ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਆਪਣੀ ਪਹਿਲੀ ਵਰ੍ਹੇਗੰਢ ਨੂੰ ਸਮਰਪਿਤ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਪਾਰਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਬੁਲੰਦ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਜਾਵੇਗੀ। ਇਹ ਅਰਦਾਸ ਪਾਰਟੀ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਕੀਤੀ ਜਾਵੇਗੀ। ਪਾਰਟੀ ਆਗੂਆਂ ਅਨੁਸਾਰ ਪਹਿਲੀ ਵਰ੍ਹੇਗੰਢ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਥ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਜਾਵੇਗੀ। ਇਸ ਦੇ ਨਾਲ ਹੀ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਦਾ ਮੁੱਦਾ ਵੀ ਪ੍ਰਮੁੱਖਤਾ ਨਾਲ ਉਠਾਇਆ ਜਾਵੇਗਾ। ਪਾਰਟੀ ਵੱਲੋਂ ਕਿਹਾ ਗਿਆ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਜਾਰੀ ਰੱਖੇ ਜਾਣਗੇ ਅਤੇ ਇਸ ਮਾਮਲੇ ਨੂੰ ਸਬੰਧਤ ਸਰਕਾਰਾਂ ਅਤੇ ਸੰਸਥਾਵਾਂ ਦੇ ਸਾਹਮਣੇ ਲਗਾਤਾਰ ਉਠਾਇਆ ਜਾਵੇਗਾ। ਇਸ ਤੋਂ ਇਲਾਵਾ ਬਾਅਦ ਦੁਪਹਿਰ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ, ਪੀ.ਏ.ਸੀ. ਮੈਂਬਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਅਹਿਮ ਮੀਟਿੰਗ ਵੀ ਕੀਤੀ ਜਾਵੇਗੀ। ਮੀਟਿੰਗ ਦੌਰਾਨ ਪਾਰਟੀ ਦੀਆਂ ਪਿਛਲੇ ਇੱਕ ਸਾਲ ਦੀਆਂ ਗਤੀਵਿਧੀਆਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਭਵਿੱਖ ਦੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਮੀਟਿੰਗ ਵਿੱਚ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ, ਸੰਗਠਨਾਤਮਕ ਢਾਂਚੇ ਨੂੰ ਸਰਗਰਮ ਕਰਨ ਅਤੇ ਪੰਜਾਬ ਤੇ ਪੰਥ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਅਗਲੀ ਰਣਨੀਤੀ ਤਿਆਰ ਕਰਨ ਸਬੰਧੀ ਵੀ ਵਿਚਾਰ ਹੋਣ ਦੀ ਸੰਭਾਵਨਾ ਹੈ। ਪਾਰਟੀ ਲੀਡਰਸ਼ਿਪ ਵੱਲੋਂ ਜ਼ਿਲ੍ਹਾ ਪੱਧਰ ’ਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਆਗੂਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਜਾਣਗੇ। ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਆਪਣੀ ਪਹਿਲੀ ਵਰ੍ਹੇਗੰਢ ਮੌਕੇ ਕੀਤੇ ਜਾ ਰਹੇ ਇਨ੍ਹਾਂ ਪ੍ਰੋਗਰਾਮਾਂ ਨੂੰ ਪਾਰਟੀ ਦੇ ਅਗਲੇ ਪੜਾਅ ਦੀ ਦਿਸ਼ਾ ਤੈਅ ਕਰਨ ਦੇ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ।