ਮਾਛੀਵਾੜਾ ਸਾਹਿਬ : ਦੇਸ਼ ਦੇ 80ਵੇਂ ਅਜ਼ਾਦੀ ਦਿਵਸ ਮੌਕੇ ਪੁਲਿਸ ਜਿਲ੍ਹਾ ਖੰਨਾ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਪੂਰੇ ਪ੍ਰਬੰਧ ਕਰ ਲਏ ਗਏ ਹਨ। ਇਸ ਮੌਕੇ ਪਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਪੁਲਿਸ ਜਿਲ੍ਹਾ ਖੰਨਾ ਦੇ ਐਸਐਸਪੀ ਡਾਕਟਰ ਦਰਪਣ ਆਹਲੂਵਾਲੀਆ ਨੇ ਦੱਸਿਆ ਕਿ ਪੂਰੇ ਖੰਨਾ ਜ਼ਿਲ੍ਹਾ ਦੀ ਪੁਲਿਸ ਵੱਲੋਂ ਵੱਖ ਵੱਖ ਥਾਵਾਂ ਤੇ ਨਾਕਾਬੰਦੀ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਵਾਧੂ ਪੁਲਿਸ ਫੋਰਸ ਵੀ ਤਾਇਨਾਤ ਕੀਤੀ ਜਾ ਰਹੀ ਹੈ। ਉਹਨਾਂ ਨੇ ਸ਼ਰਾਰਤੀ ਅਨਸਰਾਂ ਨੂੰ ਸਖਤ ਸ਼ਬਦਾਂ ਵਿੱਚ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਅਗਰ ਕਿਸੇ ਵੀ ਤਰ੍ਹਾਂ ਇਹਨਾਂ ਲੋਕਾਂ ਦੁਆਰਾ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਇਹ ਵੀ ਦਸਿਆ ਕਿ ਜ਼ਿਲੇ ਵਿੱਚ ਜਿਹੜੇ ਵੀ ਨਸ਼ਾ ਤਸਕਰ ਹਨ ਉਹਨਾਂ ਦੇ ਖ਼ਿਲਾਫ਼ ਲਗਾਤਾਰ ਮੁਹਿੰਮ ਛੇੜੀ ਹੋਈ ਹੈ ਅਤੇ ਬਹੁਤ ਹੀ ਜਲਦ ਇਸ ਕਾਰੋਬਾਰ ਨਾਲ ਜੁੜੇ ਵੱਡੇ ਮਗਰਮੱਛਾਂ ਨੂੰ ਵੀ ਨਕੇਲ ਪਾਈ ਜਾਵੇਗੀ ਅਤੇ ਕਾਨੂੰਨ ਅਨੁਸਾਰ ਸਖਤ ਤੋਂ ਸਖਤ ਕਾਰਵਾਈ ਵੀ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੁਲਿਸ ਵੱਲੋਂ ਕਈ ਨਸ਼ਾ ਤਸਕਰਾਂ ਦੀ ਕਰੋੜਾਂ ਦੀਆਂ ਪ੍ਰਾਪਰਟੀ ਵੀ ਸੀਜ ਕੀਤੀਆਂ ਗਈਆਂ ਹਨ ਅਤੇ ਇਹ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ ਜਦੋਂ ਤੱਕ ਪੂਰੇ ਪੁਲਿਸ ਜਿਲ੍ਹਾ ਖੰਨਾ ਨੂੰ ਨਸ਼ਾ ਮੁਕਤ ਨਹੀਂ ਕਰ ਦਿੱਤਾ ਜਾਂਦਾ। ਉਹਨਾਂ ਨੇ ਇਹ ਵੀ ਦਸਿਆ ਕਿ ਜਿਹੜੇ ਨੌਜਵਾਨ ਨਸ਼ਾ ਛੱਡਣਾ ਚਾਹੁੰਦੇ ਹਨ ਉਹਨਾਂ ਦੀ ਕਾਉਂਸਲਿੰਗ ਕਰ ਕੇ ਨਸ਼ਾ ਛਡਾਊ ਕੇਂਦਰ ਵਿਚ ਭਰਤੀ ਕਰਵਾਇਆ ਜਾ ਰਿਹਾ ਹੈ। ਜਿਸ ਨਾਲ ਅੱਜ ਕਈ ਨੌਜਵਾਨ ਇਸ ਨਸ਼ੇ ਦੀ ਦਲਦਲ ਵਿੱਚੋਂ ਨਿਕਲ ਚੁੱਕੇ ਹਨ। ਮੈਡੀਕਲ ਨਸ਼ੇ ਤੇ ਗਲ ਕਰਦਿਆਂ ਉਹਨਾਂ ਕਿਹਾ ਕਿ ਪੁਲਿਸ ਵੱਲੋਂ ਡਰੱਗ ਇੰਸਪੈਕਟਰ ਨੂੰ ਨਾਲ ਲੈਕੇ ਮੈਡੀਕਲ ਸਟੋਰਾਂ ਤੇ ਚੈਕਿੰਗ ਵੀ ਕੀਤੀ ਜਾਂਦੀ ਹੈ ਜਿਹੜੀ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ।