ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਆਤਮਾ ਸਕੀਮ ਤਹਿਤ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਚੁਣੇ ਗਏ 10 ਮੱਛੀ ਪਾਲਕਾਂ ਨੂੰ ਮੱਛੀ ਪੂੰਗ (ਫਿਸ਼ ਸੀਡ) ਮੁਹੱਈਆ ਕਰਵਾਇਆ ਗਿਆ। ਇਹ ਮੱਛੀ ਪੂੰਗ, ਮੱਛੀ ਪੂੰਗ ਫਾਰਮ, ਪਿੰਡ ਬਾਗੜੀਆਂ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਤੋਂ ਉਪਲਬਧ ਕਰਵਾਇਆ ਗਿਆ। ਇਸ ਪਹਿਲ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਮੱਛੀ ਪਾਲਣ ਨੂੰ ਵਿਗਿਆਨਕ ਅਤੇ ਆਧੁਨਿਕ ਢੰਗ ਨਾਲ ਉਤਸ਼ਾਹਿਤ ਕਰਨਾ ਅਤੇ ਮੱਛੀ ਕਾਸ਼ਤਕਾਰਾਂ ਨੂੰ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਉਣਾ ਹੈ। ਆਤਮਾ ਸਕੀਮ ਤਹਿਤ ਚੁਣੇ ਗਏ ਮੱਛੀ ਕਾਸ਼ਤਕਾਰਾਂ ਦੇ ਤਲਾਬਾਂ ਵਿੱਚ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ, ਜਿਨ੍ਹਾਂ ਰਾਹੀਂ ਹੋਰ ਕਿਸਾਨਾਂ ਅਤੇ ਮੱਛੀ ਪਾਲਕਾਂ ਨੂੰ ਤਲਾਬ ਪ੍ਰਬੰਧਨ, ਮੱਛੀਆਂ ਦੀ ਖੁਰਾਕ, ਪਾਣੀ ਦੀ ਗੁਣਵੱਤਾ ਅਤੇ ਉਤਪਾਦਨ ਵਧਾਉਣ ਸਬੰਧੀ ਵਿਗਿਆਨਕ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦਿਆਂ ਨੂੰ ਅਪਣਾ ਕੇ ਆਪਣੀ ਆਮਦਨ ਦੇ ਸਰੋਤਾਂ ਵਿੱਚ ਵਾਧਾ ਕਰਨ ਅਤੇ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਤਕਨੀਕੀ ਤੇ ਵਿੱਤੀ ਸਹਾਇਤਾ ਦਾ ਲਾਭ ਉਠਾਉਣ।