਧੀ ਬੱਸ ਸੇਵਾ ਨੂੰ ਹਰੀ ਝੰਡੀ ਲੋਕਾ ਨੂੰ ਸਮਰਪਿਤ ਕੀਤਾ। ਬਹਾਵਲਪੁਰ ਵੈਲਫੇਅਰ ਫਾਊਂਡੇਸ਼ਨ ਤ੍ਰਿਪੜੀ ਅਤੇ ਸਥਾਨਕ ਲੋਕਾਂ ਵੱਲੋਂ ਤ੍ਰਿਪੜੀ ਤੋਂ ਰਾਜਪੁਰਾ ਲਈ ਸਿੱਧੀ ਬੱਸ ਸੇਵਾ ਸ਼ੁਰੂ ਕਰਨ ਦੀ ਮੰਗ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਦੇ ਧਿਆਨ ਵਿੱਚ ਲਿਆਂਦੀ ਗਈ ਸੀ। ਜਨਤਕ ਸਹੂਲਤ ਨੂੰ ਪਹਿਲ ਦਿੰਦਿਆਂ ਚੇਅਰਮੈਨ ਜੁਨੇਜਾ ਨੇ ਇਸ 'ਤੇ ਤੁਰੰਤ ਕਾਰਵਾਈ ਕੀਤੀ ਅਤੇ ਅੱਜ ਇਸ ਬੱਸ ਸੇਵਾ ਦੀ ਰਸਮੀ ਸ਼ੁਰੂਆਤ ਕਰ ਦਿੱਤੀ। ਇਸ ਮੌਕੇ ਬਹਾਵਲਪੁਰ ਵੈਲਫੇਅਰ ਫਾਊਂਡੇਸ਼ਨ ਦੇ ਨੁਮਾਇੰਦਿਆਂ ਅਤੇ ਸਥਾਨਕ ਆਗੂਆਂ ਨੇ ਚੇਅਰਮੈਨ ਹਰਪਾਲ ਜੁਨੇਜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਬੱਸ ਸੇਵਾ ਦੇ ਸ਼ੁਰੂ ਹੋਣ ਨਾਲ ਤ੍ਰਿਪੜੀ ਅਤੇ ਆਸ-ਪਾਸ ਦੇ ਇਲਾਕਿਆਂ ਦੇ ਰੋਜ਼ਾਨਾ ਆਉਣ-ਜਾਣ ਵਾਲੇ ਵਿਦਿਆਰਥੀਆਂ, ਨੌਕਰੀਪੇਸ਼ਾ ਮੁਲਾਜ਼ਮਾਂ, ਵਪਾਰੀਆਂ ਅਤੇ ਆਮ ਜਨਤਾ ਨੂੰ ਰਾਜਪੁਰਾ ਆਉਣ-ਜਾਣ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਖੱਜਲ-ਖੁਆਰੀ ਤੋਂ ਰਾਹਤ ਮਿਲੇਗੀ।