ਸੁਨਾਮ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਨਰਜੀਤ ਸਿੰਘ ਖਡਿਆਲ ਦੀ ਅਗਵਾਈ ਹੇਠ ਇਕੱਠੇ ਹੋਏ ਪਾਰਟੀ ਆਗੂਆਂ ਤੇ ਵਰਕਰਾਂ ਨੇ ਸੁਨਾਮ ਦੇ ਮੁੱਖ ਚੌਂਕ ਵਿੱਚ ਸਥਿਤ ਸ਼ਹੀਦੇ ਆਜ਼ਮ ਸਰਦਾਰ ਊਧਮ ਸਿੰਘ ਦੇ ਬੁੱਤ ਦੀ ਸਫਾਈ ਕਰਕੇ ਰਾਸ਼ਟਰੀ ਝੰਡਾ ਲਹਿਰਾਇਆ। ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਗੋਲਡੀ ਨੇ ਉਕਤ ਜਗ੍ਹਾ ਤੇ ਫਟਿਆ ਤਿਰੰਗਾ ਲਹਿਰਾਉਣ ਦਾ ਮੁੱਦਾ ਚੁੱਕਿਆ ਸੀ। ਨੌਜਵਾਨ ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕੁਝ ਸਮਾਂ ਪਹਿਲਾਂ ਪ੍ਰਸ਼ਾਸਨ ਨੂੰ ਬੁੱਤ 'ਤੇ ਲੱਗੇ ਪੁਰਾਣੇ ਅਤੇ ਖਰਾਬ ਹੋ ਚੁੱਕੇ ਝੰਡੇ ਨੂੰ ਬਦਲਣ ਲਈ ਕਿਹਾ ਗਿਆ ਸੀ, ਪਰ ਝੰਡਾ ਬਦਲਣ ਦੀ ਬਜਾਏ ਡੰਡਾ ਹੀ ਗਾਇਬ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀ ਸ਼ਹੀਦਾਂ ਪ੍ਰਤੀ ਸੋਚ ਅਤੇ ਲਾਪਰਵਾਹੀ ਦਾ ਸਪੱਸ਼ਟ ਸਬੂਤ ਹੈ। ਉਨ੍ਹਾਂ ਦੱਸਿਆ ਕਿ ਇਹ ਬੁੱਤ 31 ਜੁਲਾਈ 2008 ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਵਿੱਚ ਸਥਾਪਿਤ ਕੀਤਾ ਗਿਆ ਸੀ ਅਤੇ ਪੰਜਾਬ ਦੇ ਪੁਰਾਤੱਤਵ ਵਿਭਾਗ ਵੱਲੋਂ ਇਤਿਹਾਸਕ ਦਸਤਾਵੇਜ਼ਾਂ ਦੇ ਆਧਾਰ 'ਤੇ ਤਿਆਰ ਕਰਵਾਇਆ ਗਿਆ ਸੀ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਸਰਕਾਰ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਉਂਦੀ ਤਾਂ ਸ਼੍ਰੋਮਣੀ ਅਕਾਲੀ ਦਲ ਦੀ ਟੀਮ ਸਮੇਂ-ਸਮੇਂ 'ਤੇ ਬੁੱਤ ਦੀ ਸਫਾਈ, ਸੰਭਾਲ ਅਤੇ ਝੰਡੇ ਦੀ ਦੇਖਭਾਲ ਆਪਣੀ ਜ਼ਿੰਮੇਵਾਰੀ ਸਮਝਦਿਆਂ ਕਰਦੀ ਰਹੇਗੀ।
ਫਾਈਲ 04-- ਗੋਲਡੀ ਸੁਨਾਮ