ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਫਰਮ ਵੀਜ਼ਾ ਪੈਲੇਸ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਫਰਮ ਵੀਜ਼ਾ ਪੈਲੇਸ ਐੱਸ.ਸੀ.ਐੱਫ. ਨੰਬਰ 20, ਪਹਿਲੀ ਮੰਜ਼ਿਲ, ਫੇਜ਼-3ਏ, ਮੋਹਾਲੀ ਦੇ ਮਾਲਕ ਅਮਰਜੀਤ ਸਿੰਘ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੰਸ ਨੰਬਰ 541/ਆਈ.ਸੀ., ਮਿਤੀ 22 ਫਰਵਰੀ 2023 ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਹੈ। ਏ.ਡੀ.ਸੀ. ਨੇ ਦੱਸਿਆ ਕਿ ਦਫ਼ਤਰੀ ਰਿਕਾਰਡ ਅਨੁਸਾਰ ਲਾਇਸੰਸ ਧਾਰਕ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ, 2012 ਦੀਆਂ ਸ਼ਰਤਾਂ ਦੀ ਉਲੰਘਣਾ ਕੀਤੀ ਗਈ। ਇਸ ਤੋਂ ਪਹਿਲਾਂ 17 ਜੁਲਾਈ 2025 ਨੂੰ ਲਾਇਸੰਸ ਮੁਅੱਤਲ ਕਰਕੇ ਸਪੱਸ਼ਟੀਕਰਨ ਮੰਗਿਆ ਗਿਆ ਸੀ, ਪਰ ਲਾਇਸੰਸ ਧਾਰਕ ਵੱਲੋਂ ਕੋਈ ਜਵਾਬ ਪੇਸ਼ ਨਹੀਂ ਕੀਤਾ ਗਿਆ। ਏ.ਡੀ.ਸੀ. ਨੇ ਜਾਣਕਾਰੀ ਦਿੰਦੇ ਹੋਏ ਦੱਸਿਆਂ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ, 2012 ਦੀ ਧਾਰਾ 6 (1) (ਈ) ਅਤੇ ਨਿਯਮ 4 (1) (iv) ਦੇ ਉਪਬੰਧਾਂ ਤਹਿਤ ਫਰਮ ਵੀਜ਼ਾ ਪੈਲੈਸ ਨੂੰ ਜਾਰੀ ਲਾਇਸੰਸ ਨੰ:541/ਆਈ.ਸੀ., ਮਿਤੀ 22 ਫਰਵਰੀ 2023 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਐਕਟ/ਰੂਲਾਂ ਵਿੱਚ ਦਰਸਾਏ ਅਨੁਸਾਰ ਉਕਤ ਪ੍ਰਾਰਥੀ/ਫਰਮ/ਫਰਮ ਦੇ ਮਾਲਕ ਖਿਲਾਫ ਭਵਿੱਖ ਵਿੱਚ ਜੇਕਰ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਪ੍ਰਾਰਥੀ/ਫਰਮ/ਫਰਮ ਦਾ ਮਾਲਕ ਹਰ ਪੱਖੋਂ ਉਸ ਦੀ ਭਰਪਾਈ ਕਰਨ ਲਈ ਖੁਦ ਜ਼ਿੰਮੇਵਾਰ ਹੋਵੇਗਾ।