ਅੰਮ੍ਰਿਤਸਰ : ਕੇਂਦਰੀ ਟਰੇਡ ਯੂਨੀਅਨਾਂ ਅਤੇ ਸੰਯੂਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਕਿਸਾਨਾਂ, ਮਜ਼ਦੂਰਾਂ, ਖੇਤ ਮਜ਼ਦੂਰਾਂ, ਮੁਲਾਜ਼ਮਾਂ ਅਤੇ ਸਮੂਹ ਮਿਹਨਤਕਸ਼ ਲੋਕਾਂ ਵੱਲੋਂ ਇੱਕ ਵਿਸ਼ਾਲ ਇਕੱਠ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਗਟਾਇਆ ਗਿਆ। ਇਸ ਦੇਸ਼ ਵਿਆਪੀ ਰੋਸ ਪ੍ਰਦਰਸ਼ਨ ਦੌਰਾਨ ਗੰਭੀਰ ਰੋਸ ਜਤਾਉਂਦਿਆਂ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਨੇ ਆਪਣੇ ਆਪ ਨੂੰ ਗ੍ਰਿਫ਼ਤਾਰੀ ਲਈ ਕੀਤਾ ਪੇਸ਼ । ਰੈਲੀ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ "ਮੋਦੀ ਭਜਾਓ, ਦੇਸ਼ ਬਚਾਓ" ਦੇ ਨਾਅਰੇ ਬੁਲੰਦ ਕੀਤੇ ਗਏ ਅਤੇ ਕੇਂਦਰ ਸਰਕਾਰ ਤੋਂ ਦੇਸ਼ ਵਿੱਚ ਲੋਕਤੰਤਰ ਦੀ ਬਹਾਲੀ ਸਮੇਤ ਕਈ ਅਹਿਮ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਮੰਗ ਕੀਤੀ ਗਈ। ਮੁੱਖ ਮੰਗਾਂ 'ਤੇ ਜ਼ੋਰ ਦੇਂਦਿਆਂ ਬੁਲਾਰਿਆਂ ਨੇ ਆਂਗਣਵਾੜੀ, ਆਸ਼ਾ ਅਤੇ ਮਿੱਡ-ਡੇ-ਮੀਲ ਵਰਗੀਆਂ ਸਕੀਮ ਵਰਕਰਾਂ ਨੂੰ ਪੱਕਾ ਕੀਤਾ ਜਾਵੇ। ਸਟਰੀਟ ਲਾਈਟ ਵਰਕਰਾਂ ਅਤੇ ਸਫ਼ਾਈ ਸੇਵਕਾਂ ਨੂੰ ਸਰਕਾਰੀ ਮੁਲਾਜ਼ਮਾਂ ਦਾ ਦਰਜਾ ਦਿੱਤਾ ਜਾਵੇ। ਠੇਕੇਦਾਰੀ ਪ੍ਰਥਾ ਅਤੇ ਨਿਜੀਕਰਨ ਨੂੰ ਮੁਕੰਮਲ ਰੂਪ ਵਿੱਚ ਬੰਦ ਕਰਕੇ ਹਰ ਮਜ਼ਦੂਰ ਲਈ ਘੱਟੋ-ਘੱਟ 26 ਹਜ਼ਾਰ ਰੁਪਏ ਮਹੀਨਾ ਤਨਖ਼ਾਹ ਨਿਰਧਾਰਿਤ ਕੀਤੀ ਜਾਵੇ। ਦੇਸ਼ ਦੇ ਸਮੂਹ ਕਿਸਾਨਾਂ ਅਤੇ ਮਜ਼ਦੂਰਾਂ ਦੇ ਖੇਤੀ ਕਰਜ਼ੇ ਤੁਰੰਤ ਮੁਆਫ਼ ਕੀਤੇ ਜਾਣ। ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਮੁੱਖ ਕਿਸਾਨ ਅਤੇ ਟਰੇਡ ਯੂਨੀਅਨ ਆਗੂਆਂ—ਕਾਮਰੇਡ ਸੁੱਚਾ ਸਿੰਘ ਅਜਨਾਲਾ, ਅਮਰਜੀਤ ਸਿੰਘ ਆਂਸਲ, ਜਗਤਾਰ ਸਿੰਘ ਕਰਮਪੁਰਾ, ਬਲਬੀਰ ਸਿੰਘ ਮੂਧਲ ਅਤੇ ਸ਼ਮਸ਼ੇਰ ਸਿੰਘ ਹੇਰ ਨੇ ਕੇਂਦਰ ਦੀਆਂ ਲੋਕ-ਵਿਰੋਧੀ ਨੀਤੀਆਂ 'ਤੇ ਤਿੱਖੇ ਹਮਲੇ ਕੀਤੇ। ਬੁਲਾਰਿਆਂ ਨੇ ਆਖਿਆ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਸਰਕਾਰੀ ਅਦਾਰਿਆਂ ਦਾ ਨਿਜੀਕਰਨ ਕਰ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਰੋਸ ਪ੍ਰਦਰਸ਼ਨ ਦੌਰਾਨ ਕਾਮਰੇਡ ਚਰਨਜੀਤ ਸਿੰਘ ਮਜੀਠਾ, ਮੰਗਲ ਸਿੰਘ ਖਜਾਲਾ, ਪਰਕਾਸ਼ ਸਿੰਘ ਕੈਰੋਨੰਗਲ,ਕਿਰਪਾ ਰਾਮ, ਤਰਸੇਮ ਸਿੰਘ ਦਿਓਲ, ਵਾਸੂਦੇਵ ਅਤੇ ਗੁਰਦੀਪ ਬੁਤਾਲਾ ਸਮੇਤ ਵੱਡੀ ਗਿਣਤੀ ਵਿੱਚ ਸਥਾਨਕ ਸਾਥੀ ਅਤੇ ਆਗੂ ਹਾਜ਼ਰ ਸਨ।