ਸੁਨਾਮ : ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਖੇਪਲ ਵਿਖੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਦੀਆਂ ਯਾਦਾਂ ਨੂੰ ਤਾਜ਼ਾ ਕਰਦਿਆਂ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਹ ਸਮਾਗਮ ਸਕੂਲ ਪ੍ਰਿੰਸੀਪਲ ਮਮਤਾ ਗੱਖੜ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥਣਾਂ ਨੇ ਵਧ-ਚੜ੍ਹ ਕੇ ਭਾਗ ਲੈਂਦਿਆਂ ਪੰਜਾਬ ਦੇ ਅਮੀਰ ਸੱਭਿਆਚਾਰ ਦੀ ਖੂਬਸੂਰਤ ਝਲਕ ਪੇਸ਼ ਕੀਤੀ। ਤੀਆਂ ਦੇ ਤਿਉਹਾਰ ਮੌਕੇ ਸਕੂਲ ਦਾ ਮਾਹੌਲ ਪੂਰੀ ਤਰ੍ਹਾਂ ਪੰਜਾਬੀ ਰੰਗ ਵਿੱਚ ਰੰਗਿਆ ਨਜ਼ਰ ਆਇਆ। ਰੰਗ-ਬਿਰੰਗੇ ਪੰਜਾਬੀ ਪਹਿਰਾਵਿਆਂ ਵਿੱਚ ਸਜੇ ਵਿਦਿਆਰਥੀ ਖਾਸ ਖਿੱਚ ਦਾ ਕੇਂਦਰ ਬਣੇ। ਵਿਦਿਆਰਥਣਾਂ ਨੇ ਰਵਾਇਤੀ ਪੰਜਾਬੀ ਪਹਿਰਾਵੇ ਪਹਿਨ ਕੇ ਪੰਜਾਬੀ ਮੁਟਿਆਰਾਂ ਦੀ ਸੁੰਦਰਤਾ ਅਤੇ ਸੱਭਿਆਚਾਰਕ ਵਿਰਾਸਤ ਨੂੰ ਦਰਸਾਇਆ, ਜਦਕਿ ਵਿਦਿਆਰਥੀਆਂ ਨੇ ਵੀ ਰਵਾਇਤੀ ਪਹਿਰਾਵਿਆਂ ਰਾਹੀਂ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕੀਤੀ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਵੱਖ-ਵੱਖ ਵਸਤੂਆਂ ਵੀ ਪ੍ਰਦਰਸ਼ਿਤ ਕੀਤੀਆਂ ਗਈਆਂ। ਰਵਾਇਤੀ ਚੀਜ਼ਾਂ, ਪਹਿਰਾਵੇ ਅਤੇ ਪੰਜਾਬੀ ਵਿਰਸੇ ਨਾਲ ਜੁੜੀਆਂ ਹੋਰ ਵਸਤੂਆਂ ਸਮਾਗਮ ਨੂੰ ਹੋਰ ਵੀ ਦਿਲਚਸਪ ਬਣਾ ਰਹੀਆਂ ਸਨ। ਵਿਦਿਆਰਥੀਅਣਾਂ ਨੇ ਪੰਜਾਬੀ ਸੱਭਿਆਚਾਰ ਦੀਆਂ ਪੁਰਾਤਨ ਰਵਾਇਤਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਸੁਨੇਹਾ ਦਿੱਤਾ। ਇਸ ਦੌਰਾਨ ਸਕੂਲ ਪ੍ਰਬੰਧਕਾਂ ਵੱਲੋਂ ਪੰਜਾਬੀ ਪਹਿਰਾਵੇ ਵਿੱਚ ਸਜ ਕੇ ਆਈ ਵਿਦਿਆਰਥਣ ਜਸ਼ਨਦੀਪ ਕੌਰ ਨੂੰ ਮਿਸ ਤੀਜ ਦਾ ਖਿਤਾਬ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਕੂਲ ਵਿੱਚ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜਾਣੂ ਕਰਵਾਉਣ ਲਈ ਸਮੇਂ-ਸਮੇਂ ’ਤੇ ਅਜਿਹੇ ਪ੍ਰੋਗਰਾਮ ਕਰਵਾਏ ਜਾਂਦੇ ਹਨ, ਤਾਂ ਜੋ ਬੱਚੇ ਆਪਣੀ ਅਮੀਰ ਵਿਰਾਸਤ ਨੂੰ ਸਮਝਣ।