ਸਮਾਣਾ : ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਹਲਕਾ ਸਮਾਣਾ ਦਫ਼ਤਰ ਵਿਖੇ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਅਤੇ ਵੱਡੀ ਗਿਣਤੀ ਵਿੱਚ ਹਲਕਾ ਵਾਸੀਆਂ ਨੇ ਚੇਅਰਮੈਨ ਨਾਲ ਮੁਲਾਕਾਤ ਕਰਕੇ ਆਪਣੀਆਂ ਸਮੱਸਿਆਵਾਂ, ਮੰਗਾਂ ਅਤੇ ਸੁਝਾਵਾਂ ਤੋਂ ਜਾਣੂ ਕਰਵਾਇਆ। ਸ. ਬਰਸਟ ਨੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੁੱਦਿਆਂ ਨੂੰ ਬਹੁਤ ਹੀ ਧਿਆਨ ਨਾਲ ਸੁਣਿਆ ਅਤੇ ਮੌਕੇ 'ਤੇ ਹੀ ਉਹਨਾਂ ਦਾ ਨਿਪਟਾਰਾ ਕੀਤਾ। ਲੋਕ ਮਿਲਣੀ ਦੌਰਾਨ ਹਲਕਾ ਸਮਾਣਾ ਦੇ ਸਰਵਪੱਖੀ ਵਿਕਾਸ ਨੂੰ ਲੈ ਕੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਮਾਨਦਾਰੀ, ਪਾਰਦਰਸ਼ਤਾ ਅਤੇ ਦ੍ਰਿੜ੍ਹਤਾ ਨਾਲ ਨਿਰੰਤਰ ਕਾਰਜ ਕਰ ਰਹੀ ਹੈ। ਆਪ ਸਰਕਾਰ ਵੱਲੋਂ ਮਿਸਾਲੀ ਕਾਰਜ ਕਰਦਿਆਂ ਹੋਇਆ ਲੋਕਾਂ ਨੂੰ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਗਏ ਹਨ। ਜਿੱਥੇ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕ ਸਥਾਪਤ ਕਰਕੇ ਲੋਕਾਂ ਨੂੰ ਘਰਾਂ ਦੇ ਨੇੜੇ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਲਾਨਾ 10 ਲੱਖ ਰੁਪਏ ਤੱਕ ਦੇ ਮੁਫ਼ਤ ਅਤੇ ਕੈਸ਼ਲੈਸ ਇਲਾਜ ਦੀ ਸਹੂਲਤ ਹੈ। ਖੇਤਾਂ ਤੱਕ ਨਹਿਰਾਂ ਦਾ ਪਾਣੀ ਪਹੁੰਚਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਰਾਜ ਭਰ ਵਿੱਚ ਖੇਡ ਮੈਦਾਨ ਬਣਾਏ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ। ਸ. ਬਰਸਟ ਨੇ ਕਿਹਾ ਕਿ ਅਜਿਹੇ ਲੋਕ ਮਿਲਣੀ ਪ੍ਰੋਗਰਾਮ ਭਵਿੱਖ ਵਿੱਚ ਵੀ ਆਯੋਜਿਤ ਕੀਤੇ ਜਾਣਗੇ।