ਪਾਤੜਾਂ : ਸਬ ਡਿਵੀਜ਼ਨ ਪਾਤੜਾਂ ਅਧੀਨ ਆਉਂਦੇ ਕਸਬਾ ਘੱਗਾ ਵਿੱਚ ਪਿਛਲੇ ਲੰਮੇ ਸਮੇਂ ਤੋਂ ਝੁੱਗੀਆਂ ਵਿੱਚ ਰਹਿ ਰਹੇ ਮਜ਼ਦੂਰ ਪਰਿਵਾਰ ਆਪਣੇ ਘਰਾਂ ਅਤੇ ਬੁਨਿਆਦੀ ਹੱਕਾਂ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ। ਇਨ੍ਹਾਂ ਪਰਿਵਾਰਾਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਨੌਜਵਾਨ ਭਾਰਤ ਸਭਾ ਦੇ ਆਗੂਆਂ ਨੇ ਪ੍ਰਸ਼ਾਸਨ ਵੱਲੋਂ ਮੰਗਾਂ ਨੂੰ ਅਣਗੋਲਿਆਂ ਕੀਤੇ ਜਾਣ ਨੂੰ ਲੈ ਕੇ 13 ਅਗਸਤ ਤੋਂ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਨੌਜਵਾਨ ਭਾਰਤ ਸਭਾ ਦੇ ਜਿਲ੍ਹਾ ਆਗੂ ਗੁਰਦੀਪ ਕਲਵਾਨੂੰ ਤੇ ਰਾਹੁਲ ਘੱਗਾ ਨੇ ਦੱਸਿਆ ਕਿ ਮਜ਼ਦੂਰ ਪਰਿਵਾਰ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਸ਼ਾਸਨ ਅਤੇ ਸਰਕਾਰ ਦੇ ਧਿਆਨ ਵਿੱਚ ਮਸਲਾ ਲਿਆਉਂਦੇ ਆ ਰਹੇ ਹਨ। ਇਸ ਦੇ ਬਾਵਜੂਦ ਅਜੇ ਤੱਕ ਇਨ੍ਹਾਂ ਪਰਿਵਾਰਾਂ ਦੀਆਂ ਮੰਗਾਂ ਦਾ ਕੋਈ ਪੱਕਾ ਅਤੇ ਠੋਸ ਹੱਲ ਨਹੀਂ ਕੀਤਾ ਗਿਆ । ਮਜ਼ਦੂਰ ਪਰਿਵਾਰਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਪੱਕੀ ਰਿਹਾਇਸ਼ ਦੇਣ ਦੀ ਬਜਾਏ ਉਨ੍ਹਾਂ ਨੂੰ ਲੰਮੇ ਸਮੇਂ ਤੋਂ ਅਣਦੇਖਾ ਕੀਤਾ ਜਾ ਰਿਹਾ ਹੈ। ਮਜ਼ਦੂਰ ਪਰਿਵਾਰਾਂ ਦਾ ਕਹਿਣਾ ਹੈ ਕਿ ਉਹ ਆਪਣੀ ਜ਼ਿੰਦਗੀ ਦਾ ਲੰਮਾ ਸਮਾਂ ਇਨ੍ਹਾਂ ਝੁੱਗੀਆਂ ਵਿੱਚ ਗੁਜ਼ਾਰ ਚੁੱਕੇ ਹਨ ਅਤੇ ਹੁਣ ਉਹ ਆਪਣੇ ਪਰਿਵਾਰਾਂ ਲਈ ਸੁਰੱਖਿਅਤ ਘਰ ਦੀ ਮੰਗ ਕਰ ਰਹੇ ਹਨ। ਇਸੇ ਦੇ ਚਲਦਿਆਂ ਨੌਜਵਾਨ ਭਾਰਤ ਸਭਾ ਦੇ ਆਗੂ ਗੁਰਦੀਪ ਅਜਾਦ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜੇਕਰ ਮਜ਼ਦੂਰ ਪਰਿਵਾਰਾਂ ਦੀਆਂ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਗਿਆ ਤਾਂ 13 ਅਗਸਤ ਤੋਂ ਐਸਡੀਐਮ ਦਫ਼ਤਰ ਪਾਤੜਾਂ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਜਾਵੇਗਾ। ਆਗੂਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਜ਼ਦੂਰ ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ ਅਤੇ ਘਰ ਬਣਾਉਣ ਲਈ ਯੋਗ ਮੁਆਵਜ਼ਾ ਦੇਣ ਦੀ ਮੰਗ ਨੂੰ ਤੁਰੰਤ ਪ੍ਰਵਾਨ ਕਰਕੇ ਮਸਲੇ ਦਾ ਪੱਕਾ ਹੱਲ ਕੀਤਾ ਜਾਵੇ। ਇਸ ਮੀਟਿੰਗ ਵਿਚ ਸੂਬਾ ਕਮੇਟੀ ਮੈਂਬਰ ਦਵਿੰਦਰ ਛਬੀਲਪੁਰ, ਨੌਜਵਾਨ ਆਗੂ ਜਸਵੀਰ ਘੱਗਾ, ਖਿੜਕੀ ਪ੍ਰਧਾਨ, ਬਿੱਟੂ, ਰਾਹੁਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਨੌਜਵਾਨ ਤੇ ਮਜਦੂਰ ਸ਼ਾਮਲ ਹੋਏ l