ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) : ਸੀਨੀਅਰ ਕਪਤਾਨ ਪੁਲਿਸ ਸ੍ਰੀ ਹਰਮਨਦੀਪ ਸਿੰਘ ਹਾਂਸ ਅਤੇ ਕਪਤਾਨ ਪੁਲਿਸ ਟ੍ਰੈਫਿਕ ਸ੍ਰੀ ਨਵਨੀਤ ਸਿੰਘ ਮਾਹਲ, ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਦਿੱਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਪ ਕਪਤਾਨ ਪੁਲਿਸ ਟ੍ਰੈਫਿਕ ਸ੍ਰੀ ਕਰਨੈਲ ਸਿੰਘ, ਵੱਲੋਂ ਅੱਜ ਮੈਕਸੀਮ ਮੈਰੀ ਸਕੂਲ, ਖਰੜ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਸ੍ਰੀ ਕਰਨੈਲ ਸਿੰਘ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਨਸ਼ਾ ਵੇਚਣ ਜਾਂ ਨਸ਼ਾ ਕਰਨ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਵਟਸਐਪ ਨੰਬਰ 9779100200, ਪੁਲਿਸ ਹੈਲਪਲਾਈਨ 112 ਜਾਂ ਨਜ਼ਦੀਕੀ ਪੁਲਿਸ ਸਟੇਸ਼ਨ ’ਤੇ ਜਾਣਕਾਰੀ ਦੇ ਸਕਦਾ ਹੈ। ਇਸ ਨਾਲ ਨਸ਼ਾ ਤਸਕਰਾਂ ਵਿਰੁੱਧ ਤੁਰੰਤ ਕਾਰਵਾਈ ਕਰਨ ਦੇ ਨਾਲ-ਨਾਲ ਨਸ਼ੇ ਦੀ ਲਤ ਤੋਂ ਪੀੜਤ ਵਿਅਕਤੀਆਂ ਨੂੰ ਇਲਾਜ ਅਤੇ ਜਾਗਰੂਕਤਾ ਸੇਵਾਵਾਂ ਨਾਲ ਜੋੜਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਨਸ਼ਾ ਵਿਅਕਤੀ, ਪਰਿਵਾਰ ਅਤੇ ਸਮਾਜ ਲਈ ਗੰਭੀਰ ਨੁਕਸਾਨਦਾਇਕ ਹੈ ਅਤੇ ਇਸ ਦੇ ਮਾੜੇ ਪ੍ਰਭਾਵਾਂ ਕਾਰਨ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ।