ਅੰਮ੍ਰਿਤਸਰ : ਦਮਦਮੀ ਟਕਸਾਲ ਦੇ ਮੁਖੀ ਸਿੰਘ ਸਾਹਿਬ ਗਿਆਨੀ ਰਾਮ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਨੇ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਅਤੇ ਦਮਦਮੀ ਟਕਸਾਲ ਦੇ 320ਵੇਂ ਸਥਾਪਨਾ ਦਿਵਸ ਮੌਕੇ ਸਮੂਹ ਸਿੱਖ ਸੰਗਤ ਅਤੇ ਸਮੁੱਚੇ ਪੰਥ ਨੂੰ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਦਿਹਾੜੇ ਸਿੱਖ ਇਤਿਹਾਸ ਅਤੇ ਗੁਰਮਤਿ ਪਰੰਪਰਾ ਵਿੱਚ ਵਿਸ਼ੇਸ਼ ਮਹੱਤਵ ਰੱਖਦੇ ਹਨ ਅਤੇ ਸਾਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਦਿੰਦੇ ਹਨ।
ਗਿਆਨੀ ਰਾਮ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਨੇ ਕਿਹਾ ਕਿ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਨੇ ਬਾਲ ਅਵਸਥਾ ਵਿੱਚ ਹੀ ਮਨੁੱਖਤਾ ਦੀ ਨਿਸ਼ਕਾਮ ਸੇਵਾ, ਦਇਆ, ਨਿਮਰਤਾ ਅਤੇ ਪਰਉਪਕਾਰ ਦਾ ਅਦੁੱਤੀ ਸੰਦੇਸ਼ ਦਿੱਤਾ। ਦਿੱਲੀ ਵਿੱਚ ਫੈਲੀ ਮਹਾਂਮਾਰੀ ਦੌਰਾਨ ਗੁਰੂ ਸਾਹਿਬ ਜੀ ਨੇ ਆਪਣੀ ਪਰਵਾਹ ਕੀਤੇ ਬਿਨਾਂ ਦੁਖੀ ਅਤੇ ਪੀੜਤ ਲੋਕਾਂ ਦੀ ਸੇਵਾ ਕਰਕੇ ਮਨੁੱਖਤਾ ਲਈ ਮਹਾਨ ਮਿਸਾਲ ਕਾਇਮ ਕੀਤੀ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਵੀ ਗੁਰੂ ਸਾਹਿਬ ਜੀ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਮਨੁੱਖਤਾ ਦੀ ਸੇਵਾ ਅਤੇ ਸਰਬੱਤ ਦੇ ਭਲੇ ਦੀ ਭਾਵਨਾ ਨੂੰ ਅਪਣਾਉਣ ਦੀ ਲੋੜ ਹੈ। ਉਨ੍ਹਾਂ ਦਮਦਮੀ ਟਕਸਾਲ ਦੇ 320ਵੇਂ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਟਕਸਾਲ ਸਦੀਆਂ ਤੋਂ ਗੁਰਬਾਣੀ ਦੇ ਸ਼ੁੱਧ ਉਚਾਰਨ, ਗੁਰਮਤਿ ਪ੍ਰਚਾਰ, ਸਿੱਖ ਰਹਿਤ ਮਰਿਆਦਾ ਅਤੇ ਪੰਥਕ ਪਰੰਪਰਾਵਾਂ ਦੀ ਸੰਭਾਲ ਲਈ ਅਹਿਮ ਭੂਮਿਕਾ ਨਿਭਾਉਂਦੀ ਆ ਰਹੀ ਹੈ। ਅੰਤ ਵਿੱਚ ਗਿਆਨੀ ਰਾਮ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਨੇ ਅਰਦਾਸ ਕੀਤੀ ਕਿ ਅਕਾਲ ਪੁਰਖ ਸਮੁੱਚੇ ਪੰਥ ਨੂੰ ਚੜ੍ਹਦੀ ਕਲਾ, ਏਕਤਾ ਅਤੇ ਗੁਰੂ ਚਰਨਾਂ ਨਾਲ ਜੁੜੇ ਰਹਿਣ ਦੀ ਦਾਤ ਬਖ਼ਸ਼ਣ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਅਤੇ ਦਮਦਮੀ ਟਕਸਾਲ ਦੇ ਸਥਾਪਨਾ ਦਿਵਸ ਨੂੰ ਸ਼ਰਧਾ, ਸਤਿਕਾਰ ਅਤੇ ਗੁਰਬਾਣੀ ਦੇ ਸਿਮਰਨ ਨਾਲ ਮਨਾਉਣ ਅਤੇ ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ 'ਤੇ ਚੱਲ ਕੇ ਮਨੁੱਖਤਾ ਦੀ ਭਲਾਈ ਲਈ ਆਪਣਾ ਯੋਗਦਾਨ ਪਾਉਣ।