ਮੋਗਾ : ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਅੱਜ ਕਿਹਾ ਕਿ ਹੁਣ ਤੱਕ ਸੂਬੇ ਦੇ 12 ਜ਼ਿਲ੍ਹਿਆਂ ਦੇ ਦੌਰੇ ਦੌਰਾਨ ਉਨ੍ਹਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਲੋਕ ਪੰਜਾਬ ਵਿੱਚ ਕਾਂਗਰਸ ਨੂੰ ਮੁੜ ਸੱਤਾ ਵਿੱਚ ਲਿਆਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹੁਣ ਸਿਰਫ਼ ਕਾਂਗਰਸ ਤੋਂ ਹੀ ਉਮੀਦ ਨਜ਼ਰ ਆ ਰਹੀ ਹੈ। ਮੋਗਾ ਵਿੱਚ ‘ਹਰ ਬੂਥ, ਕਾਂਗਰਸ ਮਜ਼ਬੂਤ’ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਬਘੇਲ ਨੇ ਕਿਹਾ ਕਿ ਰਾਜਨੀਤੀ ਵਿੱਚ ਆਪਣੇ ਲੰਮੇ ਤਜਰਬੇ ਦੇ ਆਧਾਰ ’ਤੇ ਉਹ ਮਹਿਸੂਸ ਕਰ ਸਕਦੇ ਹਨ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ, ਜੋ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਉਨ੍ਹਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ, ਨੂੰ ਸੱਤਾ ਤੋਂ ਹਟਾਉਣ ਲਈ ਕਾਂਗਰਸ ਨੂੰ ਹੀ ਇੱਕੋ-ਇੱਕ ਬਦਲ ਵਜੋਂ ਦੇਖ ਰਹੇ ਹਨ। ਉਨ੍ਹਾਂ ਕਿਹਾ, “ਭਗਵੰਤ ਮਾਨ ਨੇ ਪੰਜਾਬ ਨੂੰ ਕਰਜ਼ੇ ਅਤੇ ਨਸ਼ਿਆਂ ਵਿੱਚ ਡੁਬੋ ਦਿੱਤਾ ਹੈ।” ਉਨ੍ਹਾਂ ਨੇ ਕਿਹਾ ਕਿ ਸੂਬੇ ਦੀ ਆਰਥਿਕਤਾ ਅਤੇ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਢਹਿ ਗਈ ਹੈ। ਉਨ੍ਹਾਂ ਸੂਬੇ ਦੀ ਵਿਗੜ ਰਹੀ ਕਾਨੂੰਨ-ਵਿਵਸਥਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਗੈਂਗਸਟਰ ਸੱਭਿਆਚਾਰ ਸਿਖਰ ’ਤੇ ਹੈ, ਬਦਅਮਨੀ ਸਿਖਰ ’ਤੇ ਹੈ ਅਤੇ ਨਸ਼ਿਆਂ ਦੀ ਸਮੱਸਿਆ ਸਭ ਤੋਂ ਭਿਆਨਕ ਪੱਧਰ ’ਤੇ ਪਹੁੰਚ ਚੁੱਕੀ ਹੈ। ਵੜਿੰਗ ਨੇ ਮਾਨ ਸਰਕਾਰ ਵੱਲੋਂ ਪੁਲਿਸ ਬਲ ਦੀ ਕਥਿਤ ਦੁਰਵਰਤੋਂ ਕਰਕੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ, ਮਨਰੇਗਾ ਵਰਕਰਾਂ, ਸਫ਼ਾਈ ਕਰਮਚਾਰੀਆਂ, ਕਿਸਾਨਾਂ ਅਤੇ ਸਰਕਾਰੀ ਮੁਲਾਜ਼ਮਾਂ ਨਾਲ ਕੀਤੀ ਜਾ ਰਹੀ ਸਖ਼ਤੀ ਦੀ ਵੀ ਨਿੰਦਾ ਕੀਤੀ।