ਅੰਮ੍ਰਿਤਸਰ : ਅੰਮ੍ਰਿਤਸਰ ਦੇ ਸੈਂਟਰਲ ਹਲਕੇ ਅਧੀਨ ਆਉਂਦੀ ਤਿਵਾੜੀਆਂ ਵਾਲੀ ਗਲੀ ਵਿਖੇ ਵਾਰਡ 57 ਦੇ ਇੰਚਾਰਜ ਅਮਰਜੀਤ ਸਿੰਘ ਸਾਜਨ ਵੱਲੋਂ ਇੱਕ ਵਿਸ਼ਾਲ 'ਲੋਕ ਮਿਲਣੀ' ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਇਲਾਕੇ ਦੀਆਂ ਮਹਿਲਾਵਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਇਸ ਖ਼ਾਸ ਮੌਕੇ 'ਤੇ ਸੈਂਟਰਲ ਹਲਕੇ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਅਜੇ ਗੁਪਤਾ ਉਚੇਚੇ ਤੌਰ 'ਤੇ ਪਹੁੰਚੇ।
ਇਸ ਇਕੱਠ ਦੌਰਾਨ ਮਹਿਲਾਵਾਂ ਦੇ ਚਿਹਰਿਆਂ 'ਤੇ ਭਾਰੀ ਖੁਸ਼ੀ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ। ਮਹਿਲਾਵਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਾਰੰਟੀਆਂ ਤਹਿਤ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਵਿੱਤੀ ਸਹਾਇਤਾ ਦੀਆਂ ਕਿਸ਼ਤਾਂ ਪਹੁੰਚਣੀਆਂ ਸ਼ੁਰੂ ਹੋ ਗਈਆਂ ਹਨ, ਜਿਸ ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ।
ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ, ਮੋਹੱਲਾ ਕਲੀਨਿਕ, ਵਧੀਆ ਸਰਕਾਰੀ ਸਕੂਲ ਅਤੇ ਮਹਿਲਾਵਾਂ ਲਈ ਸ਼ੁਰੂ ਕੀਤੀਆਂ ਯੋਜਨਾਵਾਂ ਨਾਲ ਜਨਤਾ ਨੂੰ ਸਿੱਧਾ ਲਾਭ ਪਹੁੰਚ ਰਿਹਾ ਹੈ। ਵਿਰੋਧੀਆਂ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਕੋਲ ਹੁਣ ਕੋਈ ਮੁੱਦਾ ਨਹੀਂ ਬਚਿਆ।
ਪ੍ਰੋਗਰਾਮ ਦੇ ਪ੍ਰਬੰਧਕ ਅਤੇ ਵਾਰਡ 57 ਦੇ ਇੰਚਾਰਜ ਅਮਰਜੀਤ ਸਿੰਘ ਸਾਜਨ ਸਮੇਤ ਇਲਾਕਾ ਵਾਸੀਆਂ ਨੇ ਵਿਧਾਇਕ ਅਜੇ ਗੁਪਤਾ ਦਾ ਧੰਨਵਾਦ ਕੀਤਾ। ਇਸ ਮੌਕੇ ਮਹਿਲਾਵਾਂ ਨੇ ਸਰਕਾਰ ਦੀਆਂ ਨੀਤੀਆਂ ਦੀ ਸ਼ਲਾਘਾ ਕਰਦਿਆਂ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ।