ਬਠਿੰਡਾ/ਅੰਮ੍ਰਿਤਸਰ : ਜੇ ਕੋਈ ਪੰਥ ਦੇ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰੇਗਾ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਬੋਲੇਗਾ ਵੀ, ਸਬੰਧਤ ਵਿਅਕਤੀਆਂ ਨੂੰ ਤਲਬ ਵੀ ਕਰੇਗਾ ਅਤੇ ਜੇ ਉਹ ਮੰਨ ਕੇ ਵੀ ਆਪਣੇ ਵਾਅਦੇ ਤੋਂ ਮੁਕਰਣਗੇ ਤਾਂ ਪੰਥਕ ਮਰਯਾਦਾ ਅਨੁਸਾਰ ਕਾਰਵਾਈ ਵੀ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਦੀ ਸੰਗਤ ਸਿੱਖ ਧਰਮ ਦਾ ਪਾਵਨ ਅਤੇ ਰੂਹਾਨੀ ਸੰਕਲਪ ਹੈ। ਇਸ ਦੀ ਤੁਲਨਾ ਕਿਸੇ ਵੀ ਸਿਆਸੀ ਪਾਰਟੀ ਦੇ ਇਕੱਠ ਜਾਂ ਸਮਰਥਕਾਂ ਨਾਲ ਕਰਨਾ ਗੁਰੂ ਦੁਆਰਾ ਬਖਸ਼ੇ ਸਿਧਾਂਤ ਨੂੰ ਠੇਸ ਪਹੁੰਚਾਉਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਤੋਂ ਕੁਝ ਸਿਆਸੀ ਲੋਕ ਪੰਥਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਅਜਿਹੀ ਸੋਚ ਨੂੰ ਕਦੇ ਬਰਦਾਸ਼ਤ ਨਹੀਂ ਕਰਦੀ। ਪਰਿਵਾਰਾਂ ਅਤੇ ਬੱਚਿਆਂ ਦੀ ਭਾਗੀਦਾਰੀ ਇਸ ਗੱਲ ਦਾ ਸਬੂਤ ਹੈ ਕਿ ਇਹ ਗੁਰੂ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਹੈ, ਨਾ ਕਿ ਰਾਜਨੀਤਿਕ ਇਕੱਠ। ਇਸ ਮੌਕੇ ਸੀਨੀਅਰ ਅਕਾਲੀ ਆਗੂ ਸ. ਸਿਕੰਦਰ ਸਿੰਘ ਮਲੂਕਾ, ਬਾਬਾ ਜਗਜੀਤ ਸਿੰਘ ਬੜੂ ਸਾਹਿਬ, ਸ਼੍ਰੋਮਣੀ ਕਮੇਟੀ ਮੈਂਬਰ ਸ. ਨਵਤੇਜ ਸਿੰਘ ਕਾਉਣੀ, ਸ. ਮੋਹਨ ਸਿੰਘ ਬੰਗੀ, ਸ. ਅਵਤਾਰ ਸਿੰਘ ਵਣਵਾਲਾ, ਭਾਈ ਅਜੈਬ ਸਿੰਘ ਅਭਿਆਸੀ, ਸ. ਪ੍ਰਿਤਪਾਲ ਸਿੰਘ ਪਾਲੀ, ਬਾਬਾ ਬੂਟਾ ਸਿੰਘ, ਸ. ਅਮਰੀਕ ਸਿੰਘ ਕੋਟ ਸ਼ਮੀਰ, ਬੀਬੀ ਜੋਗਿੰਦਰ ਕੌਰ, ਬੀਬੀ ਹਰਜਿੰਦਰ ਕੌਰ, ਸ. ਜਗਸੀਰ ਸਿੰਘ ਮਾਂਗੇਆਣਾ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਅਕਾਲੀ ਆਗੂ ਡਾ ਦਲਜੀਤ ਸਿੰਘ ਗੁਰੂ, ਸ. ਜਗਸੀਰ ਸਿੰਘ ਕਲਿਆਣ, ਸ. ਗੁਰਚਰਨ ਸਿੰਘ, ਸ. ਬਲਕਾਰ ਸਿੰਘ ਗੋਨੇਆਣਾ, ਸ. ਗੁਰਿੰਦਰਜੀਤ ਸਿੰਘ ਭੁੱਚੋਂ, ਸ. ਇਕਬਾਲ ਸਿੰਘ ਬਬਲੀ ਢਿੱਲੋਂ, ਬਾਬਾ ਮੇਜਰ ਸਿੰਘ ਸੋਢੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਸ. ਗੁਰਮੀਤ ਸਿੰਘ ਮੁਕਤਸਰੀ, ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਕਸ਼ਮੀਰ ਸਿੰਘ, ਬਾਬਾ ਕੁਲਵਿੰਦਰ ਸਿੰਘ, ਸ. ਸੁਖਵਿੰਦਰ ਸਿੰਘ, ਸੁਪਰਵਾਈਜ਼ਰ ਸ. ਜਸਬੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।