ਮੋਹਾਲੀ : ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਮੋਹਾਲੀ ਦੀਆਂ ਸਮੂਹ ਸਰਕਾਰੀ ਸਿਹਤ ਸੰਸਥਾਵਾਂ ਵਿੱਚ 1 ਤੋਂ 7 ਅਗਸਤ ਤਕ ਵਿਸ਼ਵ ਸਤਨਪਾਨ ਹਫ਼ਤਾ ਮਨਾਇਆ ਜਾ ਰਿਹਾ ਹੈ। ਬੱਚੇ ਦੇ ਜਨਮ ਤੋਂ ਇੱਕ ਘੰਟੇ ਦੇ ਅੰਦਰ ਛਾਤੀ ਦਾ ਦੁੱਧ ਪਿਲਾਉਣਾ ਸ਼ੁਰੂ ਕਰਨਾ ਚਾਹੀਦਾ ਹੈ ਅਤੇ ਪਹਿਲੇ ਛੇ ਮਹੀਨਿਆਂ ਤੱਕ ਸਿਰਫ਼ ਮਾਂ ਦਾ ਦੁੱਧ ਹੀ ਦਿੱਤਾ ਜਾਣਾ ਚਾਹੀਦਾ ਹੈ। ਇਸ ਤੋਂ ਬਾਅਦ ਪੂਰਕ ਆਹਾਰ ਸ਼ੁਰੂ ਕਰਦੇ ਹੋਏ ਦੋ ਸਾਲ ਜਾਂ ਇਸ ਤੋਂ ਵੱਧ ਸਮੇਂ ਤੱਕ ਛਾਤੀ ਦਾ ਦੁੱਧ ਜਾਰੀ ਰੱਖਣਾ ਚਾਹੀਦਾ ਹੈ। ਇਸ ਦੇ ਨਾਲ ਹੀ ਇਹ ਮਾਂ ਦੀ ਸਿਹਤ ਲਈ ਵੀ ਲਾਭਕਾਰੀ ਹੈ ਅਤੇ ਜਨਮ ਤੋਂ ਬਾਅਦ ਉਸ ਦੀ ਸਿਹਤਯਾਬੀ ਵਿੱਚ ਮਦਦ ਕਰਦਾ ਹੈ। ਇਸ ਹਫ਼ਤੇ ਦੌਰਾਨ ਜ਼ਿਲ੍ਹਾ ਹਸਪਤਾਲ, ਸਬ-ਡਵੀਜ਼ਨਲ ਹਸਪਤਾਲਾਂ, ਕਮਿਊਨਿਟੀ ਹੈਲਥ ਸੈਂਟਰਾਂ, ਪ੍ਰਾਇਮਰੀ ਹੈਲਥ ਸੈਂਟਰਾਂ, ਆਯੁਸ਼ਮਾਨ ਆਰੋਗਿਆ ਕੇਂਦਰਾਂ ਅਤੇ ਆਮ ਆਦਮੀ ਕਲੀਨਿਕਾਂ ਵਿੱਚ ਜਾਗਰੂਕਤਾ ਪ੍ਰੋਗਰਾਮ, ਕਾਊਂਸਲਿੰਗ ਸੈਸ਼ਨ, ਸਿਹਤ ਸਿੱਖਿਆ ਗਤੀਵਿਧੀਆਂ ਅਤੇ ਗਰਭਵਤੀ ਔਰਤਾਂ ਅਤੇ ਨਵੀਆਂ ਮਾਵਾਂ ਨਾਲ ਸੰਵਾਦ ਕਰਵਾਏ ਜਾਣਗੇ। ਸਿਹਤ ਵਿਭਾਗ ਦੀਆਂ ਟੀਮਾਂ ਛਾਤੀ ਦਾ ਦੁੱਧ ਪਿਲਾਉਣ ਸਬੰਧੀ ਭਰਮਾਂ ਨੂੰ ਦੂਰ ਕਰਨ ਅਤੇ ਸਹੀ ਜਾਣਕਾਰੀ ਦੇਣ ਲਈ ਲੋਕਾਂ ਨੂੰ ਪ੍ਰੇਰਿਤ ਕਰਨਗੀਆਂ।
ਡਾ.

ਜੈਨ ਨੇ ਸਮੂਹ ਪਰਿਵਾਰਾਂ ਅਤੇ ਸਮਾਜ ਨੂੰ ਅਪੀਲ ਕੀਤੀ ਕਿ ਉਹ ਮਾਵਾਂ ਨੂੰ ਛਾਤੀ ਦਾ ਦੁੱਧ ਪਿਲਾਉਣ ਲਈ ਉਤਸ਼ਾਹਿਤ ਕਰਨ ਅਤੇ ਹਰ ਬੱਚੇ ਨੂੰ ਜੀਵਨ ਦੀ ਸਿਹਤਮੰਦ ਸ਼ੁਰੂਆਤ ਦੇਣ ਵਿੱਚ ਆਪਣਾ ਯੋਗਦਾਨ ਪਾਉਣ।