ਜੰਡਿਆਲਾ ਗੁਰੂ/ਅੰਮ੍ਰਿਤਸਰ : ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਜੰਡਿਆਲਾ ਗੁਰੂ ਵਿਧਾਨ ਸਭਾ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਜੰਡਿਆਲਾ ਗੁਰੂ, ਸਰਕਾਰੀ ਹਾਈ ਸਕੂਲ ਟਾਂਗਰਾ ਅਤੇ ਸਰਕਾਰੀ ਹਾਈ ਸਕੂਲ ਮੇਹਰਬਾਨਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਕੂਲਾਂ ਵਿੱਚ ਅਧਿਆਪਕਾਂ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਸਕੂਲਾਂ ਦੀ ਕਾਰਗੁਜ਼ਾਰੀ ਸਬੰਧੀ ਗੱਲਬਾਤ ਕੀਤੀ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਕ੍ਰਾਂਤੀਕਾਰੀ ਸੁਧਾਰ ਕੀਤੇ ਗਏ ਹਨ, ਜਿਸ ਨਾਲ ਸਰਕਾਰੀ ਸਕੂਲਾਂ ਦੀ ਨੁਹਾਰ ਵਿੱਚ ਵੱਡਾ ਬਦਲਾਅ ਆਇਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੇ ਕੇਰਲ ਨੂੰ ਵੀ ਪਛਾੜ ਕੇ ਦੇਸ਼ ਦਾ ਪਹਿਲਾ ਸੂਬਾ ਬਣਨ ਦਾ ਮਾਣ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਉਪਲਬਧੀ ਮਿਹਨਤੀ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਸਿਰਫ਼ ਪੜ੍ਹਾਈ ਤੱਕ ਸੀਮਤ ਨਾ ਰੱਖਿਆ ਜਾਵੇ, ਸਗੋਂ ਉਨ੍ਹਾਂ ਨੂੰ ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਅਤੇ ਹੋਰ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚ ਵੀ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਿੱਖਿਆ ਦੇ ਨਾਲ-ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਵੀ ਬਹੁਤ ਮਹੱਤਵਪੂਰਨ ਹਨ। ਇਸ ਮੌਕੇ ਲੋਕ ਨਿਰਮਾਣ ਮੰਤਰੀ ਨੇ ਵਿਦਿਆਰਥੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਪੜ੍ਹਾਈ, ਸਕੂਲ ਵਿੱਚ ਉਪਲਬਧ ਸਹੂਲਤਾਂ ਅਤੇ ਹੋਰ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਦੇ ਨਾਲ-ਨਾਲ ਆਪਣੇ ਅੰਦਰ ਆਤਮ-ਵਿਸ਼ਵਾਸ ਪੈਦਾ ਕਰਨ ਅਤੇ ਆਪਣੀਆਂ ਰੁਚੀਆਂ ਅਨੁਸਾਰ ਖੇਡਾਂ ਤੇ ਹੋਰ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਉਨ੍ਹਾਂ ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਿਸ਼ੇਸ਼ ਤਵੱਜੋ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਲੋੜੀਂਦੇ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਵਿੱਚ ਲਗਾਤਾਰ ਸੁਧਾਰ ਕੀਤਾ ਜਾ ਰਿਹਾ ਹੈ, ਜਿਸ ਨਾਲ ਹਲਕੇ ਦੇ ਸਕੂਲ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਅਤੇ ਸੁਵਿਧਾਵਾਂ ਪ੍ਰਦਾਨ ਕਰਨ ਦੇ ਸਮਰੱਥ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਹਰ ਬੱਚੇ ਨੂੰ ਮਿਆਰੀ ਸਿੱਖਿਆ ਲਈ ਬਿਹਤਰ ਮੌਕੇ ਪ੍ਰਦਾਨ ਕਰਨਾ ਹੈ ਅਤੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਕੇ ਵਿਦਿਆਰਥੀਆਂ ਨੂੰ ਇੱਕ ਸੁਚੱਜਾ ਅਤੇ ਵਧੀਆ ਸਿੱਖਿਆ ਮਾਹੌਲ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਅਧਿਆਪਕਾਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਸਮਰਪਣ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਅਧਿਆਪਕਾਂ ਦੀ ਮਿਹਨਤ ਨਾਲ ਹੀ ਵਿਦਿਆਰਥੀਆਂ ਦਾ ਭਵਿੱਖ ਹੋਰ ਮਜ਼ਬੂਤ ਬਣਾਇਆ ਜਾ ਸਕਦਾ ਹੈ।