ਸਾਹਿਬਜ਼ਾਦਾ ਅਜੀਤ ਸਿੰਘ ਨਗਰ : ‘ਖੇਡਾਂ ਵਤਨ ਪੰਜਾਬ ਦੀਆਂ—ਸੀਜ਼ਨ-4’ ਦੀ ਮਸ਼ਾਲ ਮਾਰਚ ਦਾ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਤੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਪ੍ਰਵੇਸ਼ ਕਰਨ ’ਤੇ ਅੱਜ ਨਿੱਘਾ ਅਤੇ ਜੋਸ਼ ਭਰਪੂਰ ਸਵਾਗਤ ਕੀਤਾ ਗਿਆ। ਮਸ਼ਾਲ ਮਾਰਚ ਸੈਕਟਰ 78, ਮੋਹਾਲੀ ਸਥਿਤ ਸਪੋਰਟਸ ਕੰਪਲੈਕਸ ਵਿਖੇ ਪਹੁੰਚਿਆ, ਜਿੱਥੇ ਖੇਡ ਭਾਵਨਾ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਸ. ਮਲਵਿੰਦਰ ਸਿੰਘ ਕੰਗ, ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ, ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ, ਸਾਲ 2016 ਦੀ ਜੂਨੀਅਰ ਹਾਕੀ ਵਿਸ਼ਵ ਕੱਪ ਜੇਤੂ ਭਾਰਤੀ ਟੀਮ ਦੇ ਕਪਤਾਨ ਸ. ਹਰਜੀਤ ਸਿੰਘ ਤੁਲੀ ਅਤੇ ਦਰੋਣਾਚਾਰੀਆ ਐਵਾਰਡੀ ਸ. ਜੀਵਨਜੋਤ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਮਸ਼ਾਲ ਮਾਰਚ ਦੀ ਜ਼ਿਲ੍ਹੇ ਵਿੱਚ ਪੁੱਜਣ ਤੇ ਖੇਡ ਕੰਪਲੈਕਸ ਤੱਕ ਅਗਵਾਈ ਕੀਤੀ। ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਸ੍ਰੀਮਤੀ ਪ੍ਰਭਜੋਤ ਕੌਰ, ਜ਼ਿਲ੍ਹਾ ਵਪਾਰ ਕਮਿਸ਼ਨ ਦੇ ਚੇਅਰਮੈਨ ਸ. ਰਣਜੀਤ ਪਾਲ ਸਿੰਘ, ਐਸ.ਡੀ.ਐਮ. ਮੋਹਾਲੀ ਸ੍ਰੀਮਤੀ ਦਮਨਦੀਪ ਕੌਰ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਉਮੇਸ਼ਵਰੀ ਸ਼ਰਮਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗਿੰਨੀ ਦੁੱਗਲ ਵੀ ਮਸ਼ਾਲ ਮਾਰਚ ਦੇ ਸਵਾਗਤ ਲਈ ਮੌਜੂਦ ਸਨ। ਸਮਾਗਮ ਦੌਰਾਨ ਖਿਡਾਰੀਆਂ, ਵਿਦਿਆਰਥੀਆਂ ਅਤੇ ਖੇਡ ਪ੍ਰੇਮੀਆਂ ਨੇ ਉਤਸ਼ਾਹ ਨਾਲ ਸ਼ਿਰਕਤ ਕੀਤੀ। ਉੱਭਰਦੇ ਜਿਮਨਾਸਟਿਕ ਖਿਡਾਰੀਆਂ ਅਤੇ ਭੰਗੜਾ ਟੀਮਾਂ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਵਿੱਚ ਹੋਰ ਵੀ ਜੋਸ਼ ਅਤੇ ਰੰਗ ਭਰ ਦਿੱਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਸ. ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਉੱਭਰਦੇ ਖਿਡਾਰੀਆਂ ਨੂੰ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰ ’ਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਮਜ਼ਬੂਤ ਮੰਚ ਪ੍ਰਦਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਨਕਦ ਇਨਾਮਾਂ, ਬਿਹਤਰ ਖੇਡ ਸਹੂਲਤਾਂ ਅਤੇ ਵੱਖ-ਵੱਖ ਪੱਧਰਾਂ ’ਤੇ ਮੁਕਾਬਲਾ ਕਰਨ ਦੇ ਮੌਕਿਆਂ ਨਾਲ ਨੌਜਵਾਨ ਖਿਡਾਰੀਆਂ ਦਾ ਹੌਸਲਾ ਵਧਿਆ ਹੈ। ਆਪਣੇ ਵਿਦਿਆਰਥੀ ਜੀਵਨ ਦੌਰਾਨ ਕੌਮੀ ਪੱਧਰ ’ਤੇ ਬਾਸਕਟਬਾਲ ਵਿੱਚ ਸੋਨ ਤਮਗਾ ਜਿੱਤਣ ਵਾਲੇ ਸ. ਕੰਗ ਨੇ ਕਿਹਾ ਕਿ ਸੀਜ਼ਨ-4 ਦੀ ਸ਼ੁਰੂਆਤ ਸੂਬਾ ਸਰਕਾਰ ਦੀ ਖੇਡਾਂ ਨੂੰ ਉਤਸ਼ਾਹਿਤ ਕਰਨ ਪ੍ਰਤੀ ਲਗਾਤਾਰ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ, ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵੱਲ ਲਗਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਵਿਰਾਸਤ ਹੈ ਅਤੇ ਸੂਬੇ ਦੇ ਖਿਡਾਰੀਆਂ ਨੇ ਹਾਕੀ, ਪੁਰਸ਼ ਅਤੇ ਮਹਿਲਾ ਕ੍ਰਿਕਟ ਅਤੇ ਬਾਸਕਟਬਾਲ ਸਮੇਤ ਵੱਖ-ਵੱਖ ਖੇਡਾਂ ਵਿੱਚ ਦੇਸ਼ ਦੀ ਨੁਮਾਇੰਦਗੀ ਕਰਨ ਦੇ ਨਾਲ-ਨਾਲ ਕੌਮੀ ਟੀਮਾਂ ਦੀ ਅਗਵਾਈ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਖਿਡਾਰੀਆਂ ਨੂੰ ਰਾਜ, ਕੌਮੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਉੱਚਾ ਮੁਕਾਮ ਹਾਸਲ ਕਰਨ ਲਈ ਲੋੜੀਂਦਾ ਬੁਨਿਆਦੀ ਢਾਂਚਾ ਅਤੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਸ੍ਰੀਮਤੀ ਪ੍ਰਭਜੋਤ ਕੌਰ ਅਤੇ ਜ਼ਿਲ੍ਹਾ ਵਪਾਰ ਕਮਿਸ਼ਨ ਦੇ ਚੇਅਰਮੈਨ ਸ. ਰਣਜੀਤ ਪਾਲ ਸਿੰਘ ਨੇ ਵੀ ਸਮਾਗਮ ਨੂੰ ਸੰਬੋਧਨ ਕਰਦਿਆਂ ਖਿਡਾਰੀਆਂ ਅਤੇ ਨੌਜਵਾਨਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ‘ਖੇਡਾਂ ਵਤਨ ਪੰਜਾਬ ਦੀਆਂ—ਸੀਜ਼ਨ-4’ ਦੇ ਮੁਕਾਬਲੇ ਵੱਖ-ਵੱਖ ਪੱਧਰਾਂ ’ਤੇ ਕਰਵਾਏ ਜਾਣਗੇ। ਬਲਾਕ ਪੱਧਰੀ ਮੁਕਾਬਲੇ 3 ਤੋਂ 15 ਸਤੰਬਰ, ਜ਼ਿਲ੍ਹਾ ਪੱਧਰੀ ਮੁਕਾਬਲੇ 20 ਤੋਂ 30 ਸਤੰਬਰ ਅਤੇ ਸੂਬਾ ਪੱਧਰੀ ਮੁਕਾਬਲੇ 10 ਅਕਤੂਬਰ ਤੋਂ 28 ਨਵੰਬਰ 2026 ਤੱਕ ਹੋਣਗੇ। ਮਸ਼ਾਲ ਮਾਰਚ ਦਾ ਉਦੇਸ਼ ਲੋਕਾਂ ਵਿੱਚ ਖੇਡਾਂ, ਤੰਦਰੁਸਤੀ, ਅਨੁਸ਼ਾਸਨ ਅਤੇ ਸਿਹਤਮੰਦ ਜੀਵਨ ਸ਼ੈਲੀ ਦਾ ਸੰਦੇਸ਼ ਪਹੁੰਚਾਉਣ ਦੇ ਨਾਲ-ਨਾਲ ਪੰਜਾਬ ਦੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਭਾਗ ਲੈਣ ਲਈ ਪ੍ਰੇਰਿਤ ਕਰਨਾ ਹੈ। ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਉਮੇਸ਼ਵਰੀ ਸ਼ਰਮਾ ਨੇ ਦੱਸਿਆ ਕਿ ਮਸ਼ਾਲ ਮਾਰਚ 19 ਅਗਸਤ 2026 ਨੂੰ ਰੂਪਨਗਰ ਜ਼ਿਲ੍ਹੇ ਲਈ ਰਵਾਨਾ ਹੋਵੇਗੀ, ਜਿੱਥੇ ਇਹ ਖੇਡ ਭਾਵਨਾ, ਤੰਦਰੁਸਤੀ ਅਤੇ ਨੌਜਵਾਨਾਂ ਦੀ ਖੇਡਾਂ ਵਿੱਚ ਸਰਗਰਮ ਭਾਗੀਦਾਰੀ ਦਾ ਸੰਦੇਸ਼ ਅੱਗੇ ਲੈ ਕੇ ਜਾਵੇਗੀ।