ਸਮਾਣਾ : ਆਜ਼ਾਦੀ ਦਿਵਸ ਦੇ ਮੱਦੇਨਜ਼ਰ ‘ਹਰ ਘਰ ਤਿਰੰਗਾ, ਹਰ ਘਰ ਤਿਰੰਗਾ’ ਮੁਹਿੰਮ ਤਹਿਤ ਅੱਜ ਸਮਾਣਾ ਵਿਖੇ ਐਂਟੀ ਡਰੱਗ ਐਂਡ ਸੋਸ਼ਲ ਵੈਲਫੇਅਰ ਆਰਗਨਾਈਜੇਸ਼ਨ ਪੰਜਾਬ ਅਤੇ ਡੇਰਾ ਸੱਚਾ ਸੌਦਾ ਦੇ ਪ੍ਰੇਮੀਆਂ ਵੱਲੋਂ ਤਿਰੰਗਾ ਯਾਤਰਾ ਕੱਢੀ ਗਈ। ਇਸ ਮੌਕੇ ਵਾਤਾਵਰਨ ਦੀ ਸੰਭਾਲ ਅਤੇ ਸ਼ੁੱਧਤਾ ਦਾ ਸੰਦੇਸ਼ ਦਿੰਦਿਆਂ ਵੱਡੀ ਗਿਣਤੀ ਵਿੱਚ ਬੂਟੇ ਵੀ ਲਗਾਏ ਗਏ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸੰਜੀਵ ਗਰਗ, ਚੇਅਰਮੈਨ ਪੰਜਾਬ ਅਤੇ ਸਰਦਾਰ ਪਰਦਮਨ ਸਿੰਘ ਵਿਰਕ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਨੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਨੌਜਵਾਨਾਂ ਅਤੇ ਲੋਕਾਂ ਨੂੰ ਤਿਰੰਗੇ ਵੰਡੇ ਗਏ ਅਤੇ ਉਨ੍ਹਾਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਰਾਸ਼ਟਰ ਪ੍ਰਤੀ ਸਮਰਪਣ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਤਿਰੰਗਾ ਯਾਤਰਾ ਦੌਰਾਨ ਦੇਸ਼ ਭਗਤੀ ਦੇ ਨਾਅਰਿਆਂ ਨਾਲ ਇਲਾਕਾ ਗੂੰਜ ਉੱਠਿਆ। ਆਯੋਜਕਾਂ ਨੇ ਕਿਹਾ ਕਿ ਤਿਰੰਗਾ ਸਿਰਫ਼ ਸਾਡੀ ਰਾਸ਼ਟਰੀ ਪਹਿਚਾਣ ਹੀ ਨਹੀਂ, ਸਗੋਂ ਇਹ ਦੇਸ਼ ਦੀ ਏਕਤਾ ਅਤੇ ਕੁਰਬਾਨੀਆਂ ਦੀ ਯਾਦ ਦਾ ਪ੍ਰਤੀਕ ਹੈ। ਇਸ ਦੇ ਨਾਲ ਹੀ ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦਾ ਸੱਦਾ ਦਿੱਤਾ ਗਿਆ। ਸੰਜੀਵ ਗਰਗ ਨੇ ਕਿਹਾ ਕਿ ‘ਹਰ ਘਰ ਤਿਰੰਗਾ’ ਮੁਹਿੰਮ ਰਾਹੀਂ ਹਰੇਕ ਨਾਗਰਿਕ ਅੰਦਰ ਦੇਸ਼ ਭਗਤੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਵਾਤਾਵਰਨ ਦੀ ਸੰਭਾਲ ਦਾ ਸੰਦੇਸ਼ ਵੀ ਘਰ-ਘਰ ਪਹੁੰਚਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਨੌਜਵਾਨਾਂ ਨੂੰ ਦੇਸ਼ ਦੀ ਤਰੱਕੀ ਵਿੱਚ ਆਪਣੀ ਸਰਗਰਮ ਭੂਮਿਕਾ ਨਿਭਾਉਣ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਸਮਾਗਮ ਵਿੱਚ ਡੇਰਾ ਪ੍ਰੇਮੀਆਂ ਅਤੇ ਇਲਾਕਾ ਨਿਵਾਸੀਆਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਤਿਰੰਗਾ ਲਹਿਰਾਉਣ ਅਤੇ ਬੂਟੇ ਲਗਾਉਣ ਦੀ ਮੁਹਿੰਮ ਵਿੱਚ ਸਹਿਯੋਗ ਦਿੱਤਾ। ਆਯੋਜਕਾਂ ਵੱਲੋਂ ਲੋਕਾਂ ਨੂੰ ਆਜ਼ਾਦੀ ਦਿਵਸ ਨੂੰ ਦੇਸ਼ ਭਗਤੀ ਅਤੇ ਸਮਾਜ ਸੇਵਾ ਦੀ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ ਗਈ।