ਸੰਗਰੂਰ, : ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਸਬੰਧੀ ਮਸ਼ਾਲ ਮਾਰਚ (ਟਾਰਚ ਰੈਲੀ) ਵਾਰ ਹੀਰੋਜ ਸਟੇਡੀਅਮ ਸੰਗਰੂਰ ਤੋਂ ਰਵਾਨਾ ਹੋਇਆ। ਇਸ ਮੌਕੇ ਹਲਕਾ ਸੰਗਰੂਰ ਤੋਂ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਮਸ਼ਾਲ ਮਾਰਚ ਨੂੰ ਰਵਾਨਾ ਕੀਤਾ, ਜਿਹੜਾ ਕਿ ਵੱਖ-ਵੱਖ ਜ਼ਿਲ੍ਹਿਆਂ ਵਿੱਚ ਦੀ ਹੁੰਦਾ ਹੋਇਆ ਬਠਿੰਡਾ ਪੁੱਜ ਕੇ ਸੰਪੰਨ ਹੋਵੇਗਾ। ਇਸ ਮੌਕੇ ਰਾਸ਼ਟਰਮੰਡਲ ਖੇਡਾਂ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੀ ਮੈਡਲ ਜੇਤੂ ਵੇਟਲਿਫਟਰ ਹਰਜਿੰਦਰ ਕੌਰ ਵੀ ਉੱਚੇਚੇ ਤੌਰ ਉੱਤੇ ਮੌਜੂਦ ਸੀ। ਇਹ ਟਾਰਚ ਅੱਗੇ ਪਿੰਡ ਢੈਪਈ ਵਿਖੇ ਜ਼ਿਲ੍ਹਾ ਸੰਗਰੂਰ ਦੀ ਹੱਦ ਤੋਂ ਜ਼ਿਲ੍ਹਾ ਮਾਨਸਾ ਨੂੰ ਸਪੁਰਦ ਕੀਤੀ ਗਈ। ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਮੂਹ ਪੰਜਾਬੀਆਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਇਨ੍ਹਾਂ ਖੇਡਾਂ ਨੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਨਵੀਂ ਦਿਸ਼ਾ ਦਿੱਤੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਹਰਜਿੰਦਰ ਕੌਰ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਪੰਜਾਬ ਦੇ ਬੱਚਿਆਂ ਅਤੇ ਨੌਜਵਾਨਾਂ ਲਈ ਇੱਕ ਬਹੁਤ ਵਧੀਆ ਮੰਚ ਹੈ। ਇਨ੍ਹਾਂ ਖੇਡਾਂ ਰਾਹੀਂ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ, ਮੁਕਾਬਲੇ ਦੀ ਭਾਵਨਾ ਵਿਕਸਿਤ ਕਰਨ ਅਤੇ ਅੱਗੇ ਵਧਣ ਦਾ ਮੌਕਾ ਮਿਲ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਦੀਆਂ ਖੇਡ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ ਗਈ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਹਰਜਿੰਦਰ ਕੌਰ ਵਰਗੇ ਖਿਡਾਰੀ ਪੰਜਾਬ ਦੇ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਹਨ।