ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਆਮ ਆਦਮੀ ਪਾਰਟੀ ਪੰਜਾਬ ਦੇ ਮਾਲਵਾ ਈਸਟ ਦੇ ਸਿੱਖਿਆ ਕ੍ਰਾਂਤੀ ਦੇ ਜ਼ੋਨਲ ਇੰਚਾਰਜ ਅਤੇ ਡੇਰਾਬੱਸੀ ਦੇ ਆਬਜ਼ਰਵਰ ਸ੍ਰੀ ਹਰਮੀਤ ਸਿੰਘ ਛਿੱਬਰ ਨੇ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਫ਼ੀਸ ਸਬੰਧੀ ਲਏ ਗਏ ਫ਼ੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਮਾਪਿਆਂ ਦੇ ਹਿੱਤ ਵਿੱਚ ਚੁੱਕਿਆ ਗਿਆ ਇੱਕ ਇਤਿਹਾਸਕ ਅਤੇ ਸ਼ਲਾਘਾਯੋਗ ਕਦਮ ਕਰਾਰ ਦਿੱਤਾ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਸ੍ਰੀ ਛਿੱਬਰ ਨੇ ਕਿਹਾ ਕਿ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਨੂੰ ਮਨਜ਼ੂਰਸ਼ੁਦਾ 15 ਫ਼ੀਸਦੀ ਫ਼ੀਸ ਵਾਧੇ ਦੀ ਸੀਮਾ ਨੂੰ ਘਟਾ ਕੇ 5 ਫ਼ੀਸਦੀ ਕਰਨ ਦਾ ਫ਼ੈਸਲਾ ਲੱਖਾਂ ਮਾਪਿਆਂ ਨੂੰ ਵੱਡੀ ਆਰਥਿਕ ਰਾਹਤ ਪ੍ਰਦਾਨ ਕਰੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਰਕਾਰ ਵੱਲੋਂ ਜਲਦ ਹੀ ਆਰਡੀਨੈਂਸ ਜਾਰੀ ਕੀਤਾ ਜਾਵੇਗਾ, ਜਿਸ ਰਾਹੀਂ ਨਵੇਂ ਪ੍ਰਬੰਧ ਲਾਗੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੀ ਜਾ ਰਹੀ ਕਥਿਤ ਮਨਮਾਨੀ ਅਤੇ ਬੇਲੋੜੇ ਫ਼ੀਸ ਵਾਧੇ 'ਤੇ ਲਗਾਮ ਲਗਾਉਣ ਲਈ ਲਿਆ ਗਿਆ ਇਹ ਫ਼ੈਸਲਾ ਸਮਾਜ ਦੇ ਹਰ ਵਰਗ ਵੱਲੋਂ ਸ਼ਲਾਘਾ ਦਾ ਪਾਤਰ ਬਣ ਰਿਹਾ ਹੈ। ਸ੍ਰੀ ਛਿੱਬਰ ਨੇ ਵਿਸ਼ਵਾਸ ਪ੍ਰਗਟਾਇਆ ਕਿ ਸਰਕਾਰ ਦਾ ਇਹ ਉਪਰਾਲਾ ਸਿੱਖਿਆ ਪ੍ਰਣਾਲੀ ਵਿੱਚ ਸੰਤੁਲਨ ਬਣਾਉਣ ਦੇ ਨਾਲ-ਨਾਲ ਮਾਪਿਆਂ ਦੇ ਆਰਥਿਕ ਬੋਝ ਨੂੰ ਘਟਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਏਗਾ।