ਪਾਤੜਾਂ : ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਪੰਜਾਬ ਸਰਕਾਰ ਦੀ ਰੰਗਲਾ ਪੰਜਾਬ ਸਕੀਮ ਤਹਿਤ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ 61 ਪੰਚਾਇਤਾਂ ਨੂੰ ਪੰਜ ਕਰੋੜ ਰੁਪਏ ਦੀਆਂ ਗਰਾਂਟਾਂ ਜਾਰੀ ਕੀਤੀਆਂ ਗਈਆਂ। ਇਸ ਸਬੰਧੀ ਵਿਧਾਇਕ ਵੱਲੋਂ ਮਨਜ਼ੂਰੀ ਪੱਤਰ ਵੱਖ ਵੱਖ ਪਿੰਡਾਂ ਦੀਆਂ ਪੰਚਾਇਤਾਂ ਦੇ ਸਰਪੰਚਾਂ ਪੰਚਾਂ ਨੂੰ ਸੋਂਪੇ ਗਏ। ਪੰਚਾਇਤਾਂ ਨੂੰ ਮਨਜ਼ੂਰੀ ਪੱਤਰ ਸੌਪੜ ਉਪਰੰਤ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਪੰਜਾਬ ਦੀਆਂ ਤਤਕਾਲੀ ਅਕਾਲੀ ਭਾਜਪਾ ਤੇ ਕਾਂਗਰਸ ਦੀਆਂ ਸਰਕਾਰਾਂ ਨੇ ਪੰਜਾਬ ਨੂੰ ਤਬਾਹੀ ਦੇ ਕੰਢੇ ਲਿਆ ਖੜਾ ਕੀਤਾ ਸੀ ਜਿਸ ਕਰਕੇ ਸੂਬੇ ਵਿੱਚ ਵਿਕਾਸ ਕਾਰਜ ਪਿਛਲੇ ਲੰਬੇ ਸਮੇਂ ਤੋਂ ਠੱਪ ਵਰਗੇ ਹਾਲਾਤਾਂ ਵਿੱਚੋਂ ਲੰਘ ਰਹੇ ਸਨ। ਇਸ ਤੋਂ ਇਲਾਵਾ 11 ਪੰਚਾਇਤਾਂ ਨੂੰ ਇਕ ਕਰੋੜ ਰੁਪਏ ਵੱਖਰੇ ਤੌਰ ਉੱਤੇ ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ ਫੰਡ ਵਿੱਚੋਂ ਦਿੱਤੇ ਗਏ ਹਨ। ਉਹਨਾਂ ਦਾਅਵਾ ਕੀਤਾ ਕਿ ਇਸ ਤੋਂ ਇਲਾਵਾ ਹਲਕੇ ਵਿੱਚ ਸੈਂਕੜੇ ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ਦੀ ਮੁਰੰਮਤ ਅਤੇ ਵੱਡੇ ਪੱਧਰ ਉੱਤੇ ਨਹਿਰੀ ਖਾਲਾ ਤੇ ਰਜਬਾਹਿਆਂ ਦਾ ਨਵੀਨੀਕਰਨ ਕਰਕੇ 68 ਏਕੜ ਤੋਂ ਵੱਧ ਖੇਤਾਂ ਨੂੰ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ। ਉਹਨਾਂ ਕਿਹਾ ਕਿ ਸੂਬੇ ਦੇ ਲੋਕ ਮੁੜ ਤੋਂ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਸੁਕ ਹਨ।