ਲੁਧਿਆਣਾ : ਹਲਕਾ ਗਿੱਲ ਦੇ ਅਧੀਨ ਆਉਂਦੇ ਪਿੰਡ ਰੁੜਕਾ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਯੂਥ ਆਗੂ ਪ੍ਰਦੀਪ ਸਿੰਘ ਪੰਚ ਅਤੇ ਲੋਕ ਭਲਾਈ ਪਾਰਟੀ ਦੇ ਸਾਬਕਾ ਪ੍ਰਧਾਨ ਕਰਮ ਸਿੰਘ ਠੇਕੇਦਾਰ ਨੇ ਆਪਣੇ ਦਰਜਨਾਂ ਨੌਜਵਾਨ ਸਾਥੀਆਂ ਸਮੇਤ ਪਾਰਟੀ ਨੂੰ ਅਲਵਿਦਾ ਆਖ ਦਿੱਤਾ। ਇਹ ਸਾਰੇ ਆਗੂ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਦੀ ਅਗਵਾਈ ਹੇਠ 'ਅਕਾਲੀ ਦਲ ਵਾਰਿਸ ਪੰਜਾਬ' ਜਥੇਬੰਦੀ ਵਿੱਚ ਸ਼ਾਮਲ ਹੋ ਗਏ।ਇਸ ਮੌਕੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਛੱਡ ਕੇ ਆਏ ਸਾਰੇ ਸਾਥੀਆਂ ਦਾ ਸਿਰੋਪਾਓ ਪਾ ਕੇ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਇੱਕ ਆਗੂ ਅਤੇ ਨੌਜਵਾਨ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਨੇ ਅੱਗੇ ਗੱਲਬਾਤ ਕਰਦਿਆਂ ਕਿਹਾ ਕਿ ਵੱਡੀ ਗਿਣਤੀ ਵਿੱਚ ਨੌਜਵਾਨਾਂ ਦੇ ਇਸ ਫੈਸਲੇ ਨਾਲ ਇਲਾਕੇ ਵਿੱਚ ਜਥੇਬੰਦੀ ਨੂੰ ਬਹੁਤ ਵੱਡੀ ਮਜ਼ਬੂਤੀ ਮਿਲੇਗੀ। ਉਨ੍ਹਾਂ ਦਾਅਵਾ ਕੀਤਾ ਕਿ ਉਹ ਲੋਕਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਦੇ ਹੋਏ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਦੀ ਲੜਾਈ ਨੂੰ ਹੋਰ ਤਕੜੇ ਹੋ ਕੇ ਲੜਨਗੇ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਵਿੱਚ ਸ਼ਾਮਿਲ ਹੋਏ ਨੌਜਵਾਨਾਂ ਨੇ ਪਾਰਟੀ ਲੀਡਰਸ਼ਿਪ ਨੂੰ ਪੂਰਾ ਭਰੋਸਾ ਦਿੱਤਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਸੋਚ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਦਿਨ-ਰਾਤ ਇੱਕ ਕਰਕੇ ਮਿਹਨਤ ਕਰਨਗੇ।