ਲੁਧਿਆਣਾ : ਬੀਤੇ ਦਿਨੀਂ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ ਕਾਂਗਰਸ ਪਾਰਟੀ ਦੇ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਆਰ.ਐੱਸ.ਐੱਸ. ਦੇ ਵਰਕਰਾਂ ਵਿਰੁੱਧ ਵਰਤੀ ਗਈ ਮਾੜੀ ਸ਼ਬਦਾਵਲੀ ਦੀ ਚੌਤਰਫ਼ਾ ਨਿੰਦਾ ਹੋ ਰਹੀ ਹੈ। ਹਲਕਾ ਗਿੱਲ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਐਡਵੋਕੇਟ ਪ੍ਰਗਟ ਸਿੰਘ ਨੇ ਇਸ ਬਿਆਨਬਾਜ਼ੀ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਜਨੀਤਿਕ ਲੋਕਾਂ ਨੂੰ ਇੱਕ-ਦੂਜੇ ਪ੍ਰਤੀ ਅਜਿਹੀ ਨੀਵੇਂ ਪੱਧਰ ਦੀ ਸ਼ਬਦਾਵਲੀ ਵਰਤਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਐਡਵੋਕੇਟ ਪ੍ਰਗਟ ਸਿੰਘ ਨੇ ਤਨਜ਼ ਕੱਸਦਿਆਂ ਕਿਹਾ ਕਿ ਰਾਜਾ ਵੜਿੰਗ ਦੇ ਅਜਿਹੇ ਬੋਲ ਸੁਣ ਕੇ ਲੱਗਦਾ ਹੈ ਕਿ ਕਾਂਗਰਸ ਦੇ ਅੰਦਰੂਨੀ ਕਲੇਸ਼ ਕਾਰਨ ਉਹ ਬਤੌਰ ਪ੍ਰਧਾਨ ਆਪਣੀ ਸੁੱਧ-ਬੁੱਧ ਗੁਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਪੂਰੀ ਤਰ੍ਹਾਂ ਬੁਖਲਾਹਟ ਵਿੱਚ ਆ ਚੁੱਕੇ ਹਨ, ਜਿਸ ਕਾਰਨ ਉਹ ਆਮ ਲੋਕਾਂ ਅਤੇ ਵਿਰੋਧੀ ਧਿਰ ਦੇ ਰਾਜਨੀਤਕ ਆਗੂਆਂ ਨੂੰ ਮਾੜੀ ਸ਼ਬਦਾਵਲੀ ਵਰਤ ਕੇ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕਰ ਰਹੇ ਹਨ।ਭਾਜਪਾ ਆਗੂ ਨੇ ਕਿਹਾ ਕਿ ਸ਼ਾਇਦ ਕਾਂਗਰਸੀ ਆਗੂਆਂ ਨੂੰ ਇਹ ਸਮਝ ਨਹੀਂ ਆ ਰਹੀ ਕਿ ਪੰਜਾਬ ਅਤੇ ਦੇਸ਼ ਦੇ ਲੋਕ ਹੁਣ ਪੂਰੀ ਤਰ੍ਹਾਂ ਜਾਗਰੂਕ ਹੋ ਚੁੱਕੇ ਹਨ ਅਤੇ ਉਹ ਸਭ ਜਾਣਦੇ ਹਨ ਕਿ ਕਿਹੜਾ ਰਾਜਨੀਤਿਕ ਆਗੂ ਕਿਸ ਮਕਸਦ ਲਈ ਕੀ ਕਰ ਰਿਹਾ ਹੈ। ਉਨ੍ਹਾਂ ਰਾਜਾ ਵੜਿੰਗ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਉਹ ਭਵਿੱਖ ਵਿੱਚ ਕੁਝ ਵੀ ਬੋਲਣ ਤੋਂ ਪਹਿਲਾਂ ਚੰਗੀ ਤਰ੍ਹਾਂ ਸੋਚ ਲਿਆ ਕਰਨ, ਅਜਿਹਾ ਨਾ ਹੋਵੇ ਕਿ ਉਨ੍ਹਾਂ ਦੀ ਇਹ ਮੰਦੀ ਭਾਸ਼ਾ ਖੁਦ ਉਨ੍ਹਾਂ ਲਈ ਹੀ ਗਲੇ ਦੀ ਹੱਡੀ ਬਣ ਜਾਵੇ।