ਦੇਵੀਗੜ੍ਹ : ਕੌਮੀ ਇੰਨਸਾਫ਼ ਮੋਰਚੇ ਵੱਲੋਂ 21 ਅਗਸਤ 2026 ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਬੰਦ ਦਾ ਮੁੱਖ ਮਕਸਦ ਉਨ੍ਹਾਂ ਸਿੱਖ ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰ 'ਤੇ ਦਬਾਅ ਬਣਾਉਣਾ ਹੈ, ਜੋ ਲੰਬੇ ਸਮੇਂ ਤੋਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਨ ਅਤੇ ਜਿਨ੍ਹਾਂ ਨੂੰ ਅਜੇ ਤੱਕ ਰਿਹਾ ਨਹੀਂ ਕੀਤਾ ਗਿਆ। ਕੌਮੀ ਇੰਨਸਾਫ਼ ਮੋਰਚੇ ਦੇ ਆਗੂਆਂ ਨੇ ਇਹ ਐਲਾਨ ਕੀਤਾ ਕਿ 21 ਅਗਸਤ ਨੂੰ ਪੰਜਾਬ ਵਿੱਚ ਪੂਰਨ ਬੰਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਬੰਦੀ ਸਿੰਘਾਂ ਦੇ ਮੁੱਦੇ 'ਤੇ ਗੰਭੀਰ ਨਹੀਂ ਹੈ ਅਤੇ ਇਸ ਲਈ ਲੋਕਾਂ ਨੂੰ ਸੜਕਾਂ 'ਤੇ ਉਤਰਨਾ ਪਵੇਗਾ। ਮੋਰਚੇ ਨੇ ਸਾਰੇ ਵਪਾਰਕ, ਸਮਾਜਿਕ ਅਤੇ ਧਾਰਮਿਕ ਸੰਗਠਨਾਂ ਤੋਂ ਇਸ ਬੰਦ ਨੂੰ ਸਫਲ ਬਣਾਉਣ ਲਈ ਸਹਿਯੋਗ ਦੀ ਅਪੀਲ ਕੀਤੀ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਹਲਕਾ ਸਨੌਰ ਤੋਂ ਆਗੂ ਭੁਪਿੰਦਰ ਸਿੰਘ ਮਸੀਂਗਣ ਨੇ ਵੀ ਕੌਮੀ ਇੰਨਸਾਫ਼ ਮੋਰਚੇ ਦੇ ਸੱਦੇ ਦਾ ਸਮਰਥਨ ਕੀਤਾ। ਉਨ੍ਹਾਂ ਹਲਕਾ ਸਨੌਰ ਦੇ ਲੋਕਾਂ ਅਤੇ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 21 ਅਗਸਤ ਨੂੰ ਬੰਦ ਨੂੰ ਪੂਰਨ ਸਹਿਯੋਗ ਦੇਣ ਅਤੇ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ। ਇਸ ਤੋਂ ਪਹਿਲਾਂ ਵੀ ਕੌਮੀ ਇੰਨਸਾਫ਼ ਮੋਰਚੇ ਵੱਲੋਂ ਕਈ ਵਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕੀਤਾ ਜਾ ਚੁੱਕਾ ਹੈ। ਭੁਪਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 21 ਅਗਸਤ ਨੂੰ ਆਪਣੇ ਕੰਮ-ਕਾਜ ਬੰਦ ਰੱਖ ਕੇ ਇਸ ਮੁਹਿੰਮ ਵਿੱਚ ਸ਼ਾਮਲ ਹੋਣ। ਮੋਰਚੇ ਨੇ ਸਪੱਸ਼ਟ ਕੀਤਾ ਕਿ ਇਹ ਬੰਦ ਪੂਰਨ ਤੌਰ 'ਤੇ ਸ਼ਾਂਤਮਈ ਹੋਵੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਹਿੰਸਾ ਤੋਂ ਬਚਿਆ ਜਾਵੇਗਾ।