ਘੜੂੰਆਂ : ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਨ ਲਈ ਰਾਸ਼ਟਰੀ ਡੀ-ਵਾਰਮਿੰਗ ਦਿਵਸ ਬਲਾਕ ਘੜੂੰਆਂ ਵਿੱਚ ਮਨਾਇਆ ਗਿਆ। ਸਿਵਲ ਸਰਜਨ ਐਸ.ਏ.ਐਸ. ਨਗਰ ਡਾ. ਸੰਗੀਤਾ ਜੈਨ ਦੀ ਅਗਵਾਈ ਅਤੇ ਸੀਨੀਅਰ ਮੈਡੀਕਲ ਅਫ਼ਸਰ ਪੀ.ਐਚ.ਸੀ. ਘੜੂੰਆਂ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਦੀ ਦੇਖ-ਰੇਖ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵੱਖ-ਵੱਖ ਸਕੂਲਾਂ, ਆਂਗਣਵਾੜੀ ਕੇਂਦਰਾਂ ਅਤੇ ਸਿਹਤ ਸੰਸਥਾਵਾਂ ਵਿੱਚ ਬੱਚਿਆਂ ਨੂੰ ਡੀ-ਵਾਰਮਿੰਗ ਦਵਾਈ ਦੀ ਖੁਰਾਕ ਦਿੱਤੀ ਗਈ। ਇਸ ਮੁਹਿੰਮ ਤਹਿਤ ਬਲਾਕ ਘੜੂੰਆਂ ਵਿੱਚ 10,000 ਤੋਂ ਵੱਧ ਬੱਚਿਆਂ ਨੂੰ ਡੀ-ਵਾਰਮਿੰਗ ਦਵਾਈ ਦੀ ਖੁਰਾਕ ਦੇ ਕੇ ਕਵਰ ਕੀਤਾ ਗਿਆ। ਇਸ ਦੌਰਾਨ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪੇਟ ਦੇ ਕੀੜਿਆਂ ਤੋਂ ਬਚਾਅ, ਨਿੱਜੀ ਸਫ਼ਾਈ, ਹੱਥ ਧੋਣ ਅਤੇ ਸਾਫ਼-ਸੁਥਰਾ ਭੋਜਨ ਤੇ ਪਾਣੀ ਵਰਤਣ ਸਬੰਧੀ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਨੇ ਕਿਹਾ ਕਿ ਬੱਚਿਆਂ ਵਿੱਚ ਪੇਟ ਦੇ ਕੀੜਿਆਂ ਦੀ ਸਮੱਸਿਆ ਉਨ੍ਹਾਂ ਦੀ ਸਿਹਤ, ਪੋਸ਼ਣ ਅਤੇ ਸਰੀਰਕ ਤੇ ਮਾਨਸਿਕ ਵਿਕਾਸ ਨੂੰ ਪ੍ਰਭਾਵਿਤ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਡੀ-ਵਾਰਮਿੰਗ ਮੁਹਿੰਮ ਦਾ ਮੁੱਖ ਉਦੇਸ਼ ਬੱਚਿਆਂ ਨੂੰ ਕੀੜਿਆਂ ਤੋਂ ਮੁਕਤ ਕਰਕੇ ਉਨ੍ਹਾਂ ਦੀ ਸਿਹਤ ਅਤੇ ਪੋਸ਼ਣ ਦੀ ਸਥਿਤੀ ਵਿੱਚ ਸੁਧਾਰ ਲਿਆਉਣਾ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਡੀ-ਵਾਰਮਿੰਗ ਦਵਾਈ ਦੀ ਖੁਰਾਕ ਜ਼ਰੂਰ ਦਿਵਾਉਣ ਅਤੇ ਬੱਚਿਆਂ ਵਿੱਚ ਸਫ਼ਾਈ ਦੀਆਂ ਚੰਗੀਆਂ ਆਦਤਾਂ ਵਿਕਸਿਤ ਕਰਨ। ਬਲਾਕ ਐਕਸਟੈਂਸ਼ਨ ਐਜੂਕੇਟਰ ਸਾਹਿਲ ਸੁਖੇਰਾ ਨੇ ਕਿਹਾ ਕਿ ਬੱਚਿਆਂ ਨੂੰ ਡੀ-ਵਾਰਮਿੰਗ ਦਵਾਈ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਨਿੱਜੀ ਸਫ਼ਾਈ ਅਤੇ ਸਿਹਤਮੰਦ ਜੀਵਨਸ਼ੈਲੀ ਬਾਰੇ ਜਾਗਰੂਕ ਕਰਨਾ ਵੀ ਬਹੁਤ ਜ਼ਰੂਰੀ ਹੈ। ਹੱਥਾਂ ਨੂੰ ਸਾਬਣ ਨਾਲ ਚੰਗੀ ਤਰ੍ਹਾਂ ਧੋਣਾ, ਸਾਫ਼ ਪਾਣੀ ਪੀਣਾ, ਖਾਣ-ਪੀਣ ਦੀਆਂ ਵਸਤਾਂ ਨੂੰ ਢੱਕ ਕੇ ਰੱਖਣਾ ਅਤੇ ਨੰਗੇ ਪੈਰ ਨਾ ਤੁਰਨਾ ਪੇਟ ਦੇ ਕੀੜਿਆਂ ਤੋਂ ਬਚਾਅ ਲਈ ਮਹੱਤਵਪੂਰਨ ਉਪਾਅ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਹੜੇ ਬੱਚੇ ਅੱਜ ਦਵਾਈ ਲੈਣ ਤੋਂ ਰਹਿ ਗਏ ਹਨ, ਉਨ੍ਹਾਂ ਨੂੰ 17 ਅਗਸਤ 2026 ਦੇ ਮੌਪ-ਅੱਪ ਦਿਵਸ ਮੌਕੇ ਡੀ-ਵਾਰਮਿੰਗ ਦਵਾਈ ਜ਼ਰੂਰ ਦਿਵਾਈ ਜਾਵੇ।ਉਨ੍ਹਾਂ ਦੱਸਿਆ ਕਿ ਜਿਹੜੇ ਬੱਚੇ 10 ਅਗਸਤ 2026 ਨੂੰ ਡੀ-ਵਾਰਮਿੰਗ ਦੀ ਖੁਰਾਕ ਲੈਣ ਤੋਂ ਰਹਿ ਗਏ ਹਨ, ਉਨ੍ਹਾਂ ਨੂੰ 17 ਅਗਸਤ 2026 ਨੂੰ ਮੌਪ-ਅੱਪ ਦਿਵਸ (Mop-Up Day) ਮੌਕੇ ਡੀ-ਵਾਰਮਿੰਗ ਦਵਾਈ ਦਿੱਤੀ ਜਾਵੇਗੀ। ਇਸ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਡਾ. ਅਮਨਪ੍ਰੀਤ ਸਿੰਘ, ਡਾ. ਦਵਿੰਦਰ ਸਿੰਘ ਰੰਧਾਵਾ, ਡਾ. ਜਸਪ੍ਰੀਤ ਕੌਰ, ਡਾ. ਹਰਮਨਦੀਪ ਸਿੰਘ, ਫਾਰਮਾਸਿਸਟ ਨਿਤੇਸ਼ ਅੱਤਰੀ ਅਤੇ ਤੇਜਿੰਦਰ, ਸਟਾਫ਼ ਨਰਸ ਪ੍ਰਭਜੋਤ ਕੌਰ ਅਤੇ ਰਮਨਦੀਪ ਕੌਰ, ਸਮੂਹ ਹੈਲਥ ਸੁਪਰਵਾਈਜ਼ਰਾਂ, ਏ.ਐੱਨ.ਐੱਮਜ਼, ਆਸ਼ਾ ਵਰਕਰਾਂ ਅਤੇ ਹੋਰ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਅਹਿਮ ਭੂਮਿਕਾ ਨਿਭਾਈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੁਹਿੰਮ ਨੂੰ ਸਫਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਗਿਆ ਅਤੇ ਵੱਧ ਤੋਂ ਵੱਧ ਬੱਚਿਆਂ ਨੂੰ ਡੀ-ਵਾਰਮਿੰਗ ਦਵਾਈ ਦੀ ਖੁਰਾਕ ਯਕੀਨੀ ਬਣਾਈ ਗਈ।