ਅੰਮ੍ਰਿਤਸਰ : ਯੁਵਕ ਸੇਵਾਵਾਂ ਵਿਭਾਗ, ਅੰਮ੍ਰਿਤਸਰ ਵੱਲੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਅੰਮ੍ਰਿਤਸਰ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਜ਼ਿਲ੍ਹੇ ਦੇ 17 ਕਾਲਜਾਂ ਤੋਂ 200 ਤੋਂ ਵੱਧ ਰੈੱਡ ਰਿਬਨ ਕਲੱਬ ਵਲੰਟੀਅਰਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਡੀਨ ਵਿਦਿਆਰਥੀ ਭਲਾਈ ਸ ਸਤਨਾਮ ਸਿੰਘ ਦਿਉਲ ਜੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਨੌਜਵਾਨਾਂ ਨੂੰ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਆਪਣੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੀ ਸਟੇਜ ਸਕੱਤਰ ਦੀ ਭੂਮਿਕਾ ਪ੍ਰੋ. ਪਰਮਿੰਦਰ ਸਿੰਘ ਵੱਲੋਂ ਬਾਖੂਬੀ ਨਿਭਾਈ ਗਈ। ਉਨ੍ਹਾਂ ਨੇ ਪੂਰੇ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਸੰਚਾਲਿਤ ਕਰਦਿਆਂ ਵੱਖ-ਵੱਖ ਸੈਸ਼ਨਾਂ, ਬੁਲਾਰਿਆਂ ਅਤੇ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਅਤੇ ਸਮਾਜ ਦੀ ਸਭ ਤੋਂ ਵੱਡੀ ਤਾਕਤ ਹੁੰਦੇ ਹਨ। ਨੌਜਵਾਨਾਂ ਨੂੰ ਸਹੀ ਦਿਸ਼ਾ, ਸਿਹਤਮੰਦ ਵਾਤਾਵਰਣ ਅਤੇ ਸਹੀ ਜਾਣਕਾਰੀ ਮੁਹੱਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਰੈੱਡ ਰਿਬਨ ਕਲੱਬਾਂ ਰਾਹੀਂ ਨੌਜਵਾਨਾਂ ਨੂੰ HIV/AIDS, ਨਸ਼ਿਆਂ, ਸਿਹਤ ਅਤੇ ਸਮਾਜਿਕ ਜ਼ਿੰਮੇਵਾਰੀਆਂ ਸਬੰਧੀ ਜਾਗਰੂਕ ਕਰਨ ਲਈ ਲਗਾਤਾਰ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨਾਂ ਸਾਹਮਣੇ ਨਸ਼ਿਆਂ ਦੀ ਸਮੱਸਿਆ ਇੱਕ ਵੱਡੀ ਚੁਣੌਤੀ ਹੈ। ਇਸ ਲਈ ਸਿਰਫ਼ ਸਰਕਾਰੀ ਵਿਭਾਗਾਂ ਹੀ ਨਹੀਂ, ਸਗੋਂ ਸਮਾਜ, ਮਾਪਿਆਂ, ਅਧਿਆਪਕਾਂ ਅਤੇ ਨੌਜਵਾਨਾਂ ਨੂੰ ਮਿਲ ਕੇ ਇਸ ਸਮੱਸਿਆ ਦਾ ਮੁਕਾਬਲਾ ਕਰਨਾ ਹੋਵੇਗਾ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ, ਸੱਭਿਆਚਾਰਕ ਗਤੀਵਿਧੀਆਂ, ਸਿੱਖਿਆ ਅਤੇ ਸਮਾਜ ਸੇਵਾ ਨਾਲ ਜੁੜਨ ਦਾ ਸੱਦਾ ਦਿੱਤਾ। ਪ੍ਰੋਗਰਾਮ ਦੌਰਾਨ ਦੋ ਵਿਸ਼ੇਸ਼ ਜਾਗਰੂਕਤਾ ਸੈਸ਼ਨ ਕਰਵਾਏ ਗਏ। ਪਹਿਲੇ ਸੈਸ਼ਨ ਵਿੱਚ ਡਾ.ਸਵਾਤੀ ਵੱਲੋਂ HIV/AIDS ਵਿਸ਼ੇ ’ਤੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵੱਲੋਂ HIV ਦੇ ਫੈਲਾਅ, ਇਸ ਤੋਂ ਬਚਾਅ ਅਤੇ ਸਮਾਜ ਵਿੱਚ ਇਸ ਨਾਲ ਜੁੜੀਆਂ ਗਲਤ ਧਾਰਨਾਵਾਂ ਨੂੰ ਦੂਰ ਕਰਨ ਸਬੰਧੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਗਈ। ਦੂਜੇ ਸੈਸ਼ਨ ਵਿੱਚ ਡਾ. ਰਿਪੁਦਮਨ ਸਿੰਘ ਵੱਲੋਂ Drug De-addiction (ਨਸ਼ਾ ਮੁਕਤੀ) ਵਿਸ਼ੇ ’ਤੇ ਲੈਕਚਰ ਦਿੱਤਾ ਗਿਆ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਅਤੇ ਨਸ਼ੇ ਦੀ ਲਤ ਤੋਂ ਬਾਹਰ ਆਉਣ ਲਈ ਇਲਾਜ ਅਤੇ ਸਹੀ ਮਾਰਗਦਰਸ਼ਨ ਦੀ ਮਹੱਤਤਾ ਬਾਰੇ ਦੱਸਿਆ। ਇਸ ਮੌਕੇ ਸਮੂਹ ਰੈੱਡ ਰਿਬਨ ਕਲੱਬ ਵਲੰਟੀਅਰਾਂ ਵੱਲੋਂ ਨਸ਼ਾ ਵਿਰੋਧੀ ਰੈਲੀ ਵੀ ਕੱਢੀ ਗਈ। ਰੈਲੀ ਦੌਰਾਨ ਵਲੰਟੀਅਰਾਂ ਨੇ ਹੱਥਾਂ ਵਿੱਚ ਨਸ਼ਾ ਵਿਰੋਧੀ ਬੈਨਰ ਅਤੇ ਤਖ਼ਤੀਆਂ ਫੜੀਆਂ ਹੋਈਆਂ ਸਨ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਭਰਪੂਰ ਨਾਅਰੇ ਲਗਾਉਂਦਿਆਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ। ਰੈਲੀ ਰਾਹੀਂ ਨੌਜਵਾਨਾਂ ਨੇ ‘ਨਸ਼ਾ ਮੁਕਤ ਸਮਾਜ’ ਦੀ ਸਿਰਜਣਾ ਲਈ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਰੈੱਡ ਰਿਬਨ ਕਲੱਬਾਂ ਦੀਆਂ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਅਤੇ HIV/AIDS ਜਾਗਰੂਕਤਾ ਲਈ ਕੀਤੇ ਜਾ ਰਹੇ ਸ਼ਾਨਦਾਰ ਕਾਰਜਾਂ ਲਈ ਜ਼ਿਲ੍ਹੇ ਦੇ 10 ਬੈਸਟ ਨੋਡਲ ਅਫ਼ਸਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਨੇ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਸਿਰਫ਼ ਜਾਣਕਾਰੀ ਦੇਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਸਮਾਜ ਵਿੱਚ ਜਾਗਰੂਕਤਾ ਦੇ ਦੂਤ ਵਜੋਂ ਤਿਆਰ ਕਰਨਾ ਹੈ, ਤਾਂ ਜੋ ਉਹ ਆਪਣੇ ਸਾਥੀਆਂ ਅਤੇ ਸਮਾਜ ਦੇ ਹੋਰ ਵਰਗਾਂ ਨੂੰ ਵੀ ਸਿਹਤਮੰਦ ਜੀਵਨ ਅਤੇ ਨਸ਼ਾ ਮੁਕਤ ਸਮਾਜ ਲਈ ਪ੍ਰੇਰਿਤ ਕਰ ਸਕਣ। ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨ ਆਪਣੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਵਰਤਣ ਤਾਂ ਉਹ ਸਮਾਜ ਵਿੱਚ ਵੱਡਾ ਬਦਲਾਅ ਲਿਆ ਸਕਦੇ ਹਨ। ਉਨ੍ਹਾਂ ਸਾਰੇ ਰੈੱਡ ਰਿਬਨ ਕਲੱਬ ਵਲੰਟੀਅਰਾਂ ਅਤੇ ਨੋਡਲ ਅਫ਼ਸਰਾਂ ਨੂੰ ਅਪੀਲ ਕੀਤੀ ਕਿ ਉਹ HIV/AIDS ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਮੁਹਿੰਮ ਨਾਲ ਜੋੜਨ। ਪ੍ਰੋਗਰਾਮ ਦੇ ਅੰਤ ਵਿੱਚ ਮੁੱਖ ਮਹਿਮਾਨ ਸ ਸਤਨਾਮ ਸਿੰਘ ਦਿਉਲ , ਮਾਹਿਰ ਬੁਲਾਰਿਆਂ, ਨੋਡਲ ਅਫ਼ਸਰਾਂ, ਰੈੱਡ ਰਿਬਨ ਕਲੱਬ ਵਲੰਟੀਅਰਾਂ ਅਤੇ ਸਾਰੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ।