ਸੁਨਾਮ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਖਿਆ ਕਿ ਸ਼ਹੀਦ ਊਧਮ ਸਿੰਘ ਦੇ ਨਾਮ ਤੇ ਕਪੂਰਥਲਾ ਵਿਖੇ ਸਥਾਪਿਤ ਕੀਤੀ ਜਾ ਰਹੀ ਹੁਨਰ ਵਿਕਾਸ ਯੂਨੀਵਰਸਿਟੀ ਪੰਜਾਬ ਦੇ ਨੌਜਵਾਨਾਂ ਲਈ ਕਾਰਗਰ ਸਿੱਧ ਹੋਵੇਗੀ। ਨੌਜਵਾਨ ਯੂਨੀਵਰਸਿਟੀ ਤੋਂ ਸਿੱਖਿਆ ਹਾਸਲ ਕਰਕੇ ਸਵੈ ਰੁਜ਼ਗਾਰ ਸ਼ੁਰੂ ਕਰਨ ਦੇ ਸਮਰੱਥ ਹੋਣਗੇ। ਜੰਗ ਏ ਆਜ਼ਾਦੀ ਦੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਜੀ ਦੇ 87ਵੇਂ ਸ਼ਹੀਦੀ ਦਿਹਾੜੇ ਮੌਕੇ ਸੁਨਾਮ ਵਿਖੇ ਆਯੋਜਿਤ ਕੀਤੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਖਿਆ ਕਿ ਸ਼ਹੀਦ ਊਧਮ ਸਿੰਘ ਜੀ ਦੇ ਨਾਮ ਤੇ ਸਥਾਪਿਤ ਕੀਤੀ ਜਾ ਰਹੀ ਸਕਿੱਲ ਯੂਨੀਵਰਸਿਟੀ ਨਾਲ ਪੰਜਾਬ ਦੇ ਉੱਚ ਸਿੱਖਿਆ ਇਤਿਹਾਸ ਦਾ ਇੱਕ ਸੁਨਹਿਰੀ ਅਧਿਆਇ ਲਿਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਇਤਿਹਾਸਕ ਮੌਕੇ 'ਤੇ ਵਿਸ਼ਵ ਪ੍ਰਸਿੱਧ ਵਿਦੇਸ਼ੀ ਯੂਨੀਵਰਸਿਟੀਆਂ ਅਤੇ ਅੰਤਰਰਾਸ਼ਟਰੀ ਉਦਯੋਗਿਕ ਸੰਸਥਾਵਾਂ ਨੇ ਪ੍ਰਸਤਾਵਿਤ ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਐਂਡ ਐਂਟਰਪ੍ਰਿਨਿਊਰਸ਼ਿਪ ਯੂਨੀਵਰਸਿਟੀ, ਪੰਜਾਬ ਨੂੰ ਵਿਕਸਤ ਕਰਨ ਅਤੇ ਸਹਿਯੋਗ ਦੇਣ ਲਈ ਆਪਸੀ 'ਮੈਮੋਰੈਂਡਮ ਆਫ ਅੰਡਰ ਸਟੈਂਡਿੰਗ' 'ਤੇ ਦਸਤਖ਼ਤ ਕੀਤੇ.
ਇਹ ਪ੍ਰਸਤਾਵਿਤ ਯੂਨੀਵਰਸਿਟੀ ਕੰਬੋਜ ਫਾਊਂਡੇਸ਼ਨ ਵੱਲੋਂ ਸ਼ਹੀਦ ਊਧਮ ਸਿੰਘ ਐਜੂਕੇਸ਼ਨਲ ਸੋਸਾਇਟੀ ਦੇ ਮਾਧਿਅਮ ਨਾਲ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਸਥਾਪਿਤ ਕੀਤੀ ਜਾ ਰਹੀ ਹੈ. ਇਸ ਦਾ ਉਦੇਸ਼ ਹੁਨਰ ਵਿਕਾਸ, ਉਦਯੋਗਿਕਤਾ, ਨਵੀਨਤਾ, ਅਪਲਾਈਡ ਰਿਸਰਚ ਅਤੇ ਉਦਯੋਗ ਨਾਲ ਜੁੜੀ ਉੱਚ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਪੱਧਰੀ ਕੇਂਦਰ ਬਣਨਾ ਹੈ, ਜੋ ਸ਼ਹੀਦ ਊਧਮ ਸਿੰਘ ਜੀ ਦੇ ਬਲਿਦਾਨ, ਦੇਸ਼ਭਗਤੀ ਅਤੇ ਰਾਸ਼ਟਰ ਨਿਰਮਾਣ ਦੇ ਆਦਰਸ਼ਾਂ ਨੂੰ ਅੱਗੇ ਵਧਾਏਗੀ। ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਣ ਪੁੱਜੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਵੀ ਸੁਨਾਮ ਦੇ ਜੰਮਪਲ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਦੇ ਨਾਮ ਤੇ ਹੁਨਰ ਵਿਕਾਸ ਯੂਨੀਵਰਸਿਟੀ ਖੋਲ੍ਹਣ ਬਦਲੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਅਜਿਹੀਆਂ ਸੰਸਥਾਵਾਂ ਦੀ ਸਥਾਪਨਾ ਪੰਜਾਬੀਆਂ ਲਈ ਰੁਜ਼ਗਾਰ ਦੇ ਵਸੀਲੇ ਪੈਦਾ ਕਰੇਗੀ। ਇਸ ਮੌਕੇ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ, ਵਿਧਾਇਕ ਡਾਕਟਰ ਜਮੀਲ-ਉਰ-ਰਹਿਮਾਨ , ਚੇਅਰਮੈਨ ਸੁਖਵਿੰਦਰ ਸਿੰਘ ਕੰਬੋਜ , ਹਰਦਿਆਲ ਸਿੰਘ, ਪ੍ਰਭਸ਼ਰਨ ਸਿੰਘ ਬੱਬੂ, ਜੰਗੀਰ ਸਿੰਘ ਰਤਨ, ਕੇਸਰ ਸਿੰਘ ਢੋਟ, ਕੁਲਵੀਰ ਸਿੰਘ ਕੰਬੋਜ,ਰਘਬੀਰ ਸਿੰਘ ਜੋਸਨ, ਗੱਗੀ ਸਰਪੰਚ, ਰਿੰਪੀ ਕੌਂਸਲਰ ਤੇ ਹੋਰ ਆਗੂ ਹਾਜ਼ਰ ਸਨ। ਡਾਕਟਰ ਸੰਦੀਪ ਸਿੰਘ ਕੌੜਾ (ਸੰਸਥਾਪਕ ਚਾਂਸਲਰ) ਸ਼ਹੀਦ ਊਧਮ ਸਿੰਘ ਸ਼ਹੀਦ ਸਕਿੱਲ ਡਿਵੈਲਪਮੈਂਟ ਐਂਡ ਐਂਟਰਪ੍ਰਿਨਿਊਰਸ਼ਿਪ ਯੂਨੀਵਰਸਿਟੀ, ਪੰਜਾਬ ਵੱਲੋਂ ਕੀਤਾ।