ਪਟਿਆਲਾ : ਬਾਰਾਦਰੀ ਬਾਗ ਸਥਿਤ ਚਿਲਡਰਨ ਪਾਰਕ ਵਿੱਚ ਨਵੇਂ ਓਪਨ ਜਿਮ ਦਾ ਉਦਘਾਟਨ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਵੱਲੋਂ ਕੀਤਾ ਗਿਆ। ਬਾਰਾਦਰੀ ਬਾਗ ਵਿੱਚ ਓਪਨ ਜਿਮ ਸਥਾਪਤ ਕਰਨ ਦੀ ਮੰਗ ਸ਼ਹਿਰ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਜਨਹਿਤ ਸੰਮਤੀ ਵੱਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ, ਜੋ ਐਮਸੀ ਕਵਲਜੀਤ ਕੌਰ ਜੱਗੀ ਦੀਆਂ ਕੋਸ਼ਿਸ਼ਾਂ ਸਦਕਾ ਹੁਣ ਪੂਰੀ ਹੋਈ ਹੈ। ਇਹ ਓਪਨ ਜਿਮ ਚੇਅਰਮੈਨ ਤੇਜਿੰਦਰ ਮਹਿਤਾ ਵੱਲੋਂ ਜ਼ਿਲ੍ਹਾ ਯੋਜਨਾ ਕਮੇਟੀ ਰਾਹੀਂ ਉਪਲਬਧ ਕਰਵਾਏ ਗਏ ਫੰਡਾਂ ਨਾਲ ਸਥਾਪਤ ਕੀਤਾ ਗਿਆ ਹੈ। ਇਸ ਮੌਕੇ ਤੇਜਿੰਦਰ ਮਹਿਤਾ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਜਨਤਕ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸੋਚ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਲੋਕ-ਹਿੱਤ ਅਤੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਹੂਲਤ ਮਿਲਣ ਨਾਲ ਪਾਰਕ ਵਿੱਚ ਸੈਰ ਅਤੇ ਕਸਰਤ ਕਰਨ ਲਈ ਆਉਣ ਵਾਲੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ। ਐਮਸੀ ਕਵਲਜੀਤ ਕੌਰ ਜੱਗੀ ਨੇ ਤੇਜਿੰਦਰ ਮਹਿਤਾ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਾਰਾਦਰੀ ਬਾਗ ਦੇ ਚਿਲਡਰਨ ਪਾਰਕ ਵਿੱਚ ਓਪਨ ਜਿਮ ਦੀ ਸਹੂਲਤ ਮਿਲਣ ਨਾਲ ਇਲਾਕਾ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਈ ਹੈ।