ਲੁਧਿਆਣਾ : ਹਲਕਾ ਗਿੱਲ ਦੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਵਿਖੇ ਦਸਮੇਸ਼ ਤਰਨਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ ਜੀ ਦਾ ਨਿੱਘਾ ਆਗਮਨ ਹੋਇਆ। ਇਸ ਮੌਕੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿਮਕ, ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਪ੍ਰੇਮ ਸਿੰਘ ਹਰਨਾਮਪੁਰਾ ਅਤੇ ਸੀਨੀਅਰ ਆਗੂਆਂ ਵੱਲੋਂ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕਰਦਿਆਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਬੈਠਕ ਦੌਰਾਨ ਪੰਥ ਦੀ ਚੜ੍ਹਦੀ ਕਲਾ, ਸਿੱਖ ਕੌਮ ਦੇ ਸਮਕਾਲੀ ਮਸਲਿਆਂ, ਸਮਾਜਿਕ ਸਰੋਕਾਰਾਂ ਅਤੇ ਪੰਜਾਬ ਦੇ ਮੌਜੂਦਾ ਹਾਲਾਤਾਂ 'ਤੇ ਵਿਸਥਾਰਪੂਰਵਕ ਚਰਚਾ ਹੋਈ। ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਥ ਅਤੇ ਪੰਜਾਬ ਦੇ ਹਿੱਤਾਂ ਲਈ ਪਹਿਰੇਦਾਰ ਰਿਹਾ ਹੈ ਅਤੇ ਬਾਬਾ ਜੀ ਦੇ ਸੁਝਾਵਾਂ 'ਤੇ ਅਮਲ ਕਰਦਿਆਂ ਇਨ੍ਹਾਂ ਕਾਰਜਾਂ ਨੂੰ ਅੱਗੇ ਵਧਾਇਆ ਜਾਵੇਗਾ। ਹਲਕਾ ਇੰਚਾਰਜ ਸਰਦਾਰ ਹਰਪ੍ਰੀਤ ਸਿੰਘ ਸਿਮਕ (ਸਾਬਕਾ ਜੱਜ) ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾ ਕੇ ਗੁਰੂ ਲੜ ਲਾਉਣ ਦੀ ਲੋੜ ਹੈ। ਉਨ੍ਹਾਂ ਭਵਿੱਖ ਵਿੱਚ ਵੀ ਪੰਥਕ ਅਤੇ ਲੋਕ ਹਿੱਤਾਂ ਲਈ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦਾ ਵਿਸ਼ਵਾਸ ਪ੍ਰਗਟਾਇਆ ਅਤੇ ਬਾਬਾ ਜੀ ਨੂੰ ਸਨਮਾਨ ਵਜੋਂ ਸ੍ਰੀ ਸਾਹਿਬ (ਕਿਰਪਾਨ) ਭੇਟ ਕੀਤੀ।