ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ ਵਿਜੇਤਾ) ਸਰਕਾਰੀ ਕਾਲਜ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਕੌਰ ਬੈਂਸ ਦੀ ਅਗਵਾਈ ਹੇਠ ਸੈਸ਼ਨ 2026-27 ਦੇ ਦਾਖਲਾ ਲੈਵਲ ਦੇ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਕਾਲਜ ਦੇ ਅਕਾਦਮਿਕ ਮਾਹੌਲ, ਸਹਿ-ਪਾਠਕ੍ਰਮ ਗਤੀਵਿਧੀਆਂ, ਵਿਦਿਆਰਥੀ ਸਹੂਲਤਾਂ ਅਤੇ ਕਾਲਜ ਦੀ ਕਾਰਜ-ਪ੍ਰਣਾਲੀ ਨਾਲ ਜਾਣੂ ਕਰਵਾਉਣਾ ਸੀ।
ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਕੌਰ ਬੈਂਸ ਨੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਕੀਤੀ। ਉਨ੍ਹਾਂ ਕਿਹਾ ਕਿ ਸਿੱਖਿਆ ਕੇਵਲ ਡਿਗਰੀ ਪ੍ਰਾਪਤ ਕਰਨ ਦਾ ਸਾਧਨ ਨਹੀਂ, ਸਗੋਂ ਵਿਅਕਤੀ ਦੇ ਸਰਵਪੱਖੀ ਵਿਕਾਸ ਦਾ ਆਧਾਰ ਹੈ। ਪ੍ਰੋ. ਮੋਨਿਕਾ ਸਰਹੱਦੀ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਨਾਲ ਸਬੰਧਤ ਨਿਯਮਾਂ ਅਤੇ ਪ੍ਰਕਿਰਿਆਵਾਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਇਸ ਤੋਂ ਇਲਾਵਾ ਪ੍ਰੋ. ਸੁਖਵਿੰਦਰ ਸਿੰਘ ਨੇ ਐਨ.ਸੀ.ਸੀ. ਅਤੇ ਪ੍ਰੋ. ਮੁਹੰਮਦ ਸਹਿਬਾਜ ਨੇ ਐਨ.ਐਸ.ਐਸ. ਯੂਨਿਟਾਂ ਦੀਆਂ ਗਤੀਵਿਧੀਆਂ ਅਤੇ ਵਿਦਿਆਰਥੀਆਂ ਲਈ ਉਨ੍ਹਾਂ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਪ੍ਰੋਗਰਾਮ ਦਾ ਮੰਚ ਸੰਚਾਲਨ ਪ੍ਰੋ. ਸਿਮਰਪ੍ਰੀਤ, ਮੁੱਖੀ ਸਰੀਰਕ ਸਿੱਖਿਆ ਵਿਭਾਗ ਵੱਲੋਂ ਕੀਤਾ ਗਿਆ, ਜਦਕਿ ਅੰਤ ਵਿੱਚ ਪ੍ਰੋ. ਰਸ਼ਮੀ ਭਰਵਾਕਰ ਨੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ। ਇਸ ਮੌਕੇ ਕਾਲਜ ਦਾ ਸਮੂਹ ਅਧਿਆਪਕ ਅਤੇ ਗੈਰ-ਅਧਿਆਪਕ ਸਟਾਫ਼ ਵੀ ਹਾਜ਼ਰ ਸੀ।