ਸਨੌਰ : ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਮਹਾਨ ਇਨਕਲਾਬੀ, ਸ਼ਹੀਦ-ਏ-ਆਜ਼ਮ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਨੌਰ ਸਥਿਤ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਇੱਕ ਵਿਸ਼ੇਸ਼ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਸਨੌਰ ਦੇ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ ਅਤੇ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਕੋਟੀ-ਕੋਟੀ ਨਮਨ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਸ਼ਹੀਦ ਊਧਮ ਸਿੰਘ ਦੀ ਅਦੁੱਤੀ ਕੁਰਬਾਨੀ ਨੂੰ ਯਾਦ ਕਰਦਿਆਂ ਆਖਿਆ ਕਿ ਅਜਿਹੇ ਮਹਾਨ ਸਪੂਤਾਂ ਦੇ ਬਲਿਦਾਨ ਸਦਕਾ ਹੀ ਅੱਜ ਅਸੀਂ ਆਜ਼ਾਦ ਫ਼ਜ਼ਾ ਵਿੱਚ ਸਾਹ ਲੈ ਰਹੇ ਹਾਂ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਲੰਡਨ ਜਾ ਕੇ ਜਲ੍ਹਿਆਂਵਾਲਾ ਬਾਗ਼ ਦੇ ਨਿਰਦੋਸ਼ ਸ਼ਹੀਦਾਂ ਦਾ ਬਦਲਾ ਲੈ ਕੇ ਪੂਰੀ ਦੁਨੀਆ ਵਿੱਚ ਭਾਰਤੀਆਂ ਦੇ ਸਵਾਭਿਮਾਨ ਅਤੇ ਮਾਣ-ਸਨਮਾਨ ਨੂੰ ਵਧਾਇਆ ਹੈ। ਉਨ੍ਹਾਂ ਦੀ ਇਹ ਲਾਸਾਨੀ ਕੁਰਬਾਨੀ ਹਰ ਇੱਕ ਭਾਰਤੀ ਲਈ ਪ੍ਰੇਰਣਾ ਦਾ ਸੋਮਾ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਇਹ ਪਰਮ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੇ ਸ਼ਹੀਦਾਂ ਦੇ ਮਹਾਨ ਇਤਿਹਾਸ ਅਤੇ ਬਲਿਦਾਨ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਈਏ ਤਾਂ ਜੋ ਸਾਡੇ ਨੌਜਵਾਨਾਂ ਵਿੱਚ ਦੇਸ਼ ਭਗਤੀ, ਸਮਾਜ ਸੇਵਾ ਅਤੇ ਕੌਮੀ ਏਕਤਾ ਦੀ ਭਾਵਨਾ ਹੋਰ ਮਜ਼ਬੂਤ ਹੋ ਸਕੇ। ਉਨ੍ਹਾਂ ਨੇ ਆਖਿਆ ਕਿ ਭਾਰਤ ਦੇਸ਼ ਲਈ ਜਾਨਾਂ ਵਾਰਨ ਵਾਲੇ ਸਾਰੇ ਸ਼ਹੀਦ ਸਾਡੇ ਲਈ ਚਾਨਣ ਹਮੇਸ਼ਾਂ ਮੁਨਾਰਾ ਰਹਿਣਗੇ।
ਫੋਟੋ - ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਰਣਜੋਧ ਸਿੰਘ ਹਡਾਣਾ ਅਤੇ ਹੋਰ