ਸੁਨਾਮ : ਜਲਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦਾ ਫਰੰਗੀਆਂ ਤੋਂ ਬਦਲਾ ਲੈਣ ਵਾਲੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਹਾੜੇ ਮੌਕੇ ਸੁਨਾਮ ਦੀ ਨਵੀਂ ਅਨਾਜ ਮੰਡੀ ਵਿਖੇ ਆਯੋਜਿਤ ਰਾਜ ਪੱਧਰੀ ਸ਼ਹੀਦੀ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ਪਹਿਲੀ ਅਗਸਤ ਨੂੰ ਪੰਜਾਬ ਦੀਆਂ 40 ਲੱਖ ਮਾਵਾਂ ਧੀਆਂ ਦੇ ਫੋਨਾਂ ਤੇ ਫੇਰ ਟੂੰ ਟੂੰ ਹੋਵੇਗੀ ਜਦਕਿ 32 ਲੱਖ ਮਾਵਾਂ ਧੀਆਂ ਨੂੰ ਪਹਿਲੀ ਜੁਲਾਈ ਨੂੰ ਪੈਸੇ ਆ ਚੁੱਕੇ ਹਨ। ਉਨ੍ਹਾਂ ਆਖਿਆ ਕਿ ਬਾਕੀਆਂ ਨੂੰ ਵੀ ਰਜਿਸਟ੍ਰੇਸ਼ਨ ਹੋ ਜਾਣ ਤੋਂ ਬਾਅਦ ਪੈਸਾ ਮਿਲੇਗਾ। ਮੁੱਖ ਮੰਤਰੀ ਨੇ ਆਖਿਆ ਕਿ ਸੂਬੇ ਦੀ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ। ਕਚਹਿਰੀਆਂ ਵਿੱਚ ਰਿਸ਼ਵਤ ਖਤਮ ਕਰਨ ਲਈ ਈ ਰਜਿਸਟਰੀਆਂ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਕਿਸੇ ਦੀ ਖੱਜਲ ਖ਼ੁਆਰੀ ਨਾ ਹੋਵੇ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਸਪੱਸ਼ਟ ਕਿਹਾ ਕਿ ਜੇਕਰ ਸਰਕਾਰ ਨੇ ਕੰਮ ਕੀਤਾ ਹੈ ਤਾਂ ਵੋਟਾਂ ਪਾ ਦਿਓ, ਨਹੀਂ ਕਿਹੜਾ ਕੁੰਭ ਦਾ ਮੇਲਾ ਹੈ, ਫੇਰ ਅਗਲੀ ਵਾਰ ਦੇਖ ਲਵਾਂਗੇ। ਉਨ੍ਹਾਂ ਆਖਿਆ ਕਿ ਰਾਜ ਦੇ 68,685 ਨੌਜਵਾਨਾਂ ਨੂੰ ਬਿਨਾ ਕਿਸੇ ਸਿਫਾਰਸ਼ ਅਤੇ ਪੈਸੇ ਤੋਂ ਮੈਰਿਟ ਅਨੁਸਾਰ ਨੌਕਰੀਆਂ ਦਿੱਤੀਆਂ ਗਈਆਂ ਹਨ। ਸੂਬੇ ਅੰਦਰ 43,000 ਕਿਲੋਮੀਟਰ ਸੜਕਾਂ ਬਣ ਰਹੀਆਂ ਹਨ। ਉਨ੍ਹਾਂ ਆਖਿਆ ਪੜ੍ਹਾਈ ਦੇ ਖੇਤਰ ਵਿੱਚ, ਪੰਜਾਬ 27ਵੇਂ ਨੰਬਰ 'ਤੇ ਸੀ ਅੱਜ ਸਰਕਾਰ ਦੀ ਕਾਰਗੁਜ਼ਾਰੀ ਸਦਕਾ ਕੇਰਲਾ ਨੂੰ ਪਛਾੜਕੇ ਪਹਿਲੇ ਨੰਬਰ ਤੇ ਆ ਗਿਆ ਹੈ। ਉਨ੍ਹਾਂ ਆਖਿਆ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 882 ਬੱਚੇ ਮੈਡੀਕਲ ਪ੍ਰਵੇਸ਼ ਪ੍ਰੀਖਿਆ ਨੀਟ ਦਾ ਪੇਪਰ ਕਲੀਅਰ ਕਰ ਗਏ। ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਮਿਆਰੀ ਸਿੱਖਿਆ, ਸਿਹਤ ਸਹੂਲਤਾਂ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਸਿਰਤੋੜ ਯਤਨ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਦਾ ਏਜੰਡਾ ਹੀ ਮਿਆਰੀ ਸਿੱਖਿਆ, ਸਿਹਤ ਸਹੂਲਤਾਂ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨਾ ਹੈ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਤੇ 100 ਕਰੋੜ ਰੁਪਏ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਸ਼ਹੀਦ ਊਧਮ ਸਿੰਘ ਦੇ ਨਾਮ ਤੇ ਸੁਨਾਮ ਵਿਖੇ ਅਨੇਕਾਂ ਪ੍ਰਾਜੈਕਟ ਦਾ ਨਿਰਮਾਣ ਕੀਤਾ ਹੈ। ਇਸ ਮੌਕੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ, ਕੈਬਨਿਟ ਮੰਤਰੀ ਬਰਿੰਦਰ ਗੋਇਲ, ਵਿਧਾਇਕ ਗੋਲਡੀ ਕੰਬੋਜ, ਜਮੀਲ ਉਰ ਰਹਿਮਾਨ, ਨਰਿੰਦਰ ਕੌਰ ਭਰਾਜ, ਦੇਵ ਸਿੰਘ ਮਾਨ,ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਸਮੇਤ ਹੋਰ ਆਗੂ ਹਾਜ਼ਰ ਸਨ।