ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਡਾਕੂਮੈਂਟਰੀ ਵੈਨਾਂ ਰਾਹੀਂ ਦਿਖਾਈ ਜਾ ਰਹੀ ਵਿਸ਼ੇਸ਼ ਦਸਤਾਵੇਜ਼ੀ ਫਿਲਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸੇ ਲੜੀ ਤਹਿਤ ਕਲ੍ਹ ਸ਼ਾਮ ਜ਼ਿਲ੍ਹੇ ਦੇ ਪਿੰਡ ਸਲਮੇਪੁਰ ਉਰਫ ਨੰਗਲ, ਛੜਬੜ ਅਤੇ ਮਨੌਲੀ ਸੂਰਤ ਵਿਖੇ ਦਸਤਾਵੇਜ਼ੀ ਫ਼ਿਲਮ ਦਿਖਾਈ ਗਈ। ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਕਮੋਲ ਮਿੱਤਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡਾਕੂਮੈਂਟਰੀ ਰਾਹੀਂ ਹਾਜ਼ਰ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫੇ, ਉਨ੍ਹਾਂ ਦੇ ਭਾਈਚਾਰੇ, ਮਨੁੱਖਤਾ ਅਤੇ ਸਮਾਜਿਕ ਸਦਭਾਵਨਾ ਬਾਰੇ ਸੰਦੇਸ਼ ਤੋਂ ਜਾਣੂ ਕਰਵਾਉਣ ਦਾ ਬਹੁਤ ਹੀ ਵਧੀਆ ਉਪਰਾਲਾ ਹੈ। ਪੰਜਾਬ ਸਰਕਾਰ ਦੇ ਇਸ ਉਪਰਾਲੇ ਤਹਿਤ ਜ਼ਿਲ੍ਹੇ ਵਿੱਚ ਡਾਕੂਮੈਂਟਰੀ ਵੈਨ ਰਾਹੀਂ ਰੋਜ਼ਾਨਾ 3 ਪਿੰਡਾਂ ਵਿੱਚ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਈ ਜਾ ਰਹੀ ਹੈ ਅਤੇ ਲੋਕਾਂ ਨੂੰ ਗੁਰੂ ਜੀ ਦੇ ਜੀਵਨ ਦੇ ਮਹੱਤਵਪੂਰਨ ਪੱਖਾਂ, ਉੱਚ ਆਦਰਸ਼ਾਂ ਅਤੇ ਸਮਾਜਿਕ ਸੁਧਾਰਾਂ ਲਈ ਉਨ੍ਹਾਂ ਵੱਲੋਂ ਪਾਏ ਯੋਗਦਾਨ ਬਾਰੇ ਜਾਣਨ ਅਤੇ ਸਮਝਣ ਦਾ ਮੌਕਾ ਮਿਲ ਰਿਹਾ ਹੈ। ਪਿੰਡਾਂ ਦੇ ਵਸਨੀਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲ ਨਾ ਸਿਰਫ਼ ਗੁਰੂ ਜੀ ਦੇ ਜੀਵਨ ਅਤੇ ਵਿਚਾਰਧਾਰਾ ਬਾਰੇ ਲੋਕਾਂ ਨੂੰ ਜਾਣੂ ਕਰਵਾ ਰਹੀ ਹੈ, ਸਗੋਂ ਸਮਾਜ ਵਿੱਚ ਆਪਸੀ ਪਿਆਰ, ਸਾਂਝ ਅਤੇ ਸਮਾਜਿਕ ਸਦਭਾਵਨਾ ਨੂੰ ਵੀ ਮਜ਼ਬੂਤ ਕਰ ਰਹੀ ਹੈ।