ਪਟਿਆਲਾ : ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਹੈ ਕਿ ਨਸ਼ਿਆਂ ਵਿਰੁੱਧ ਲੜਾਈ ਕੇਵਲ ਸਰਕਾਰ ਜਾਂ ਪੁਲਿਸ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਸਿਰਫ਼ ਪੰਜਾਬ ਦੀ ਹੀ ਨਹੀਂ, ਸਗੋਂ ਪੂਰੇ ਦੇਸ਼ ਦੀ ਗੰਭੀਰ ਸਮੱਸਿਆ ਹੈ ਕਿਉਂਕਿ ਦੇਸ਼ ਵਿਰੋਧੀ ਤਾਕਤਾਂ ਸਾਡੇ ਨੌਜਵਾਨਾਂ ਨੂੰ ਨਸ਼ਿਆਂ ਦੇ ਜਾਲ ਵਿੱਚ ਫਸਾ ਕੇ ਦੇਸ਼ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚ ਰਹੀਆਂ ਹਨ।
ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿਖੇ ‘ਯੁੱਧ ਨਸ਼ਿਆਂ ਵਿਰੁੱਧ-ਨਸ਼ਾ ਮੁਕਤ ਪੰਜਾਬ ਵੱਲ’ ਵਿਸ਼ੇ ’ਤੇ ਕੌਮੀ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਦੇ ਵਾਈਸ ਚਾਂਸਲਰ ਪ੍ਰੋ. ਜੈ ਸ਼ੰਕਰ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੁਲਿਸ ਅਧਿਕਾਰੀਆਂ ਨੂੰ ਨਸ਼ਾ ਤਸਕਰਾਂ ਖ਼ਿਲਾਫ਼ ਮਜ਼ਬੂਤ ਕਾਨੂੰਨੀ ਕਾਰਵਾਈ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਸਬੰਧੀ ਵਿਸ਼ੇਸ਼ ਕਾਨੂੰਨੀ ਸਿਖਲਾਈ ਦਿੱਤੀ ਜਾ ਰਹੀ ਹੈ। ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਪੁਸ਼ਪਿੰਦਰ ਸਿੰਘ ਗਿੱਲ ਨੇ ਆਪਣੇ ਕੁੰਜੀਵਤ ਭਾਸ਼ਣ ਵਿੱਚ ਨਸ਼ਿਆਂ ਦੀ ਸਮਾਜਿਕ ਸਮੱਸਿਆ ਦੇ ਪ੍ਰਭਾਵਸ਼ਾਲੀ ਹੱਲਾਂ ਬਾਰੇ ਵਿਚਾਰ ਸਾਂਝੇ ਕੀਤੇ। ਇਸ ਸਮਾਗਮ ਵਿੱਚ ਪ੍ਰੋ. (ਡਾ.) ਜੈ ਸ਼ੰਕਰ ਸਿੰਘ ਤੇ ਡਾ. ਜਸਵਿੰਦਰ ਕੌਰ ਦੀਆਂ ਕਿਤਾਬਾਂ ਸਮੇਤ ਡਾ. ਬੀਰੇਂਦਰ ਸਿੰਘ ਦੁਆਰਾ ਲਿਖੀ ਤੇ ਡਾ. ਜਸਲੀਨ ਕੇਵਲਾਨੀ ਵੱਲੋਂ ਸੰਪਾਦਕ ਕਿਤਾਬ ਵੀ ਜਾਰੀ ਕੀਤੀ ਗਈ।