ਖਨੌਰੀ : ਭਾਰਤ-ਅਮਰੀਕਾ ਟਰੇਡ ਡੀਲ ਦੇ ਵਿਰੋਧ ਵਿੱਚ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਦੇ ਜੱਥੇ ਨੂੰ ਖਨੌਰੀ ਬਾਰਡਰ ’ਤੇ ਹਰਿਆਣਾ ਪ੍ਰਸ਼ਾਸਨ ਵੱਲੋਂ ਰੋਕੇ ਜਾਣ ਦੇ ਵਿਰੋਧ ਵਿੱਚ ਕਿਸਾਨਾਂ ਦਾ ਧਰਨਾ ਤੀਜੇ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈੱਸ ਕਾਨਫਰੰਸ ਕਰਕੇ ਅਗਲੇ ਸੰਘਰਸ਼ ਦੀ ਰਣਨੀਤੀ ਦਾ ਐਲਾਨ ਕੀਤਾ। ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਜਾ ਰਿਹਾ ਹੈ, ਜਦਕਿ ਕਿਸਾਨ ਸੜਕ ਦੀ ਇੱਕ ਸਾਈਡ ਬੈਠੇ ਹਨ ਅਤੇ ਰਸਤੇ ਸਰਕਾਰ ਵੱਲੋਂ ਬੰਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਾ ਤਾਂ ਅੱਗੇ ਜਾਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਸਰਕਾਰ ਵੱਲੋਂ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਕੱਲ੍ਹ 19 ਅਗਸਤ ਨੂੰ ਵਜੇ 51 ਕਿਸਾਨ ਬੈਰੀਕੇਡਿੰਗ ਅਤੇ ਕੰਡਿਆਲੀਆਂ ਤਾਰਾਂ ਕੋਲ ਜਾ ਕੇ ਸਿਰਫ਼ ਕਮੀਜ਼ ਉਤਾਰ ਕੇ ਅੱਧ-ਨਗਨ ਹਾਲਤ ਵਿੱਚ ਰੋਸ ਪ੍ਰਦਰਸ਼ਨ ਕਰਨਗੇ। ਡੱਲੇਵਾਲ ਨੇ ਕਿਹਾ ਕਿ 20 ਅਗਸਤ ਨੂੰ ਦੇਸ਼ ਭਰ ਵਿੱਚ ਜ਼ਿਲ੍ਹਾ ਹੈੱਡਕੁਆਰਟਰਾਂ ਅਤੇ ਡੀਸੀ ਦਫ਼ਤਰਾਂ ਤੱਕ ਮਾਰਚ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਮਾਰਚ ਰਾਹੀਂ ਲੋਕਾਂ ਨੂੰ ਦੱਸਿਆ ਜਾਵੇਗਾ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਪੈਦਲ ਕਿਉਂ ਰੋਕਿਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਸਤੇ ਭਾਅ ਦੇ ਅਨਾਜ ਦਾ ਲਾਲਚ ਦੇ ਕੇ ਦੇਸ਼ ਦੀ ਖੇਤੀ ਅਤੇ ਜਨਤਾ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੇਸ਼ ਦੇ ਹਰ ਵਰਗ ਦੇ ਲੋਕਾਂ ਨੂੰ ਕਿਸਾਨਾਂ ਦੇ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।