ਖਨੌਰੀ : 16 ਅਗਸਤ ਤੋਂ ਸ਼ੁਰੂ ਹੋਈ ਕਿਸਾਨਾਂ ਦੀ ਸ਼ਾਂਤਮਈ ਪੈਦਲ ਯਾਤਰਾ ਨੂੰ ਖਨੌਰੀ ਬਾਰਡਰ ਤੇ ਹਰਿਆਣਾ ਪ੍ਰਸ਼ਾਸਨ ਵੱਲੋਂ ਬੈਰੀਕੇਡ ਕਰਕੇ ਰੋਕੇ ਜਾਣ ਦੇ ਮੱਦੇਨਜ਼ਰ ਸਰਕਾਰ ਵੱਲੋਂ ਕਿਸਾਨ ਆਗੂਆਂ ਨਾਲ ਮੁੜ ਗੱਲਬਾਤ ਦਾ ਰਾਹ ਖੋਲ੍ਹਿਆ ਗਿਆ ਹੈ। ਕਿਸਾਨ ਆਗੂਆਂ ਅਨੁਸਾਰ ਹਰਿਆਣਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਖਨੌਰੀ ਬਾਰਡਰ ’ਤੇ ਪਹੁੰਚ ਕੇ 4 ਸਤੰਬਰ ਨੂੰ ਮੀਟਿੰਗ ਕਰਵਾਉਣ ਸਬੰਧੀ ਜਾਣਕਾਰੀ ਦਿੱਤੀ ਹੈ। ਇਸ ਤੋਂ ਬਾਅਦ ਕਿਸਾਨਾਂ ਵੱਲੋਂ ਅੱਜ ਕੀਤੇ ਜਾਣ ਵਾਲੇ ਸਾਰੇ ਐਕਸ਼ਨ ਫਿਲਹਾਲ ਰੱਦ ਕਰ ਦਿੱਤੇ ਗਏ ਹਨ। ਤੇ ਉਧਰ ਹਰਿਆਣਾ ਪ੍ਰਸ਼ਾਸਨ ਵੱਲੋਂ ਬੈਰਿੰਕੇਟਿੰਗ ਕਰਕੇ ਬੰਦ ਕੀਤੇ ਗਏ ਮੁੱਖ ਸੰਗਰੂਰ ਦਿੱਲੀ ਮਾਰਗ ਨੂੰ ਖੋਲ ਦਿੱਤਾ ਹੈ ਅਤੇ ਆਉਣ ਤੇ ਜਾਣ ਵਾਲੀ ਟਰੈਫਿਕ ਇਸ ਰਸਤੇ ਤੋਂ ਲੰਘਣੀ ਸ਼ੁਰੂ ਹੋ ਗਈ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ਦੀ ਸ਼ਾਂਤਮਈ ਪੈਦਲ ਯਾਤਰਾ ਨੇ ਸਰਕਾਰ ਨੂੰ ਮੁੜ ਗੱਲਬਾਤ ਦੀ ਮੇਜ਼ ’ਤੇ ਆਉਣ ਲਈ ਮਜਬੂਰ ਕੀਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸਾਨ ਆਪਣੀਆਂ ਮੰਗਾਂ ਤੋਂ ਪਿੱਛੇ ਨਹੀਂ ਹਟੇ ਅਤੇ ਅੰਦੋਲਨ ਲਗਾਤਾਰ ਜਾਰੀ ਰਹੇਗਾ। ਟਰੇਡ ਡੀਲ ਦੇ ਵਿਰੋਧ ਵਿੱਚ ਵੀ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਦੇਸ਼ ਭਰ ਵਿੱਚ ਵੱਖ-ਵੱਖ ਥਾਵਾਂ ’ਤੇ ਕਿਸਾਨ ਮਹਾਪੰਚਾਇਤਾਂ ਕਰਵਾਉਣ ਦਾ ਵੀ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ 4 ਸਤੰਬਰ ਦੀ ਮੀਟਿੰਗ ਵਿੱਚ ਸਰਕਾਰ ਨਾਲ ਕਿਸਾਨਾਂ ਦੀਆਂ ਮੰਗਾਂ ਅਤੇ ਹੋਰ ਮੁੱਦਿਆਂ ’ਤੇ ਗੱਲਬਾਤ ਕੀਤੀ ਜਾਵੇਗੀ। ਮੀਟਿੰਗ ਦੇ ਨਤੀਜੇ ਅਤੇ ਸਰਕਾਰ ਦੇ ਰੁਖ ਦੇ ਆਧਾਰ ’ਤੇ ਅੰਦੋਲਨ ਦੀ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।