ਸੁਨਾਮ : ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਮਨਵਾਉਣ ਲਈ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਖੇ ਹੋ ਰਹੀ ਸੂਬਾ ਪੱਧਰੀ ਰੈਲੀ ਵਿੱਚ ਸ਼ਮੂਲੀਅਤ ਕਰਨ ਲਈ ਸਿਹਤ ਵਿਭਾਗ ਵਿੱਚ ਸੇਵਾਵਾਂ ਨਿਭਾਅ ਰਹੇ ਵੱਡੀ ਗਿਣਤੀ ਮੁਲਾਜ਼ਮਾਂ ਦਾ ਕਾਫ਼ਲਾ ਚੰਡੀਗੜ੍ਹ ਵੱਲ ਰਵਾਨਾ ਹੋਇਆ। ਇਸ ਮੌਕੇ ਬੋਲਦਿਆਂ ਮਲਟੀਪਰਪਜ ਹੈਲਥ ਇੰਪਲਾਈਜ ਮੇਲ ਫੀਮੇਲ ਯੂਨੀਅਨ ਪੰਜਾਬ ਅਤੇ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ , ਸੂਬਾਈ ਆਗੂ ਅਵਤਾਰ ਸਿੰਘ ਗੰਢੂਆਂ, ਰਵਿੰਦਰ ਸ਼ਰਮਾ , ਗੁਰਪ੍ਰੀਤ ਗੁੱਜਰਾਂ , ਕੁਲਵਿੰਦਰ ਸਿੰਘ ਸਿੱਧੂ , ਦਲਜੀਤ ਢਿੱਲੋਂ ਅਤੇ ਗੁਰਪ੍ਰੀਤ ਸਿੰਘ ਵਾਲੀਆ ਨੇ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ, ਮਹਿੰਗਾਈ ਦੇ ਦੌਰ ਵਿੱਚ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਡਿੱਠ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਮਾਨਯੋਗ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਵੀ ਮਹਿੰਗਾਈ ਭੱਤੇ ਦਾ ਬਕਾਇਆ ਨਹੀਂ ਦਿੱਤਾ ਜਾ ਰਿਹਾ। ਸਰਕਾਰ ਮੁਲਾਜ਼ਮਾਂ ਦਾ ਹੱਕ ਮਾਰਨ ਲਈ ਬੇਤੁਕੇ ਤਰਕ ਦੇਕੇ ਸੁਪਰੀਮ ਕੋਰਟ ਜਾਣ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਸੂਬੇ ਦੀ ਸਰਕਾਰ ਪੁਰਾਣੀ ਪੈਨਸ਼ਨ ਬਹਾਲੀ ਤੋਂ ਇਲਾਵਾ ਹੋਰ ਮੰਗਾਂ ਪੂਰੀਆਂ ਕਰਨ ਤੋਂ ਟਾਲਾ ਵੱਟ ਰਹੀ ਹੈ। ਇਸ ਮੌਕੇ ਇੰਦਰਜੀਤ ਸਿੰਘ, ਯਾਦਵਿੰਦਰ ਸਿੰਘ, ਨਰੇਸ ਸੁਨਾਮ ਕੁਲਦੀਪ ਕੌਹਰੀਆਂ ਵੀਰ ਸਿੰਘ, ਜਗਸੀਰ, ਗੁਰਤੇਜ਼ ਸੁਨਾਮ, ਵੀਰ ਸਿੰਘ, ਮਨਜੀਤ ਸਿੰਘ, ਗੁਰਵਿੰਦਰ ਸਿੰਘ ਗੁਰਪ੍ਰੀਤ ਕਿਲਾ, ਸਿੰਕਦਰ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।