ਡੇਰਾਬੱਸੀ : ਹਲਕਾ ਡੇਰਾਬੱਸੀ ਦੇ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਵੱਖ-ਵੱਖ ਪਿੰਡਾਂ ਵਿੱਚ ਕਰਵਾਈਆਂ ਲੋਕ ਮਿਲਣੀਆਂ ਦੌਰਾਨ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੰਦਿਆਂ ਰੰਗਲਾ ਪੰਜਾਬ ਤਹਿਤ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਲਾਲ ਲਕੀਰ ਯੋਜਨਾ ਅਧੀਨ ਯੋਗ ਪਰਿਵਾਰਾਂ ਨੂੰ ਮਲਕਾਨਾ ਹੱਕ ਸਰਟੀਫਿਕੇਟ ਵੀ ਵੰਡੇ। ਪਿੰਡ ਭਾਂਖਰਪੁਰ ਵਿਖੇ ਲੋਕ ਮਿਲਣੀ ਦੌਰਾਨ ਵਿਧਾਇਕ ਰੰਧਾਵਾ ਨੇ ਪਿੰਡ ਵਾਸੀਆਂ ਦੀ ਮੰਗ ਨੂੰ ਸਵੀਕਾਰਦਿਆਂ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ 15 ਲੱਖ ਰੁਪਏ ਦੀ ਗ੍ਰਾਂਟ ਨਾਲ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਇਸੇ ਤਰ੍ਹਾਂ ਪਿੰਡ ਫਤਿਹਪੁਰ ਜੱਟਾਂ ਵਿਖੇ ਗਲੀਆਂ ਅਤੇ ਨਾਲੀਆਂ ਦੇ ਨਿਰਮਾਣ ਲਈ 10 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਪਿੰਡ ਝਰਮੜੀ ਵਿੱਚ ਐੱਸ.ਸੀ. ਭਾਈਚਾਰੇ ਦੀਆਂ ਗਲੀਆਂ ਦੇ ਨਿਰਮਾਣ ਲਈ 10 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਵਿਧਾਇਕ ਰੰਧਾਵਾ ਨੇ ਲਾਲ ਲਕੀਰ ਯੋਜਨਾ ਅਧੀਨ 41 ਪਰਿਵਾਰਾਂ ਨੂੰ ਮਲਕਾਨਾ ਹੱਕ ਸਰਟੀਫਿਕੇਟ ਵੀ ਵੰਡੇ। ਪਿੰਡ ਸੰਘੋਥਾ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ 69 ਪਰਿਵਾਰਾਂ ਨੂੰ ਲਾਲ ਲਕੀਰ ਅਧੀਨ ਮਲਕਾਨਾ ਹੱਕ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਹੱਕਦਾਰ ਪਰਿਵਾਰ ਨੂੰ ਉਸ ਦਾ ਬਣਦਾ ਹੱਕ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪਿੰਡ ਜੜ੍ਹੋਤ ਵਿਖੇ ਲੋਕ ਮਿਲਣੀ ਦੌਰਾਨ ਗਲੀਆਂ ਅਤੇ ਨਾਲੀਆਂ ਦੇ ਨਿਰਮਾਣ ਲਈ 10 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਦੇ ਨਾਲ-ਨਾਲ ਵਿਕਾਸ ਕਾਰਜਾਂ ਨੂੰ ਵੀ ਲੋਕਾਂ ਦੀਆਂ ਲੋੜਾਂ ਅਨੁਸਾਰ ਪਹਿਲ ਦੇ ਆਧਾਰ ’ਤੇ ਮਨਜ਼ੂਰੀ ਦਿੱਤੀ ਜਾ ਰਹੀ ਹੈ। ਇਸ ਮੌਕੇ ਪਿੰਡਾਂ ਦੇ ਸਰਪੰਚ, ਪੰਚ, ਬਲਾਕ ਸੰਮਤੀ ਮੈਂਬਰ, ਬਲਾਕ ਪ੍ਰਧਾਨ, ਨਗਰ ਕੌਂਸਲ ਦੇ ਪ੍ਰਧਾਨ, ਸੀਨੀਅਰ ਵਾਈਸ ਪ੍ਰਧਾਨ, ਵਾਈਸ ਪ੍ਰਧਾਨ, ਯੂਥ ਆਗੂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।