ਅੰਮ੍ਰਿਤਸਰ : ਅੱਜ ਸਥਾਨਕ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਵਿਹੜੇ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਦਿਆਰਥਣਾਂ ਨੂੰ ਅਪਣੀ ਅਮੀਰ ਵਿਰਸੇ ਅਤੇ ਪੰਜਾਬੀ ਸੱਭਿਆਚਾਰ ਨਾਲ ਜੋੜਨ ਦੇ ਉਦੇਸ਼ ਤਹਿਤ ਵਿਸ਼ੇਸ਼ ਤੌਰ 'ਤੇ “ਮੇਲਾ ਧੀਆਂ ਦਾ” ਪ੍ਰੋਗਰਾਮ ਕਰਵਾਇਆ ਗਿਆ। ਇਸ ਮੇਲੇ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਨੇ ਵੱਡੀ ਗਿਣਤੀ ਵਿੱਚ ਉਤਸ਼ਾਹਪੂਰਵਕ ਹਿੱਸਾ ਲਿਆ ਅਤੇ ਇਸ ਮੌਕੇ ਪੂਰਾ ਕਾਲਜ ਪਰਿਸਰ ਪੰਜਾਬੀ ਰੰਗ ਵਿੱਚ ਰੰਗਿਆ ਨਜ਼ਰ ਆਇਆ।
ਪ੍ਰੋਗਰਾਮ ਦੀ ਸ਼ੁਰੂਆਤ ਪੰਜਾਬੀ ਸੱਭਿਆਚਾਰਕ ਵੰਨਗੀਆਂ ਦੀ ਸ਼ਾਨਦਾਰ ਪੇਸ਼ਕਾਰੀ ਨਾਲ ਹੋਈ। ਵਿਦਿਆਰਥਣਾਂ ਵੱਲੋਂ ਰਵਾਇਤੀ ਲੋਕ ਗੀਤ, ਘੋੜੀਆਂ, ਸੁਹਾਗ, ਸਿੱਠਣੀਆਂ ਅਤੇ ਪੰਜਾਬੀ ਲੋਕ ਨਾਚ ਗਿੱਧੇ ਦੀ ਮਨਮੋਹਕ ਪੇਸ਼ਕਾਰੀ ਨੇ ਮੌਕੇ 'ਤੇ ਮੌਜੂਦ ਸਭ ਦਾ ਮਨ ਮੋਹ ਲਿਆ। ਇਸ ਤੋਂ ਇਲਾਵਾ, ਸਟਾਫ਼ ਅਤੇ ਵਿਦਿਆਰਥਣਾਂ ਵੱਲੋਂ ਰਵਾਇਤੀ ਪੀਂਘਾਂ ਝੂਟ ਕੇ ਸਾਵਣ ਅਤੇ ਮੇਲੇ ਦੇ ਮੌਸਮ ਦਾ ਭਰਪੂਰ ਆਨੰਦ ਲਿਆ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਮੌਜੂਦਾ ਦੌਰ ਵਿੱਚ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਅਤੇ ਸੱਭਿਆਚਾਰ ਨਾਲ ਜੋੜਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਆਪਣੇ ਅਮੀਰ ਵਿਰਸੇ ਤੋਂ ਜਾਣੂ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਪ੍ਰੋਗਰਾਮ ਦੌਰਾਨ ਸਟੇਜ ਦਾ ਸੰਚਾਲਨ ਵੀ ਵਿਦਿਆਰਥਣਾਂ ਵੱਲੋਂ ਬਹੁਤ ਹੀ ਬਾਖ਼ੂਬੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਗਿਆ। ਇਸ ਸੱਭਿਆਚਾਰਕ ਸਮਾਗਮ ਦੇ ਅੰਤ ਵਿੱਚ ਕਾਲਜ ਦਾ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਵਿਸ਼ੇਸ਼ ਤੌਰ 'ਤੇ ਹਾਜ਼ਰ ਰਿਹਾ ਅਤੇ ਇਸ ਸਫਲ ਆਯੋਜਨ ਲਈ ਵਿਦਿਆਰਥਣਾਂ ਦੀ ਭਰਪੂਰ ਸ਼ਲਾਘਾ ਕੀਤੀ।