ਤਰਨ ਤਾਰਨ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ, ਮਹਾਨ ਪੰਥਕ ਆਗੂ ਜਥੇਦਾਰ ਮੋਹਨ ਸਿੰਘ ਤੁੜ ਜੀ ਦੀ 47ਵੀਂ ਸਾਲਾਨਾ ਬਰਸੀ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਤੁੜ ਵਿਖੇ ਸ਼ਰਧਾ, ਸਤਿਕਾਰ ਅਤੇ ਧਾਰਮਿਕ ਭਾਵਨਾ ਨਾਲ ਮਨਾਈ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ, ਪੰਥਕ ਆਗੂਆਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸਬੰਧਤ ਸ਼ਖ਼ਸੀਅਤਾਂ ਨੇ ਹਾਜ਼ਰੀ ਭਰ ਕੇ ਜਥੇਦਾਰ ਮੋਹਨ ਸਿੰਘ ਤੁੜ ਜੀ ਨੂੰ ਭਾਵਭਿੰਨੀ ਸ਼ਰਧਾਂਜਲੀ ਅਰਪਿਤ ਕੀਤੀ। ਇਸ ਮੌਕੇ ਜਥੇਦਾਰ ਮੋਹਨ ਸਿੰਘ ਤੁੜ ਜੀ ਦੇ ਪੋਤਰੇ ਭਾਈ ਹਰਭਜਨ ਸਿੰਘ ਤੁੜ, ਜੋ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਮੁੱਖ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਹਨ ਅਤੇ ਬੀਬੀ ਸਤਵੰਤ ਕੌਰ ਜੀ ਤੁੜ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ। ਇਸ ਤੋਂ ਇਲਾਵਾ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਪਿਤਾ ਬਾਪੂ ਤਰਸੇਮ ਸਿੰਘ ਜੀ ਅਤੇ ਮਾਤਾ ਬਲਵਿੰਦਰ ਕੌਰ ਜੀ ਨੇ ਵੀ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਜਥੇਦਾਰ ਮੋਹਨ ਸਿੰਘ ਤੁੜ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਹਲਕਾ ਦਾਖਾਂ ਤੋਂ ਐਮ ਐਲ ਏ ਸ੍ਰ ਮਨਪ੍ਰੀਤ ਸਿੰਘ ਇਆਲੀ, ਭਾਈ ਅਮਰਜੀਤ ਸਿੰਘ ਵੰਨਚਿੜੀ, ਬਾਬੂ ਸਿੰਘ ਬਰਾੜ, ਜਸਕਰਨ ਸਿੰਘ ਕਾਹਨਸਿੰਘ ਵਾਲਾ, ਚਾਚਾ ਸੁਖਚੈਨ ਸਿੰਘ, ਭਾਈ ਮੇਜਰ ਸਿੰਘ, ਭਾਈ ਸੁਖਦੇਵ ਸਿੰਘ ਕਾਦੀਆਂ, ਬੀਬੀ ਹਰਪ੍ਰੀਤ ਕੌਰ, ਪ੍ਰੋਫੈਸਰ ਸਤਨਾਮ ਕੌਰ, ਬੀਬੀ ਕੁਲਵਿੰਦਰ ਕੌਰ, ਬੀਬੀ ਮਨਜੀਤ ਕੌਰ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਅੰਮ੍ਰਿਤਪਾਲ ਸਿੰਘ ਹੁੰਦਲ, ਭਾਈ ਜਸਕਰਨ ਸਿੰਘ ਲੋਪੋਕੇ ਮੌਜੂਦ ਸਨ। ਸਮਾਗਮ ਦੇ ਅੰਤ ਵਿੱਚ ਜਥੇਦਾਰ ਮੋਹਨ ਸਿੰਘ ਤੁੜ ਜੀ ਨੂੰ ਸਮੂਹ ਸੰਗਤ ਵੱਲੋਂ ਭਾਵਭਿੰਨੀ ਸ਼ਰਧਾਂਜਲੀ ਅਰਪਿਤ ਕੀਤੀ ਗਈ ਅਤੇ ਜਥੇਦਾਰ ਮੋਹਨ ਸਿੰਘ ਤੁੜ ਜੀ ਦੇ ਪੋਤਰੇ ਭਾਈ ਹਰਭਜਨ ਸਿੰਘ ਤੁੜ ਜੀ ਵੱਲੋਂ ਆਈ ਹੋਈ ਸਮੂਹ ਸੰਗਤ ਦਾ ਇਸ ਸ਼ਰਧਾਂਜਲੀ ਸਮਾਗਮ ਵਿੱਚ ਪਹੁੰਚਣ ਤੇ ਧੰਨਵਾਦ ਕੀਤਾ। ਸਮਾਪਤੀ ਤੇ ਅਰਦਾਸ ਕੀਤੀ ਗਈ ਕਿ ਅਕਾਲ ਪੁਰਖ ਸਮੁੱਚੀ ਸਿੱਖ ਕੌਮ ਨੂੰ ਚੜ੍ਹਦੀ ਕਲਾ ਵਿੱਚ ਰੱਖੇ ਅਤੇ ਮਹਾਨ ਪੰਥਕ ਆਗੂਆਂ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਤਾਕਤ ਬਖ਼ਸ਼ੇ।