ਲੌਂਗੋਵਾਲ : ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਰਾਮਪਾਲ ਸਿੰਘ ਬਹਿਣੀਵਾਲ ਅਤੇ ਰਿਪੁਦਮਨ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਬਰਸੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਇੱਕ ਅਹਿਮ ਮੀਟਿੰਗ 7 ਅਗਸਤ (ਸ਼ੁਕਰਵਾਰ) ਗੁਰਦੁਆਰਾ ਸ਼੍ਰੀ ਕੈਂਬੋਵਾਲ ਸਾਹਿਬ, ਲੌਂਗੋਵਾਲ ਵਿਖੇ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਮੀਟਿੰਗ ਬਰਸੀ ਸਮਾਗਮ ਦੀਆਂ ਤਿਆਰੀਆਂ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਨਾਲ ਬੁਲਾਈ ਗਈ ਹੈ। ਇਸ ਤੋਂ ਇਲਾਵਾ ਵੱਖ-ਵੱਖ ਕਮੇਟੀਆਂ ਦੀਆਂ ਜ਼ਿੰਮੇਵਾਰੀਆਂ ਅਤੇ ਡਿਊਟੀਆਂ ਵੀ ਨਿਰਧਾਰਤ ਕੀਤੀਆਂ ਜਾਣਗੀਆਂ, ਤਾਂ ਜੋ ਬਰਸੀ ਸਮਾਗਮ ਪੂਰੀ ਸ਼ਰਧਾ, ਅਨੁਸ਼ਾਸਨ ਅਤੇ ਸੁਚੱਜੇ ਪ੍ਰਬੰਧਾਂ ਨਾਲ ਸੰਪੰਨ ਹੋ ਸਕੇ।
ਸ਼੍ਰੀ ਬਹਿਣੀਵਾਲ ਅਤੇ ਰਿਪੁਦਮਨ ਸਿੰਘ ਢਿੱਲੋਂ ਨੇ ਸਮੂਹ ਅਹੁਦੇਦਾਰਾਂ, ਵਰਕਰਾਂ, ਸੇਵਾਦਾਰਾਂ ਅਤੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਪਹੁੰਚ ਕੇ ਇਸ ਅਹਿਮ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਅਤੇ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਯਾਦ ਵਿੱਚ ਮਨਾਏ ਜਾਣ ਵਾਲੇ ਬਰਸੀ ਸਮਾਗਮ ਨੂੰ ਸਫਲ ਬਣਾਉਣ ਲਈ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ।
ਉਨ੍ਹਾਂ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਸ਼ਹਾਦਤ ਸਿੱਖ ਕੌਮ ਅਤੇ ਪੰਜਾਬ ਦੇ ਇਤਿਹਾਸ ਦਾ ਇੱਕ ਮਹੱਤਵਪੂਰਨ ਅਧਿਆਇ ਹੈ ਅਤੇ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਬਰਸੀ ਸਮਾਗਮ ਸੰਗਤਾਂ ਦੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਤੀਕ ਹੈ।