ਅੰਮ੍ਰਿਤਸਰ : ਆਮ ਆਦਮੀ ਪਾਰਟੀ–ਅੰਮ੍ਰਿਤਸਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੋਤ ਸਿੰਘ ਧੰਜਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਪਾਰ ਅਤੇ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2026-27 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਪੰਜਾਬ ਵਿੱਚ GST ਇਕੱਠਾ ਕਰਨ ਵਿੱਚ 20 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਸੂਬੇ ਦੀ ਮਜ਼ਬੂਤ ਹੋ ਰਹੀ ਆਰਥਿਕਤਾ ਅਤੇ ਮਾਨ ਸਰਕਾਰ ਦੀਆਂ ਪਾਰਦਰਸ਼ੀ ਤੇ ਇਮਾਨਦਾਰ ਨੀਤੀਆਂ ਦਾ ਪ੍ਰਤੱਖ ਸਬੂਤ ਹੈ। ਧੰਜਲ ਨੇ ਦੱਸਿਆ ਕਿ ਇਸ ਸਾਲ ਪਹਿਲੇ ਚਾਰ ਮਹੀਨਿਆਂ ਵਿੱਚ ₹10,447.9 ਕਰੋੜ ਦਾ GST ਇਕੱਠਾ ਹੋਇਆ ਹੈ, ਜਦਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ ਇਹ ਅੰਕੜਾ ₹8,708.48 ਕਰੋੜ ਸੀ। ਇਸ ਦੇ ਨਤੀਜੇ ਵਜੋਂ ਸੂਬੇ ਦੀ ਆਮਦਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਨਾਲ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲ ਰਹੀ ਹੈ। ਸਰਬਜੋਤ ਸਿੰਘ ਧੰਜਲ ਨੇ ਕਿਹਾ ਕਿ ਸਰਕਾਰ ਵੱਲੋਂ ਵਧੀ ਹੋਈ ਆਮਦਨ ਨੂੰ ਸਿੱਖਿਆ, ਸਿਹਤ, ਬੁਨਿਆਦੀ ਢਾਂਚੇ, ਸੜਕਾਂ, ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਹੋਰ ਲੋਕ ਭਲਾਈ ਦੀਆਂ ਯੋਜਨਾਵਾਂ ’ਤੇ ਖਰਚ ਕੀਤਾ ਜਾ ਰਿਹਾ ਹੈ, ਜਿਸ ਦਾ ਸਿੱਧਾ ਲਾਭ ਪੰਜਾਬ ਦੇ ਹਰ ਵਰਗ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਮਾਨਦਾਰ, ਪਾਰਦਰਸ਼ੀ ਅਤੇ ਲੋਕ-ਪੱਖੀ ਸ਼ਾਸਨ ਦੇ ਆਪਣੇ ਵਾਅਦੇ ’ਤੇ ਪੂਰੀ ਤਰ੍ਹਾਂ ਖਰੀ ਉਤਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਪੰਜਾਬ ਨੂੰ ਵਿਕਾਸ ਅਤੇ ਖੁਸ਼ਹਾਲੀ ਦੀਆਂ ਨਵੀਆਂ ਉਚਾਈਆਂ ’ਤੇ ਲਿਜਾਣ ਲਈ ਵਚਨਬੱਧ ਹੈ।