ਸਮਾਣਾ : ਸੈਂਟ ਥੈਰੇਸਾ ਕਾਨਵੈਂਟ ਸਕੂਲ, ਸਮਾਣਾ ਦੀ ਪ੍ਰਿੰਸੀਪਲ ਸਿਸਟਰ ਰੋਸ਼ਨੀ ਅਤੇ ਸਮੂਹ ਸਟਾਫ ਵੱਲੋਂ ਸਮਾਣਾ ਤੋਂ ਬੰਮਣਾ ਲਿੰਕ ਰੋਡ ਦੇ ਨਿਰਮਾਣ ਕਾਰਜ ਨੂੰ ਕਰਵਾਉਣ ਲਈ ਪੰਜਾਬ ਮੰਡੀਕਰਨ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਸਿਸਟਰ ਰੋਸ਼ਨੀ ਨੇ ਦੱਸਿਆ ਕਿ ਇਹ ਸੜਕ ਪਿਛਲੇ ਕਾਫ਼ੀ ਸਮੇਂ ਤੋਂ ਟੁੱਟੀ ਹੋਈ ਸੀ ਅਤੇ ਇਸ ਦੀ ਹਾਲਤ ਬਹੁਤ ਖਸਤਾ ਹੋਣ ਕਾਰਨ ਇਸ ’ਤੇ ਆਉਣ-ਜਾਣ ਵਾਲੇ ਸਕੂਲ ਵਿਦਿਆਰਥੀਆਂ, ਮਾਪਿਆਂ, ਸਟਾਫ਼ ਅਤੇ ਇਲਾਕਾ ਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਸਿਸਟਰ ਰੋਸ਼ਨੀ ਨੇ ਕਿਹਾ ਕਿ ਸਕੂਲ ਮੈਨੇਜਮੈਂਟ ਅਤੇ ਸਮੂਹ ਸਟਾਫ਼ ਵੱਲੋਂ ਸ. ਹਰਚੰਦ ਸਿੰਘ ਬਰਸਟ ਦਾ ਇਸ ਲੋਕ-ਹਿੱਤ ਕਾਰਜ ਲਈ ਤਹਿ ਦਿਲੋਂ ਧੰਨਵਾਦ ਕੀਤਾ ਜਾਂਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਇਲਾਕੇ ਦੀਆਂ ਜ਼ਰੂਰੀ ਸਮੱਸਿਆਵਾਂ ਦੇ ਹੱਲ ਅਤੇ ਵਿਕਾਸ ਕਾਰਜਾਂ ਵੱਲ ਇਸੇ ਤਰ੍ਹਾਂ ਧਿਆਨ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸ. ਹਰਚੰਦ ਸਿੰਘ ਬਰਸਟ ਵੱਲੋਂ ਸਮਾਣਾ ਹਲਕੇ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਨੂੰ ਲੈ ਕੇ ਸਰਗਰਮੀ ਦਿਖਾਈ ਜਾਂਦੀ ਰਹੀ ਹੈ। ਇਸ ਤੋਂ ਪਹਿਲਾਂ ਵੀ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਸੜਕਾਂ ਸਮੇਤ ਹੋਰ ਵਿਕਾਸ ਕਾਰਜ ਕਰਵਾਉਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਜਾ ਚੁੱਕਾ ਹੈ।