ਸੁਨਾਮ, : ਭਾਰਤੀ ਜਨਤਾ ਪਾਰਟੀ ਨੇ ਸ਼ਹਿਰ ਅੰਦਰ ਪ੍ਰਸਤਾਵਿਤ ਵਾਟਰ ਟਰੀਟਮੈਂਟ ਪਲਾਂਟ ਨੂੰ ਲੈਕੇ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ। ਭਾਜਪਾ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨ ਦਾਮਨ ਬਾਜਵਾ ਨੇ ਆਮ ਆਦਮੀ ਪਾਰਟੀ ਦੇ ਸੁਨਾਮ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਤਾਕੀਦ ਕੀਤੀ ਹੈ ਕਿ ਉਹ ਕੇਂਦਰ ਸਰਕਾਰ ਦੁਆਰਾ ਮਨਜ਼ੂਰ ਕੀਤੇ ਗਏ ਇਸ ਮਹੱਤਵਪੂਰਨ ਪ੍ਰੋਜੈਕਟ ਨੂੰ ਕਿਸੇ ਵੀ ਵਿਵਾਦ ਦਾ ਸ਼ਿਕਾਰ ਨਾ ਹੋਣ ਦੇਣ। ਉਨ੍ਹਾਂ ਮੰਗ ਕੀਤੀ ਕਿ ਮੰਤਰੀ ਅਮਨ ਅਰੋੜਾ ਵਿਵਾਦਤ ਜਗ੍ਹਾ ਨੂੰ ਛੱਡਕੇ ਬਿਨਾਂ ਦੇਰੀ ਲੋਕਾਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਮੁਹਈਆ ਕਰਵਾਉਣ ਨੂੰ ਯਕੀਨੀ ਬਣਾਉਣ। ਬੁੱਧਵਾਰ ਨੂੰ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਦੋਸ਼ ਲਗਾਇਆ ਕਿ ਜਨਤਕ ਹਿੱਤ ਦੇ ਇਸ ਗੰਭੀਰ ਮੁੱਦੇ 'ਤੇ ਛੋਟੇ ਪੱਧਰ ਦੀ ਰਾਜਨੀਤੀ ਖੇਡੀ ਜਾ ਰਹੀ ਹੈ, ਜਿਸ ਨਾਲ ਸੁਨਾਮ ਦੇ ਵਸ਼ਿੰਦੇ ਸਾਫ਼ ਪੀਣ ਵਾਲੇ ਪਾਣੀ ਵਰਗੀ ਬੁਨਿਆਦੀ ਸਹੂਲਤ ਤੋਂ ਵਾਂਝੇ ਰਹਿ ਰਹੇ ਹਨ।